ਸ੍ਰੀ ਅਨੰਦਪੁਰ ਸਾਹਿਬ : ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਤੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਅਤੇ ਸਿੱਖ ਮਿਸ਼ਨਰੀ ਕਾਲਜ ਦੇ ਪ੍ਰਿੰਸੀਪਲ ਸੁਰਿੰਦਰ ਸਿੰਘ ਇਸ ਦੁਨੀਆਂ ‘ਚ ਨਹੀਂ ਰਹੇ। ਸੋਮਵਾਰ ਅੱਧੀ ਰਾਤ ਤਕਰੀਬਨ ਸਵਾ ਬਾਰਾਂ ਵਜੇ ਦਿਲ ਦੀ ਗਤੀ ਰੁਕ ਜਾਣ ਕਾਰਨ ਉਨ੍ਹਾਂ ਦਾ ਦਿਹਾਂਤ ਹੋ ਗਿਆ। ਉਹ 66 ਸਾਲਾਂ ਦੇ ਸਨ ਤੇ ਕੁਝ ਸਾਲ ਪਹਿਲਾਂ ਉਨ੍ਹਾਂ ਨੇ ਗੁਰਦਿਆਂ ਦੀ ਬਿਮਾਰੀ ਕਾਰਨ ਗੁਰਦੇ ਤਬਦੀਲ ਕਰਵਾਏ ਸਨ। ਪ੍ਰਿੰਸੀਪਲ ਸੁਰਿੰਦਰ ਸਿੰਘ ਦੇ ਮ੍ਰਿਤਕ ਸਰੀਰ ਨੂੰ ਸਵੇਰੇ 8 ਵਜੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਦੀਵਾਨ ਹਾਲ ਵਿਖੇ ਰੱਖਿਆ ਜਿੱਥੇ ਸੰਗਤਾਂ ਸ਼ਰਧਾ ਦੇ ਫੁੱਲ ਭੇਟ ਕਰਨਗੀਆਂ। ਉਪਰੰਤ ਸ਼ਾਮ 4 ਵਜੇ ਸਥਾਨਕ ਸ਼ਮਸ਼ਾਨਘਾਟ ਵਿਖੇ ਸਸਕਾਰ ਕੀਤਾ ਜਾਵੇਗਾ।
ਪ੍ਰਿੰਸੀਪਲ ਸੁਰਿੰਦਰ ਸਿੰਘ ਸਾਲ 2011 ਵਿਚ ਸ਼੍ਰੋਮਣੀ ਅਕਾਲੀ ਦਲ ਵਲੋਂ ਸ਼੍ਰੋਮਣੀ ਕਮੇਟੀ ਹਲਕਾ ਸ੍ਰੀ ਅਨੰਦਪੁਰ ਸਾਹਿਬ (ਦੋਹਰਾ) ਤੋਂ ਐਸ.ਸੀ. ਕੋਟੇ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਬਣੇ ਸਨ। ਉਹ 1973 ਤੋਂ ਗੁਰਮਤਿ ਦੇ ਪ੍ਰਚਾਰ ਪ੍ਰਸਾਰ ਦੀਆਂ ਸੇਵਾਵਾਂ ‘ਚ ਲੱਗੇ ਹੋਏ ਸਨ। ਉਨ੍ਹਾਂ ਲੰਬਾ ਸਮਾਂ ਨੇਤਰਹੀਣ ਗੁਰਮਤਿ ਸੰਗੀਤ ਅਕੈਡਮੀ ਸ੍ਰੀ ਅਨੰਦਪੁਰ ਸਾਹਿਬ ਵਿਚ ਵੀ ਸੇਵਾਵਾਂ ਨਿਭਾਈਆਂ। ਸਾਲ 1995 ਤੋਂ ਉਹ ਸਿੱਖ ਮਿਸ਼ਨਰੀ ਕਾਲਜ ਸ੍ਰੀ ਅਨੰਦਪੁਰ ਸਾਹਿਬ ਦੇ ਪ੍ਰਿੰਸੀਪਲ ਵੀ ਚਲੇ ਆ ਰਹੇ ਸਨ। ਉਨ੍ਹਾਂ ਦਾ ਧਰਮ ਪ੍ਰਚਾਰ ਦੇ ਖੇਤਰ ‘ਚ ਜੀਵਨ ਭਰ ਦਾ ਯੋਗਦਾਨ ਜ਼ਿਕਰਯੋਗ ਰਿਹਾ। ਉਹ ਆਪਣੇ ਪਿੱਛੇ ਧਰਮ ਪਤਨੀ, ਇਕ ਧੀ ਤੇ ਇਕ ਸਪੁੱਤਰ ਛੱਡ ਗਏ ਹਨ।