ਜਲੰਧਰ : ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਬੰਦੀ ਸਿੰਘਾਂ ਦੀ ਰਿਹਾਈ, ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਅਤੇ ਸਾਥੀਆਂ ਖ਼ਿਲਾਫ਼ ਦਰਜ ਕੇਸ ਰੱਦ ਕਰਨ, ਉਨ੍ਹਾਂ ਦੀ ਰਿਹਾਈ ਅਤੇ ਹੋਰ ਮੰਗਾਂ ਨੂੰ ਲੈ ਕੇ ਸੋਮਵਾਰ ਨੂੰ ਪੰਜਾਬ ਵਿੱਚ ਰੇਲਾਂ ਰੋਕਣ ਦਾ ਐਲਾਨ ਕੀਤਾ ਹੈ। ਪਾਰਟੀ ਦੇ ਜਨਰਲ ਸਕੱਤਰ ਮਹਿੰਦਰਪਾਲ ਸਿੰਘ ਨੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਜਾਰੀ ਕਰਕੇ ਇਹ ਐਲਾਨ ਕੀਤਾ ਹੈ। ਜਿਸ ਅਨੁਸਾਰ 4 ਮਾਰਚ ਸੋਮਵਾਰ ਨੂੰ ਪੰਜਾਬ ਭਰ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਰੇਲ ਗੱਡੀਆਂ ਰੋਕੀਆਂ ਜਾਣਗੀਆਂ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਰੇਲ ਰੋਕੋ ਅੰਦੋਲਨ ਦੇ ਐਲਾਨ ਤੋਂ ਬਾਅਦ ਰੇਲਵੇ ਸੁਰੱਖਿਆ ਏਜੰਸੀਆਂ ਨੇ ਵੀ ਚੌਕਸੀ ਵਧਾ ਦਿੱਤੀ ਹੈ। ਵੀਡੀਓ ‘ਚ ਮਹਿੰਦਰਪਾਲ ਸਿੰਘ ਨੇ ਕਿਹਾ ਕਿ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ‘ਚ ਪੰਜਾਬ ‘ਚ ਵੱਖ-ਵੱਖ ਥਾਵਾਂ ‘ਤੇ ਰੇਲ ਪਟੜੀਆਂ ‘ਤੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ।
ਬੰਦੀ ਸਿੱਖਾਂ ਦੀ ਰਿਹਾਈ ਅਤੇ ਅੰਮ੍ਰਿਤਪਾਲ ਅਤੇ ਉਸਦੇ ਸਾਥੀਆਂ ਖਿਲਾਫ ਦਰਜ ਕੇਸ ਰੱਦ ਕਰਕੇ ਉਹਨਾਂ ਦੀ ਰਿਹਾਈ ਦੇ ਨਾਲ-ਨਾਲ ਕਿਸਾਨਾਂ ਦੀਆਂ ਮੰਗਾਂ ਵੀ ਤੁਰੰਤ ਪ੍ਰਵਾਨ ਕੀਤੀਆਂ ਜਾਣ ਅਤੇ ਉਹਨਾਂ ਦੇ ਸਾਰੇ ਮਸਲੇ ਹੱਲ ਕੀਤੇ ਜਾਣ। ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨ ਸ਼ੁਭਕਰਨ ਦੇ ਪਰਿਵਾਰ ਨੂੰ ਵੀ ਇਨਸਾਫ਼ ਦਿੱਤਾ ਜਾਵੇ। ਉਨ੍ਹਾਂ ਦੱਸਿਆ ਕਿ ਇਸ ਦੇ ਲਈ ਸਾਰੇ ਕਰਮਚਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ ਜੋ ਆਪਣੇ-ਆਪਣੇ ਖੇਤਰ ਵਿੱਚ ਰੇਲ ਗੱਡੀਆਂ ਨੂੰ ਰੋਕਣਗੇ।