ਚੰਡੀਗੜ੍ਹ : ਪ੍ਰਸਿੱਧ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਅੱਜ ਕਾਂਗਰਸ ਵਿਚ ਸ਼ਾਮਿਲ ਹੋ ਗਏ ਹਨ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਦੀ ਮੌਜ਼ੂਦਗੀ ‘ਚ ਸਿੱਧੂ ਮੂਸੇਵਾਲਾ ਕਾਂਗਰਸ ਵਿਚ ਸ਼ਾਮਿਲ ਹੋਏ।
ਸਿੱਧੂ ਮੂਸੇ ਵਾਲੇ ਨੇ ਕਿਹਾ ਕਿ ਉਹ ਕਿਸੇ ਰੁਤਬੇ ਖ਼ਾਤਰ ਸਿਆਸਤ ਵਿਚ ਨਹੀਂ ਆਇਆ। ਉਨ੍ਹਾਂ ਕਿਹਾ ਕਿ ਪੰਜਾਬ ਤਰੱਕੀ ਕਰ ਗਿਆ ਹੈ ਪਰ ਮਾਨਸਾ ਅੱਜ ਵੀ ਪਿਛੜਿਆ ਹੋਇਆ ਹੈ।
ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ‘ਤੇ ਗੰਨ ਕਲਚਰ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਅਸਲਾ ਐਕਟ ਤਹਿਤ ਵੀ ਕੇਸ ਦਰਜ ਹਨ। ਸਿੱਧੂ ਮੂਸੇ ਵਾਲਾ ਦਾ ਪਾਰਟੀ ਵਿਚ ਆਉਣ ’ਤੇ ਸਵਾਗਤ ਕਰਦੇ ਹੋਏ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਲਈ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਸਿੱਧੂ ਮੂਸੇਵਾਲਾ ਸਧਾਰਨ ਪਰਿਵਾਰਕ ਪਿਛੋਕੜ ਨਾਲ ਸਬੰਧਤ ਰੱਖਦੇ ਹਨ ਕਿਉਂ ਜੋ ਉਨ੍ਹਾਂ ਦੇ ਪਿਤਾ ਭੋਲਾ ਸਿੰਘ ਸਾਬਕਾ ਫੌਜੀ ਹਨ ਜਦਕਿ ਮਾਤਾ ਚਰਨ ਕੌਰ ਪਿੰਡ ਦੇ ਸਰਪੰਚ ਹਨ।
ਉਨ੍ਹਾਂ ਕਿਹਾ ਕਿ ਮੂਸੇਵਾਲਾ ਜੋ ਦੁਨੀਆਂ ਭਰ ਵਿਚ ਕਰੋੜਾਂ ਦੀ ਗਿਣਤੀ ’ਚ ਚਾਹੁਣ ਵਾਲਿਆਂ ਦੇ ਦਿਲਾਂ ਦੀ ਧੜਕਣ ਹਨ, ਪਾਰਟੀ ਲਈ ਵੱਡੀ ਤਾਕਤ ਸਾਬਤ ਹੋਣਗੇ ਕਿਉਂਕਿ ਉਹ ਜ਼ਮੀਨੀ ਪੱਧਰ ਉਤੇ ਜੁੜੇ ਹੋਏ ਇਨਸਾਨ ਹਨ।
ਉਨ੍ਹਾਂ ਕਿਹਾ ਕਿ ਸਿਆਸੀ ਪਿੜ ਵਿਚ ਦਾਖਲ ਤੋਂ ਬਾਅਦ ਮੂਸੇਵਾਲਾ ਆਪਣੀ ਨਵੀਂ ਜ਼ਿੰਮੇਵਾਰੀ ਰਾਹੀਂ ਲੋਕਾਂ ਦੀ ਸੇਵਾ ਵੀ ਉਸੇ ਜੋਸ਼ੋ-ਖਰੋਸ਼ ਨਾਲ ਕਰਨਗੇ, ਜਿਸ ਤਰ੍ਹਾਂ ਉਨ੍ਹਾਂ ਨੇ ਬਹੁਤ ਘਾਲਣਾ ਘਾਲ ਕੇ ਸੰਗੀਤ ਦੀ ਦੁਨੀਆ ਵਿਚ ਸ਼ੋਹਰਤ ਕਮਾਈ ਹੈ।
ਇਸ ਤੋਂ ਪਹਿਲਾਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਮੂਸੇਵਾਲਾ ਨੇ ਦੁਨੀਆ ਭਰ ਵਿਚ ਖਾਸ ਕਰਕੇ ਨੌਜਵਾਨਾਂ ਵਿਚ ਆਪਣੀ ਪ੍ਰਸਿੱਧੀ ਰਾਹੀਂ ਪੰਜਾਬੀ ਸੰਗੀਤ ‘ਚ ਨਵੇਂ ਕੀਰਤੀਮਾਨ ਸਥਾਪਤ ਕੀਤੇ ਹਨ।
ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪ੍ਰਸੰਸਕਾਂ ਦੀ ਬੇਸ਼ੁਮਾਰ ਗਿਣਤੀ ਨਾਲ ਸੰਗੀਤ ਦੇ ਅਨੰਤ ਹੁਨਰ ਨਾਲ ਮੂਸੇਵਾਲਾ ਆਪਣੇ ਮਾਪਿਆਂ ਦੇ ਰਸਤੇ ਉਤੇ ਚੱਲਦੇ ਹੋਏ ਮਨੁੱਖਤਾ ਦੀ ਤਨੋ-ਮਨੋ ਸੇਵਾ ਕਰਨਗੇ।
ਮੁੱਖ ਮੰਤਰੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਧੰਨਵਾਦ ਪ੍ਰਗਟਾਉਂਦੇ ਹੋਏ ਸਿੱਧੂ ਮੂਸੇਵਾਲਾ ਨੇ ਕਿਹਾ ਕਿ ਉਨ੍ਹਾਂ ਨੂੰ ਕਾਂਗਰਸ ਵਿਚ ਸ਼ਾਮਲ ਹੋ ਕੇ ਖੁਸ਼ੀ ਹੋਈ ਹੈ ਕਿਉਂਕਿ ਸਿਰਫ ਇਹੀ ਸਿਆਸੀ ਪਾਰਟੀ ਹੈ ਜਿੱਥੇ ਸਮਾਜ ਦੀ ਸੇਵਾ ਕਰਨ ਲਈ ਵਿਸ਼ੇਸ਼ ਤੌਰ ਉਤੇ ਨਿਮਾਣੇ ਜਿਹੇ ਪਿਛੋਕੜ ਵਾਲੇ ਸਧਾਰਨ ਲੋਕਾਂ ਨੂੰ ਢੁਕਵਾਂ ਮੰਚ ਪ੍ਰਦਾਨ ਕੀਤਾ ਜਾਂਦਾ ਹੈ।
ਇਸ ਮੌਕੇ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ, ਕੈਬਨਿਟ ਮੰਤਰੀ ਅਰੁਣਾ ਚੌਧਰੀ, ਰਾਜ ਕੁਮਾਰ ਵੇਰਕਾ ਤੇ ਅਮਰਿੰਦਰ ਸਿੰਘ ਰਾਜਾ ਵੜਿੰਗ, ਪੰਜਾਬ ਤਕਨੀਕੀ ਸਿੱਖਿਆ ਬੋਰਡ ਮਹਿੰਦਰ ਸਿੰਘ ਕੇਪੀ ਤੋਂ ਇਲਾਵਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ, ਬਰਿੰਦਰਮੀਤ ਸਿੰਘ ਪਾਹੜਾ ਅਤੇ ਪਿਰਮਲ ਸਿੰਘ ਹਾਜ਼ਰ ਸਨ।
ਸਿੱਧੂ ਮੂਸੇਵਾਲਾ ਦਿੱਲੀ ਰਵਾਨਾ
ਸਿੱਧੂ ਮੂਸੇਵਾਲਾ ਕਾਂਗਰਸ ’ਚ ਸ਼ਾਮਿਲ ਹੋਣ ਉਪਰੰਤ ਦਿੱਲੀ ਰਵਾਨਾ ਹੋ ਗਏ ਹਨ। ਉਹ ਸ਼ਾਮ 4 ਵਜੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨਾਲ ਮੀਟਿੰਗ ਕਰਨਗੇ। ਪ੍ਰਾਪਤ ਜਾਣਕਾਰੀ ਅਨੁਸਾਰ ਕਾਂਗਰਸ ਉਨ੍ਹਾਂ ਨੂੰ ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਵੱਡੀ ਜ਼ਿੰਮੇਵਾਰੀ ਦੇ ਸਕਦੀ ਹੈ।
ਟੀਵੀ ਪੰਜਾਬ ਬਿਊਰੋ