ਕੁੱਝ ਘੰਟਿਆਂ ਦੀ ਹੜਤਾਲ ਬਾਅਦ ਕੰਮ ‘ਤੇ ਪਰਤੇ ਮਾਲ ਮੁਲਾਜ਼ਮ

ਡੈਸਕ- ਪੰਜਾਬ ਦੀਆਂ ਤਹਿਸੀਲਾਂ ਵਿੱਚ ਅੱਜ ਹੜਤਾਲ ਕਰਨ ਦਾ ਫੈਸਲਾ ਮਾਲ ਅਧਿਕਾਰੀਆਂ ਨੇ ਵਾਪਸ ਲੈ ਲਿਆ ਹੈ। ਉਨ੍ਹਾਂ ਨੇ ਸਕੱਤਰੇਤ ਵਿਖੇ ਵਿੱਤ ਕਮਿਸ਼ਨਰ ਕੇ.ਏ.ਪੀ. ਸਿਨਹਾ ਨਾਲ ਗੱਲਬਾਤ ਕਰਕੇ ਮੁੱਖ ਮੰਤਰੀ ਦੇ ਹੁਕਮਾਂ ‘ਤੇ ਹੜਤਾਲ ਖਤਮ ਕਰਨ ਦਾ ਫੈਸਲਾ ਲਿਆ ਹੈ। ਮੁੱਖ ਮੰਤਰੀ ਨੇ ਮੌੜ ਮੰਡੀ ਦੇ ਨਾਇਬ ਤਹਿਸੀਲਦਾਰ ਜਗਤਾਰ ਸਿੰਘ ਦੀ ਜਾਂਚ ਪੈਂਡਿੰਗ ਪਾ ਦਿੱਤੀ ਹੈ ਅਤੇ ਉਨ੍ਹਾਂ ਨੂੰ ਬਹਾਲ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ।

ਪੰਜਾਬ ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ ਦੇ ਪ੍ਰਧਾਨ ਗੁਰਦੇਵ ਸਿੰਘ ਧਮਾਣਾ ਨੇ ਦੱਸਿਆ ਕਿ ਅੱਜ ਸਮੂਹ ਮਾਲ ਅਫਸਰਾਂ ਵੱਲੋਂ ਸਮੂਹਿਕ ਛੁੱਟੀ ਲੈ ਕੇ ਜੋ ਹੜਤਾਲ ਰੱਖੀ ਗਈ ਸੀ, ਉਸ ਨੂੰ ਵਿੱਤ ਕਮਿਸ਼ਨਰ ਨਾਲ ਮੀਟਿੰਗ ਤੋਂ ਬਾਅਦ ਵਾਪਸ ਲੈ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਨਾਇਬ ਤਹਿਸੀਲਦਾਰ ਨੂੰ ਬਹਾਲ ਕਰਨ ਦੇ ਹੁਕਮ ਵੀ ਦਿੱਤੇ ਹਨ।

ਮਾਲ ਅਫਸਰਾਂ ਦੀ ਜਥੇਬੰਦੀ ਦੇ ਪ੍ਰਧਾਨ ਗੁਰਦੇਵ ਸਿੰਘ ਧਮਾਣਾ ਨੇ ਦੱਸਿਆ ਕਿ ਉਨ੍ਹਾਂ ਦੀ ਵਿੱਤ ਕਮਿਸ਼ਨਰ ਕੇਏਪੀ ਸਿਨਹਾ ਨਾਲ ਅੱਧਾ ਘੰਟਾ ਮੀਟਿੰਗ ਹੋਈ। ਮੀਟਿੰਗ ਵਿੱਚ ਪਰਸੋਨਲ ਵਿਭਾਗ ਦੇ ਅਧਿਕਾਰੀ ਕੁਮਾਰ ਰਾਹੁਲ ਵੀ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਵਿੱਤ ਕਮਿਸ਼ਨਰ ਨੇ ਭਰੋਸਾ ਦਿੱਤਾ ਹੈ ਕਿ ਉਹ ਬੁੱਧਵਾਰ ਤੱਕ ਪੂਰੇ ਮਾਮਲੇ ਦੀ ਜਾਂਚ ਮੁਕੰਮਲ ਕਰ ਲੈਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਉਨ੍ਹਾਂ ਨੂੰ 6 ਜੂਨ ਨੂੰ ਮੀਟਿੰਗ ਦਾ ਸਮਾਂ ਵੀ ਦਿੱਤਾ ਹੈ। ਇਸ ਮੀਟਿੰਗ ਵਿੱਚ ਮਾਲ ਵਿਭਾਗ ਦੇ ਮਸਲਿਆਂ ਨੂੰ ਮੁੱਖ ਮੰਤਰੀ ਨਾਲ ਵਿਚਾਰ ਕੇ ਹੱਲ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।

ਦੱਸ ਦੇਈਏ ਕਿ ਅੱਜ ਤਹਿਸੀਲਾਂ ਵਿੱਚ ਸਮੂਹ ਮਾਲ ਅਫਸਰਾਂ ਨੇ ਸਮੂਹਿਕ ਛੁੱਟੀ ਲੈ ਕੇ ਹੜਤਾਲ ’ਤੇ ਜਾਣ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਮਾਲ ਅਫ਼ਸਰ ਐਸੋਸੀਏਸ਼ਨ ਵੱਲੋਂ ਜ਼ਿਲ੍ਹਾ ਬਠਿੰਡਾ ਅਧੀਨ ਪੈਂਦੇ ਮੌੜ ਮੰਡੀ ਦੇ ਨਾਇਬ ਤਹਿਸੀਲਦਾਰ ਦੀ ਮੁਅੱਤਲੀ ਦੇ ਵਿਰੋਧ ਵਿੱਚ ਲਿਆ ਗਿਆ। ਐਸੋਸੀਏਸ਼ਨ ਨੇ ਸਰਕਾਰ ਅੱਗੇ ਮੰਗ ਰੱਖੀ ਸੀ ਕਿ ਮੌੜ ਮੰਡੀ ਦੇ ਨਾਇਬ ਤਹਿਸੀਲਦਾਰ ਜਗਤਾਰ ਸਿੰਘ ਨੂੰ ਬਹਾਲ ਕੀਤਾ ਜਾਵੇ।

ਬਠਿੰਡਾ ਜ਼ਿਲ੍ਹੇ ਦੀ ਮੌੜ ਮੰਡੀ ਤਹਿਸੀਲ ਵਿੱਚ ਤਾਇਨਾਤ ਨਾਇਬ ਤਹਿਸੀਲਦਾਰ ਕੋਲ ਇੱਕ ਵਿਅਕਤੀ ਰਜਿਸਟਰੀ ਕਰਵਾਉਣ ਲਈ ਆਇਆ। ਪਰ ਨਾਇਬ ਤਹਿਸੀਲਦਾਰ ਜਗਤਾਰ ਸਿੰਘ ਨੇ ਦਸਤਾਵੇਜ਼ ਨਾ ਹੋਣ ਕਾਰਨ ਰਜਿਸਟਰੀ ਕਰਨ ਤੋਂ ਇਨਕਾਰ ਕਰ ਦਿੱਤਾ। ਇਸ ਤੋਂ ਬਾਅਦ ਉਕਤ ਵਿਅਕਤੀ ਸੱਤਾਧਾਰੀ ਪਾਰਟੀ ਦੇ ਵਿਧਾਇਕ ਸੁਖਬੀਰ ਸਿੰਘ ਮਾਸਟਰਖਾਨਾ ਕੋਲ ਸ਼ਿਕਾਇਤ ਕਰਨ ਗਏ।

ਇਸ ’ਤੇ ਵਿਧਾਇਕ ਸੁਖਬੀਰ ਮਾਸਟਰਖਾਨਾ ਨੇ ਨਾਇਬ ਤਹਿਸੀਲਦਾਰ ਨੂੰ ਰਜਿਸਟਰੀ ਕਰਵਾਉਣ ਲਈ ਕਿਹਾ। ਪਰ ਨਾਇਬ ਤਹਿਸੀਲਦਾਰ ਨੇ ਕੋਈ ਵੀ ਗ਼ਲਤ ਕੰਮ ਕਰਨ ਲਈ ਸਾਫ਼ ਇਨਕਾਰ ਕਰ ਦਿੱਤਾ। ਇਸ ‘ਤੋਂ ਬਾਅਦ ਵਿਧਾਇਕ ਦੇ ਇਸ਼ਾਰੇ ’ਤੇ ਮੌੜ ਮੰਡੀ ਦੇ ਨਾਇਬ ਤਹਿਸੀਲਦਾਰ ਜਗਤਾਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ।

ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ ਦੇ ਜਨਰਲ ਸਕੱਤਰ ਵਿਜੇ ਬਹਿਲ ਨੇ ਕਿਹਾ ਹੈ ਕਿ ਅੱਜ ਦੀ ਮੀਟਿੰਗ ਵਿੱਚ ਫੈਸਲਾ ਕੀਤਾ ਜਾਵੇਗਾ ਕਿ ਹੜਤਾਲ ਨੂੰ ਅੱਗੇ ਵੀ ਜਾਰੀ ਰੱਖਿਆ ਜਾਵੇਗਾ ਜਾਂ ਖਤਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸਭ ਸਰਕਾਰ ‘ਤੇ ਨਿਰਭਰ ਕਰਦਾ ਹੈ। ਜੇਕਰ ਸਰਕਾਰ ਅੱਜ ਉਨ੍ਹਾਂ ਨੂੰ ਬਹਾਲ ਕਰਦੀ ਹੈ ਤਾਂ ਹੜਤਾਲ ਖ਼ਤਮ ਹੋ ਸਕਦੀ ਹੈ।