ਜਲੰਧਰ : ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਵੀਰਵਾਰ ਨੂੰ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤੱਕ ਝੋਨੇ ਦੀ ਖਰੀਦ ਲਈ 22.49 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਲੰਧਰ ਦੇ ਖ਼ਰੀਦ ਕੇਂਦਰਾਂ ਤੋਂ ਹੁਣ ਤੱਕ ਕੁੱਲ 26,962 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਅੱਗੇ ਦੱਸਿਆ ਕਿ 7 ਅਕਤੂਬਰ, 2021 ਤੱਕ ਜ਼ਿਲ੍ਹੇ ਦੇ ਸਮੁੱਚੇ 78 ਖਰੀਦ ਕੇਂਦਰਾਂ ਵਿਚ ਕੁੱਲ 27458 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ 26962 ਮੀਟ੍ਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਕਿਸਾਨਾਂ ਦੀ ਉਪਜ ਦੇ ਦਾਣੇ-ਦਾਣੇ ਦੀ ਖ਼ਰੀਦ ਕਰਨ ਦੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਝੋਨੇ ਦੀ ਨਿਰਵਿਘਨ ਖ਼ਰੀਦ, ਲਿਫ਼ਟਿੰਗ ਅਤੇ ਅਦਾਇਗੀ ਨੂੰ ਯਕੀਨੀ ਬਣਾਉਣ ਲਈ ਮੰਡੀਆਂ ਵਿਚ ਵਿਆਪਕ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਨੂੰ ਵੇਚਣ ਵਿਚ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਕਿਹਾ ਕਿ ਝੋਨੇ ਦੀ ਖ਼ਰੀਦ ਅਤੇ ਲਿਫ਼ਟਿੰਗ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਅਤੇ ਸੂਬਾ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਕਿਸਾਨਾਂ ਨੂੰ ਨਿਰਧਾਰਤ ਸਮੇਂ ਦੇ ਅੰਦਰ 22.49 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਇਸ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਖਰੀਦ ਏਜੰਸੀਆਂ ਦੇ ਮੁਖੀਆਂ ਨੂੰ ਜ਼ਿਲ੍ਹੇ ਦੀਆਂ ਮੰਡੀਆਂ ਵਿਚੋਂ ਝੋਨੇ ਦੀ ਖ਼ਰੀਦ ਅਤੇ ਲਿਫ਼ਟਿੰਗ ਦੀ ਪ੍ਰਕਿਰਿਆ ਵਿਚ ਹੋਰ ਤੇਜ਼ੀ ਲਿਆਉਣ ਦੀਆਂ ਹਦਾਇਤਾਂ ਵੀ ਦਿੱਤੀਆਂ ਗਈਆਂ।
ਉਨ੍ਹਾਂ ਕਿਹਾ ਕਿ ਇਸ ਕਾਰਜ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ । ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਹੂਲਤ ਲਈ ਉਨ੍ਹਾਂ ਦੀ ਉਪਜ ਦੀ ਜਲਦੀ ਤੋਂ ਜਲਦੀ ਖ਼ਰੀਦ ਅਤੇ ਲਿਫ਼ਟਿੰਗ ਹੋਣੀ ਚਾਹੀਦੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖਰੀਦ ਏਜੰਸੀਆਂ ਦੇ ਮੁਖੀਆਂ ਨੂੰ ਜ਼ਮੀਨੀ ਪੱਧਰ ‘ਤੇ ਸਮੁੱਚੀ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਰੋਜ਼ਾਨਾ ਮੰਡੀਆਂ ਦੇ ਦੌਰੇ ਕਰਨੇ ਚਾਹੀਦੇ ਹਨ ।
ਉਨ੍ਹਾਂ ਅਧਿਕਾਰੀਆਂ ਆਪਣੇ ਅਧਿਕਾਰ ਖੇਤਰ ਅਧੀਨ ਆਉਂਦੀਆਂ ਅਨਾਜ ਮੰਡੀਆਂ ਵਿੱਚ ਨਿਯਮਤ ਤੌਰ ‘ਤੇ ਦੌਰੇ ਕਰਨ ਅਤੇ ਨਿਯਮਤ ਨਿਗਰਾਨੀ ਲਈ ਰੋਜ਼ਾਨਾ ਰਿਪੋਰਟ ਉਨ੍ਹਾਂ ਨੂੰ ਸੌਂਪਣ ਲਈ ਵੀ ਕਿਹਾ।
ਸ਼੍ਰੀ ਥੋਰੀ ਨੇ ਅਧਿਕਾਰੀਆਂ ਨੂੰ ਬਾਰੀਕੀ ਨਾਲ ਖਰੀਦ ਕਾਰਜਾਂ ਦਾ ਨਿਰੀਖਣ ਕਰਨ ਲਈ ਕਿਹਾ ਤਾਂ ਜੋ ਨਾਲੋ-ਨਾਲ ਲਿਫ਼ਟਿੰਗ ਨੂੰ ਯਕੀਨੀ ਬਣਾਇਆ ਜਾ ਸਕੇ ਅਤੇ ਮੰਡੀਆਂ ਵਿੱਚ ਅਨਾਜ ਦਾ ਭੰਡਾਰ ਜਮ੍ਹਾ ਨਾ ਹੋਵੇ।
ਟੀਵੀ ਪੰਜਾਬ ਬਿਊਰੋ