Site icon TV Punjab | Punjabi News Channel

ਸਕਾਲਰਸ਼ਿੱਪ ਘੁਟਾਲੇ ਦੇ ਵਿਰੋਧ ‘ਚ ‘ਆਪ’ ਵਲੋਂ ਪੰਜਾਬ ਭਰ ਵਿੱਚ ਰੋਸ ਪ੍ਰਦਰਸ਼ਨ

ਟੀਵੀ ਪੰਜਾਬ ਬਿਊਰੋ– ਦਲਿਤ ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਵਿਚ ਘੁਟਾਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਸੂਬੇ ਭਰ ਵਿਚ ਭੁੱਖ ਹੜਤਾਲ ਸ਼ੁਰੂ ਕੀਤੀ ਗਈ ਹੈ ਅਤੇ ਡਿਪਟੀ ਕਮਿਸ਼ਨਰਾਂ ਦੇ ਦਫ਼ਰਤਾਂ ਅੱਗੇ ਰੋਸ-ਪ੍ਰਦਰਸ਼ਨ ਕੀਤੇ ਗਏ ਹਨ।

ਇਸ ਘਪਲੇ ਸਬੰਧੀ ਬਿਆਨ ਜਾਰੀ ਕਰਦਿਆਂ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਾਰਟੀ ਦੇ ਐੱਸ.ਸੀ. ਵਿੰਗ ਵਲੋਂ ਜ਼ਿਲ੍ਹਾ ਪ੍ਰਧਾਨਾਂ ਦੀ ਅਗਵਾਈ ਵਿਚ ਸਾਰੇ ਜ਼ਿਲ੍ਹਿਆਂ ਵਿਚ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਭੁੱਖ ਹੜਤਾਲ ਅਤੇ ਰੋਸ-ਪ੍ਰਦਰਸ਼ਨ ਕੀਤਾ ਗਿਆ ਹੈ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਸਮਾਜ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਐੱਸ.ਸੀ ਐੱਸ.ਟੀ. ਐਕਟ ਅਧੀਨ ਮਾਮਲਾ ਦਰਜ ਕਰਨ ਦੀ ਮੰਗ ਸਬੰਧੀ ਵੱਡੀ ਗਿਣਤੀ ਵਿਚ ਆਪ ਆਗੂਆਂ ਅਤੇ ਵਰਕਰਾਂ ਨੇ ਵਿਰੋਧ ਪ੍ਰਦਰਸ਼ਨਾਂ ਵਿਚ ਸ਼ਮੂਲੀਅਤ ਕੀਤੀ ਅਤੇ ਕਾਂਗਰਸ ਸਰਕਾਰ ਖ਼ਿਲਾਫ਼ ਨਾਅਰੇਬਾਜੀ ਕੀਤੀ।

ਇਸ ਮੌਕੇ ਚੀਮਾ ਨੇ ਕਿਹਾ ਕਿ ਕੈ. ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਦੋ ਲੱਖ ਦਲਿਤ ਵਿਦਿਆਰਥੀਆਂ ਦੀ ਵਜ਼ੀਫ਼ਾ ਰਾਸ਼ੀ ਵਿਚ ਕਰੋੜਾਂ ਰੁਪਏ ਦਾ ਘੁਟਾਲਾ ਕੀਤਾ ਹੈ ਅਤੇ ਦਲਿਤ ਵਿਦਿਆਰਥੀਆਂ ਦਾ ਭਵਿੱਖ ਨਾਲ ਖਿਲਵਾੜ ਕੀਤਾ ਹੈ। ਉਨ੍ਹਾਂ ਕਿਹਾ ਕਿ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਸਾਧੂ ਸਿੰਘ ਧਰਮਸੋਤ ਦੇ ਖ਼ਿਲਾਫ਼ ਕੇਸ ਦਰਜ ਹੋਣ ਤੱਕ ਆਮ ਆਦਮੀ ਪਾਰਟੀ ਦਾ ਸੰਘਰਸ਼ ਜਾਰੀ ਰਹੇਗਾ।

ਚੀਮਾ ਨੇ ਦੱਸਿਆ ਕਿ ਪੋਸਟ ਮੈਟਿ੍ਰਕ ਸਕਾਲਰਸ਼ਿਪ ਘੁਟਾਲੇ ਬਾਰੇ ਸੀਨੀਅਰ ਆਈ.ਏ.ਐੱਸ. ਅਧਿਕਾਰੀ ਕਿਰਪਾ ਸ਼ੰਕਰ ਸਿਰੋਜ ਵਲੋਂ ਦਿੱਤੀ ਗਈ ਰਿਪੋਰਟ ਤੋਂ ਪਤਾ ਚੱਲਦਾ ਹੈ ਕਿ ਸਮਾਜ ਭਲਾਈ ਮੰਤਰੀ ਨੇ ਨਕਲੀ ਕਾਲਜਾਂ ਦੇ ਪ੍ਰਬੰਧਕਾਂ ਨੂੰ ਵਜ਼ੀਫੇ ਦੀ ਰਕਮ ਦਿੱਤੀ ਸੀ, ਜਿਸ ਕਰਕੇ ਨਿੱਜੀ ਕਾਲਜਾਂ ਨੂੰ ਫ਼ੀਸ ਦੀ ਰਕਮ ਨਹੀਂ ਮਿਲੀ ਅਤੇ ਲੱਖਾਂ ਵਿਦਿਆਰਥੀ ਪ੍ਰੀਖਿਆਵਾਂ ਦੇਣ ਤੋਂ ਰੋਕ ਦਿੱਤੇ ਗਏ। ਉਨ੍ਹਾਂ ਕਿਹਾ ਕਿ ਪਹਿਲਾਂ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ ਭਾਜਪਾ ਸਰਕਾਰ ਨੇ ਦਲਿਤਾਂ ਦੇ ਹੱਕਾਂ ’ਤੇ ਡਾਕਾ ਮਾਰਿਆ ਸੀ ਅਤੇ ਹੁਣ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦਲਿਤਾਂ ਹੱਕਾਂ ਨੂੰ ਲੁੱਟ ਰਹੀ ਹੈ।

ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਦਲਿਤ ਨੌਜਵਾਨਾਂ ਨੂੰ ਨੌਕਰੀਆਂ ਦੇਣ ਅਤੇ ਮੁਲਾਜ਼ਮਾਂ ਨੂੰ ਤਰੱਕੀਆਂ ਦੇਣ ਵਿਚ ਵੀ ਪੱਖਪਾਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਸਰਕਾਰ ਵਲੋਂ ਕੀਤੇ ਜ਼ੁਲਮਾਂ ਦਾ ਹਿਸਾਬ ਜ਼ਰੂਰ ਲੈਣਗੇ ਅਤੇ ਕੈਪਟਨ ਅਮਰਿੰਦਰ ਸਿੰਘ ਨੂੰ ਉਨ੍ਹਾਂ ਦੀਆਂ ਕੀਤੀਆਂ ਵਧੀਕੀਆਂ ਦਾ ਕਰਾਰਾ ਜਵਾਬ ਦੇਣਗੇ।

Exit mobile version