ਰੋਡਵੇਜ਼ ਮੁਲਾਜ਼ਮਾਂ ਦਾ ਸੂਬੇ ਭਰ ‘ਚ ਚੱਕਾ ਜਾਮ, ਨਿੱਜੀਕਰਨ ਦਾ ਕਰ ਰਹੇ ਵਿਰੋਧ

ਡੈਸਕ- ਪੰਜਾਬ ਰੋਡਵੇਜ਼ ਤੇ ਪੈਪਸੂ ਰੋਡਵੇਜ਼ ਟਰਾਂਸਪੋਰਟ ਕਾਰਪੋਰੇਸ਼ਨ (ਪੀਆਰਟੀਸੀ) ਵਰਕਰਜ਼ ਯੂਨੀਅਨ ਵੱਲੋਂ ਅੱਜ ਸੂਬੇ ਭਰ ਵਿੱਚ ਬੱਸਾਂ ਦਾ ਮੁਕੰਮਲ ਚੱਕਾ ਜਾਮ ਕੀਤਾ ਗਿਆ ਹੈ। ਇਸ ਕਾਰਨ ਸਵਾਰੀਆਂ ਨੂੰ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬ ਰੋਡਵੇਜ਼/ਪਨਬਸ/ ਪੀਆਰਟੀਸੀ ਕੰਟਰੈਕਟਰ ਵਰਕਰਜ਼ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਕੁਲਵੰਤ ਸਿੰਘ ਮਨੇਸ਼ ਨੇ ਕਿਹਾ ਕਿ ਸਰਕਾਰ ਵੱਲੋਂ ਪੀਆਰਟੀਸੀ ਵਿੱਚ ਕਿਲੋਮੀਟਰ ਸਕੀਮ ਬੱਸਾਂ ਦੇ ਟੈਂਡਰ ਕੱਢ ਕੇ ਵਿਭਾਗ ਦਾ ਨਿੱਜੀਕਰਨ ਕੀਤਾ ਜਾ ਰਿਹਾ ਹੈ, ਜਿਸ ਦਾ ਜਥੇਬੰਦੀ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ।

ਇਸ ਦੇ ਨਾਲ ਹੀ ਜਥੇਬੰਦੀ ਵੱਲੋਂ 28 ਜੂਨ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਦਾ ਮੁਕੰਮਲ ਘਿਰਾਓ ਕਰਨ ਦੀ ਚਿਤਾਵਨੀ ਵੀ ਦਿੱਤੀ ਗਈ ਹੈ। ਜਥੇਬੰਦੀ ਦੇ ਆਗੂ ਨੇ ਦੱਸਿਆ ਕਿ ਲਗਪਗ 2 ਸਾਲ ਤੋਂ ਪੰਜਾਬ ਸਰਕਾਰ ਕਿਲੋਮੀਟਰ ਸਕੀਮ ਵਾਲੀਆਂ ਬੱਸਾਂ ਪਾਉਣ ਦੀ ਤਿਆਰੀ ਕਰਦੀ ਆ ਰਹੀ ਹੈ, ਜਿਸ ਨੂੰ ਜਥੇਬੰਦਕ ਵਿਰੋਧ ਨਾਲ ਰੋਕਿਆ ਜਾ ਰਿਹਾ ਹੈ।ਹੁਣ ਭਗਵੰਤ ਮਾਨ ਦੀ ਸਰਕਾਰ ਵੀ ਅਕਾਲੀਆਂ ਅਤੇ ਕਾਂਗਰਸੀਆਂ ਵਾਂਗ ਕਿਲੋਮੀਟਰ ਵਾਲੀਆਂ ਬੱਸਾਂ ਸ਼ੁਰੂ ਕਰ ਕੇ ਕਾਰਪੋਰੇਸ਼ਨ ਨੂੰ ਨਿੱਜੀਕਰਨ ਵੱਲ ਤੋਰਨ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨਾ, ਨਵੇਂ ਭਰਤੀ ਹੋਏ ਅਤੇ ਬਹਾਲ ਹੋਏ ਵਰਕਰਾਂ ਦੀ ਤਨਖਾਹ ਵਿੱਚ 30 ਫੀਸਦ ਵਾਧਾ ਤੇ 5 ਫ਼ੀਸਦ ਇੰਕਰੀਮੈਂਟ ਹਰ ਸਾਲ ਲਾਗੂ ਕੀਤਾ ਜਾਵੇ ਅਤੇ ਨਾਜਾਇਜ਼ ਸ਼ਰਤਾਂ ਲਾ ਕੇ ਕੱਢੇ ਮੁਲਾਜ਼ਮਾਂ ਨੂੰ ਬਹਾਲ ਕੀਤਾ ਜਾਵੇ।