Site icon TV Punjab | Punjabi News Channel

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਫੁੱਲਾਂ ਨਾਲ ਸਜਿਆ ਸ੍ਰੀ ਹਰਿਮੰਦਰ ਸਾਹਿਬ, ਵੱਡੀ ਗਿਣਤੀ ‘ਚ ਸ਼ਰਧਾਲੂ ਹੋ ਰਹੇ ਨਤਮਸਤਕ

ਅੰਮ੍ਰਿਤਸਰ – ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਮੌਕੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਰਹੇ ਹਨ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਨੂੰ ਫੁੱਲਾਂ ਨਾਲ ਸਜਾਇਆ ਗਿਆ ਹੈ। ਇਸ ਦੌਰਾਨ ਜਿੱਥੇ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਵਿੱਚ ਨਗਰ ਕੀਰਤਨ ਕੱਢਿਆ ਗਿਆ। ਉੱਥੇ ਹੀ ਦੂਜੇ ਪਾਸੇ ਹਰਿਮੰਦਰ ਸਾਹਿਬ ਵਿੱਚ ਜਲੋਅ ਵੀ ਸਜਾਏ ਗਏ ਹਨ।

ਇਸ ਦੌਰਾਨ SGPC ਵੱਲੋਂ ਸ੍ਰੀ ਪਟਨਾ ਸਾਹਿਬ, ਜਿੱਥੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜਨਮ ਹੋਇਆ ਸੀ ਵਿੱਚ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਹੈ। ਜਿੱਥੇ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਮੱਥਾ ਟੇਕਣ ਪਹੁੰਚ ਰਹੇ ਹਨ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਅਸਥਾਨ ਨੂੰ ਲਾਈਟਾਂ ਨਾਲ ਸਜਾਇਆ ਗਿਆ ਹੈ।

ਦੱਸ ਦੇਈਏ ਕਿ ਇਸ ਖਾਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਵੀ ਟਵਿੱਟਰ ‘ਤੇ ਸੰਗਤਾਂ ਨੂੰ ਵਧਾਈ ਦਿੱਤੀ। ਪੀਐੱਮ ਮੋਦੀ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ‘ਤੇ, ਉਨ੍ਹਾਂ ਨੂੰ ਮੈਂ ਪ੍ਰਣਾਮ ਕਰਦਾ ਹਾਂ ਅਤੇ ਮਾਨਵਤਾ ਦੀ ਸੇਵਾ ਲਈ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕਰਦਾ ਹਾਂ। ਉਨ੍ਹਾਂ ਦਾ ਬੇਮਿਸਾਲ ਸਾਹਸ ਆਉਣ ਵਾਲੇ ਵਰ੍ਹਿਆਂ ਤੱਕ ਲੋਕਾਂ ਨੂੰ ਪ੍ਰੇਰਿਤ ਕਰਦਾ ਰਹੇਗਾ।

Exit mobile version