Site icon TV Punjab | Punjabi News Channel

ਜਵਾਹਰ ਨਵੋਦਿਆ ਵਿਦਿਆਲਿਆ ਵਿਖੇ 6ਵੀਂ ਅਤੇ 9ਵੀਂ ਜਮਾਤ ਦੇ ਦਾਖ਼ਲਾ ਟੈਸਟ ਲਈ ਰਜਿਸਟਰੇਸ਼ਨ ਸ਼ੁਰੂ

ਜਲੰਧਰ : ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਜਵਾਹਰ ਨਵੋਦਿਆ ਵਿਦਿਆਲਿਆ ਵਿਖੇ ਸੈਸ਼ਨ 2022-23 ਲਈ ਨੌਵੀਂ ਅਤੇ ਛੇਵੀਂ ਜਮਾਤ ਵਿਚ ਵਿਦਿਆਰਥੀਆਂ ਦੇ ਦਾਖ਼ਲੇ ਲਈ ਕ੍ਰਮਵਾਰ 9 ਅਪ੍ਰੈਲ 2022 ਅਤੇ 30 ਅਪ੍ਰੈਲ 2022 ਨੂੰ ਲਏ ਜਾ ਰਹੇ ਟੈਸਟ ਲਈ ਵਿਦਿਆਰਥੀਆਂ ਦੀ ਆਨਲਾਈਨ ਰਜਿਸਟਰੇਸ਼ਨ ਸ਼ੁਰੂ ਹੋ ਗਈ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨੌਵੀਂ ਜਮਾਤ ਵਿੱਚ ਦਾਖ਼ਲੇ ਲਈ ਟੈਸਟ ਵਾਸਤੇ ਆਨਲਾਈਨ ਰਜਿਸਟਰੇਸ਼ਨ ਦੀ ਆਖਿਰੀ ਮਿਤੀ 31 ਅਕਤੂਬਰ 2021 ਹੈ ਜਦਕਿ ਛੇਵੀਂ ਜਮਾਤ ਵਿੱਚ ਦਾਖ਼ਲੇ ਲਈ ਟੈਸਟ ਵਾਸਤੇ 30 ਨਵੰਬਰ 2021 ਤੱਕ ਆਨਲਾਈਨ ਰਜਿਸਟਰੇਸ਼ਨ ਕੀਤੀ ਜਾ ਸਕਦੀ ਹੈ।

ਉਨ੍ਹਾਂ ਦੱਸਿਆ ਕਿ ਦੋਵੇਂ ਕਲਾਸਾਂ ਸਬੰਧੀ ਦਾਖ਼ਲਾ ਟੈਸਟ ਲਈ ਰਜਿਸਟਰੇਸ਼ਨ ਆਨਲਾਈਨ ਪੋਰਟਲ ਰਾਹੀਂ ਕੀਤੀ ਜਾ ਰਹੀ ਹੈ, ਜਿਸ ਲਈ ਲਿੰਕ ਐਨਵੀਐਸ ਵੈਬਸਾਈਟ www.navodaya.gov.in ‘ਤੇ ਉਪਲਬਧ ਹੈ।

ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਨੂੰ ਦੋਵੇਂ ਕਲਾਸਾਂ ਲਈ ਰਜਿਸਟਰੇਸ਼ਨ ਪ੍ਰਕਿਰਿਆ ਵਿੱਚ ਸਹਿਯੋਗ ਦੇਣ ਲਈ ਕਿਹਾ।

ਡਿਪਟੀ ਕਮਿਸ਼ਨਰ, ਜੋ ਕਿ ਵਿਦਿਆਲਿਆ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਲੋਕਾਂ ਨੂੰ ਆਪਣੇ ਬੱਚਿਆਂ ਲਈ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣ ਦਾ ਸੱਦਾ ਦਿੱਤਾ ਕਿਉਂਕਿ ਜ਼ਿਲ੍ਹੇ ਦੇ ਪਿੰਡ ਤਲਵੰਡੀ ਮਾਧੋ ਵਿਖੇ ਸਹਿ ਸਿੱਖਿਆ ਵਾਲੇ ਇਸ ਸਕੂਲ ਵੱਲੋਂ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਸਕੂਲ ਵੱਲੋਂ ਵਿਦਿਆਰਥੀਆਂ ਨੂੰ ਮੁਫ਼ਤ ਮਿਆਰੀ ਸਿੱਖਿਆ ਅਤੇ ਆਉਣ-ਜਾਣ ਅਤੇ ਰਿਹਾਇਸ਼ ਦੀ ਸਹੂਲਤ ਮੁਹੱਈਆ ਕਰਵਾਉਣ ਤੋਂ ਇਲਾਵਾ ਬੱਚਿਆਂ ਦੇ ਸਰਵਪੱਖੀ ਵਿਕਾਸ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਂਦਾ ਹੈ।

ਟੀਵੀ ਪੰਜਾਬ ਬਿਊਰੋ

Exit mobile version