ਡੈਸਕ- ਨਾਰਨੌਲ ਦੇ ਕਨੀਨਾ ਨੇੜਲੇ ਪਿੰਡ ਉਨਹਾਨੀ ਕੇਲ ਬੱਚਿਆਂ ਨਾਲ ਭਰੀ ਸਕੂਲੀ ਬੱਸ ਪਲਟ ਗਈ। ਇਸ ਹਾਦਸੇ ਵਿੱਚ 6 ਬੱਚਿਆਂ ਦੀ ਮੌਤ ਦੀ ਅਸ਼ੰਕਾ ਹੈ। ਇਸ ਦੇ ਨਾਲ ਹੀ 15 ਬੱਚਿਆਂ ਦੇ ਜ਼ਖਮੀ ਹੋਣ ਦੀ ਖਬਰ ਹੈ। ਇਹ ਬੱਸ ਜੀਐਲ ਪਬਲਿਕ ਸਕੂਲ ਦੀ ਹੈ। ਹੈਰਾਨੀ ਦੀ ਗੱਲ ਹੈ ਕਿ ਅੱਜ ਸਰਕਾਰੀ ਛੁੱਟੀ ਵਾਲੇ ਦਿਨ ਵੀ ਸਕੂਲ ਲਾਇਆ ਜਾ ਰਿਹਾ ਸੀ।
ਜ਼ਖ਼ਮੀਆਂ ਨੂੰ ਤੁਰੰਤ ਨਿੱਜੀ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਸੂਚਨਾ ਤੋਂ ਬਾਅਦ ਪੁਲਿਸ ਅਤੇ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਵੀ ਮੌਕੇ ‘ਤੇ ਪਹੁੰਚ ਗਏ ਹਨ। ਹਾਦਸੇ ਦਾ ਕਾਰਨ ਓਵਰਟੇਕ ਦੱਸਿਆ ਜਾ ਰਿਹਾ ਹੈ। ਮਹਿੰਦਰਗੜ੍ਹ ਕਸਬੇ ਦੇ ਕਨੀਨਾ ਸਥਿਤ ਜੀਐਲ ਪਬਲਿਕ ਸਕੂਲ ਦੀ ਬੱਸ ਵੀਰਵਾਰ ਸਵੇਰੇ ਬੱਚਿਆਂ ਨੂੰ ਲੈ ਕੇ ਸਕੂਲ ਜਾ ਰਹੀ ਸੀ। ਇਸ ਦੌਰਾਨ ਪਿੰਡ ਉਨਹਾਨੀ ਨੇੜੇ ਓਵਰਟੇਕ ਕਰਦੇ ਸਮੇਂ ਸਕੂਲੀ ਬੱਸ ਅਚਾਨਕ ਪਲਟ ਗਈ। ਇਸ ਦੌਰਾਨ ਜ਼ਬਰਦਸਤ ਧਮਾਕਾ ਹੋਇਆ ਅਤੇ ਚੀਕ-ਚਿਹਾੜਾ ਪੈ ਗਿਆ।
ਇਕ ਚਸ਼ਮਦੀਦ ਦੇ ਮੁਤਾਬਕ ਹਾਦਸੇ ਦਾ ਸ਼ਿਕਾਰ ਹੋਈ ਸਕੂਲ ਬੱਸ ਦਾ ਡਰਾਈਵਰ ਸ਼ਰਾਬ ਦੇ ਨਸ਼ੇ ‘ਚ ਗੱਡੀ ਚਲਾ ਰਿਹਾ ਸੀ। ਲੋਕਾਂ ਦਾ ਕਹਿਣਾ ਹੈ ਕਿ ਬੱਸ ਬਹੁਤ ਤੇਜ਼ ਰਫਤਾਰ ਨਾਲ ਜਾ ਰਹੀ ਸੀ ਅਤੇ ਸੰਤੁਲਨ ਗੁਆਉਣ ਤੋਂ ਬਾਅਦ ਦਰੱਖਤ ਨਾਲ ਜਾ ਟਕਰਾਈ। ਇਸ ਕਾਰਨ ਵੱਡਾ ਹਾਦਸਾ ਵਾਪਰ ਗਿਆ ਅਤੇ ਕਈ ਬੱਚੇ ਗੰਭੀਰ ਜ਼ਖ਼ਮੀ ਹੋ ਗਏ।
ਪੁਲਿਸ ਵੱਲੋਂ ਪ੍ਰਾਪਤ ਜਾਣਕਾਰੀ ਅਨੁਸਾਰ ਬੱਸ ਵਿੱਚ ਕੁੱਲ 20-25 ਬੱਚੇ ਸਵਾਰ ਸਨ। ਜ਼ਖਮੀ ਬੱਚਿਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਮਾਮਲੇ ਦੀ ਜਾਂਚ ਅਜੇ ਜਾਰੀ ਹੈ, ਇਸ ਗੱਲ ਦੀ ਜਾਂਚ ਕੀਤੀ ਜਾਵੇਗੀ ਕਿ ਡਰਾਈਵਰ ਸੌਂ ਰਿਹਾ ਸੀ ਜਾਂ ਕੀ ਉਸ ਨੇ ਕੋਈ ਨਸ਼ਾ ਕੀਤਾ ਹੋਇਆ ਸੀ। ਉਸ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ। ਅੱਜ ਈਦ ਮੌਕੇ ਸਾਰੇ ਸਰਕਾਰੀ ਦਫ਼ਤਰਾਂ ਅਤੇ ਸਕੂਲਾਂ ਵਿੱਚ ਛੁੱਟੀਆਂ ਹਨ। ਉਸ ਤੋਂ ਬਾਵਜੂਦ ਵੀ ਪ੍ਰਾਈਵੇਟ ਸਕੂਲਾਂ ਨੇ ਛੁੱਟੀ ਦਾ ਐਲਾਨ ਨਹੀਂ ਕੀਤਾ।