ਗੁਰਮੀਤ ਰਾਮ ਰਹੀਮ ਖਿਲਾਫ ਹਾਈਕੋਰਟ ਪਹੁੰਚੀ SGPC, 7 ਨਵੰਬਰ ਨੂੰ ਹੋਵੇਗੀ ਸੁਣਵਾਈ

ਡੈਸਕ- ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੀਆਂ ਮੁਸ਼ਕਲਾਂ ਵਧੀਆਂ ਹਨ। ਰਾਮ ਰਹੀਮ ਨਾਲ ਸਬੰਧਤ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਮੁੜ ਵਿਚਾਰ ਪਟੀਸ਼ਨ ਦਾਇਰ ਕੀਤੀ ਹੈ। ਇਹ ਮਾਮਲਾ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਨਾਲ ਜੁੜਿਆ ਹੋਇਆ ਹੈ। ਇਸ ਵਿੱਚ ਸੈਸ਼ਨ ਜੱਜ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਗਈ ਸੀ। ਇਸ ਮਾਮਲੇ ਦੀ ਸੁਣਵਾਈ 7 ਨਵੰਬਰ ਨੂੰ ਹੋਵੇਗੀ।

ਇਸ ਤਰ੍ਹਾਂ ਸ਼ੁਰੂ ਹੋਇਆ ਵਿਵਾਦ
2007 ਵਿੱਚ, ਡੇਰਾ ਮੁਖੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਦਾ ਰੂਪ ਧਾਰਿਆ। ਜਿਸ ਤੋਂ ਬਾਅਦ ਇਹ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਪਹੁੰਚ ਗਿਆ। ਉਦੋਂ ਅਕਾਲ ਤਖ਼ਤ ਨੇ ਡੇਰਾ ਮੁਖੀ ਅਤੇ ਉਸ ਦੇ ਸਮਰਥਕਾਂ ਦਾ ਬਾਈਕਾਟ ਕਰਨ ਦਾ ਹੁਕਮ ਦਿੱਤਾ ਸੀ। ਉਸ ਸਮੇਂ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਭਾਵਨਾਵਾਂ ਭੜਕਾਉਣ ਸਬੰਧੀ ਪਟੀਸ਼ਨ ਦਾਇਰ ਕੀਤੀ ਸੀ।

2015 ਵਿੱਚ, ਬਠਿੰਡਾ ਜ਼ਿਲ੍ਹਾ ਅਦਾਲਤ ਨੇ ਸੰਮਨ (ਪਟੀਸ਼ਨ) ਨੂੰ ਰੱਦ ਕਰ ਦਿੱਤਾ ਸੀ। ਹੁਣ SGPC ਨੇ ਅਦਾਲਤ ‘ਚ ਪਾਈ ਪਟੀਸ਼ਨ ‘ਚ ਕਿਹਾ ਹੈ ਕਿ ਜਦੋਂ ਸੰਮਨ ਰੱਦ ਹੋਏ ਤਾਂ ਰਾਮ ਰਹੀਮ ‘ਤੇ ਬਲਾਤਕਾਰ ਅਤੇ ਕਤਲ ਦਾ ਦੋਸ਼ ਨਹੀਂ ਸੀ। ਜਦੋਂਕਿ ਹੁਣ ਡੇਰਾ ਮੁਖੀ ਨੂੰ ਕਤਲ ਅਤੇ ਬਲਾਤਕਾਰ ਦੇ ਕੇਸਾਂ ਵਿੱਚ ਦੋਸ਼ੀ ਕਰਾਰ ਦਿੱਤਾ ਗਿਆ ਹੈ। ਅਜਿਹੇ ‘ਚ ਸੁਣਵਾਈ ਹੋਣੀ ਚਾਹੀਦੀ ਹੈ। ਅਦਾਲਤ ਨੇ ਇਸ ਮਾਮਲੇ ਵਿੱਚ ਅਜੇ ਤੱਕ ਕਿਸੇ ਨੂੰ ਨੋਟਿਸ ਜਾਰੀ ਨਹੀਂ ਕੀਤਾ ਹੈ। ਅਦਾਲਤ ਇਸ ਮਾਮਲੇ ਦੀ ਅਗਲੇ ਮਹੀਨੇ ਸੁਣਵਾਈ ਕਰੇਗੀ। ਇਸ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।