Site icon TV Punjab | Punjabi News Channel

ਸੂਚਨਾ ਤੇ ਪ੍ਰਸਾਰਣ ਮੰਤਰੀ ਨੂੰ ਮਿਲੀ ਸ਼੍ਰੌਮਣੀ ਕਮੇਟੀ, ਆਪਣੇ ਚੈਨਲ ਲਈ ਮੰਗੀ ਮੰਜ਼ੂਰੀ

ਡੈਸਕ- ਸ਼੍ਰੋਮਣੀ ਕਮੇਟੀ ਦੇ ਉੱਚ-ਪੱਧਰੀ ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਲਈ ਆਪਣਾ ਸੈਟੇਲਾਈਟ ਚੈਨਲ ਸਥਾਪਤ ਕਰਨ ਲਈ ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨਾਲ ਦਿੱਲੀ ਵਿੱਚ ਮੁਲਾਕਾਤ ਕੀਤੀ। ਵਫ਼ਦ ਨੇ ਸੈਟੇਲਾਈਟ ਚੈਨਲ ਦੀ ਸਥਾਪਨਾ ਲਈ ਲੋੜੀਂਦੀ ਪ੍ਰਵਾਨਗੀ ਮੰਗੀ। ਵਫ਼ਦ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਕੁਲਵੰਤ ਸਿੰਘ ਮੰਨਣ ਤੇ ਸਰਵਣ ਸਿੰਘ ਕੁਲਾਰ ਸ਼ਾਮਲ ਸਨ। ਇਸ ਮੌਕੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਮੌਜੂਦ ਸਨ।

ਇਸ ਮੌਕੇ ਧਾਮੀ ਨੇ ਕਿਹਾ ਕਿ ਉਹ ਯਤਨ ਕਰ ਰਹੇ ਹਨ ਕਿ ਆਪਣਾ ਚੈਨਲ ਸਥਾਪਤ ਹੋਣ ’ਤੇ ਦੂਰਦਰਸ਼ਨ ਦੀ ਫ੍ਰੀ ਡਿਸ਼ ’ਤੇ ਵੱਧ ਤੋਂ ਵੱਧ ਸੰਗਤ ਤੱਕ ਵੀ ਗੁਰਬਾਣੀ ਕੀਰਤਨ ਪਹੁੰਚੇ। ਇਸ ਭਾਵਨਾ ਨੂੰ ਕੇਂਦਰੀ ਮੰਤਰੀ ਨਾਲ ਸਾਂਝਾ ਕੀਤਾ ਗਿਆ ਹੈ ਤੇ ਉਨ੍ਹਾਂ ਨੇ ਸੰਜੀਦਾ ਗੌਰ ਕਰਦਿਆਂ ਕਾਰਵਾਈ ਅੱਗੇ ਵਧਾਉਣ ਦਾ ਭਰੋਸਾ ਦਿੱਤਾ ਹੈ।

ਦੱਸ ਦਈਏ ਕਿ ਸ੍ਰੀ ਹਰਿਮੰਦਰ ਸਾਹਿਬ ਵਿੱਚ ਹੁੰਦੇ ਗੁਰਬਾਣੀ ਕੀਰਤਨ ਦੇ ਸਿੱਧੇ ਪ੍ਰਸਾਰਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਆਪਣਾ ਵੈੱਬ ਚੈਨਲ ‘ਐਸਜੀਪੀਸੀ ਸ੍ਰੀ ਅੰਮ੍ਰਿਤਸਰ’ ਸ਼ੁਰੂ ਕੀਤਾ ਗਿਆ ਹੈ। ਇਸ ਨੂੰ ਸੰਗਤ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਸ੍ਰੀ ਹਰਿਮੰਦਰ ਸਾਹਿਬ ਵਿੱਚ ਹੁੰਦੇ ਗੁਰਬਾਣੀ ਕੀਰਤਨ ਦਾ ਸਿੱਧਾ ਪ੍ਰਸਾਰਨ ਤੜਕੇ ਸਾਢੇ ਤਿੰਨ ਵਜੇ ਤੋਂ 8:30 ਵਜੇ ਤੱਕ, ਦੁਪਹਿਰ ਸਾਢੇ 12 ਵਜੇ ਤੋਂ ਢਾਈ ਵਜੇ ਤੱਕ ਤੇ ਰਾਤ ਸਾਢੇ ਛੇ ਵਜੇ ਤੋਂ 8:30 ਵਜੇ ਤੱਕ ਕੀਤਾ ਜਾਂਦਾ ਹੈ।

Exit mobile version