ਉੱਤਰਾਖੰਡ: ਉੱਤਰਾਖੰਡ ਦੇ ਕੇਦਾਰਨਾਥ ਧਾਮ ਵਿੱਚ ਅੱਜ ਸਵੇਰ ਤੋਂ ਲਗਾਤਾਰ ਬਰਫ਼ਬਾਰੀ ਹੋ ਰਹੀ ਹੈ। ਇਸ ਦੌਰਾਨ ਦਰਸ਼ਨਾਂ ਲਈ ਆਏ ਸ਼ਰਧਾਲੂਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਸ ਦੌਰਾਨ ਉੱਤਰਾਖੰਡ ਪੁਲਿਸ ਵੱਲੋਂ ਇਹ ਸਲਾਹ ਦਿੱਤੀ ਗਈ ਹੈ ਕਿ ਖ਼ਰਾਬ ਮੌਸਮ ਦੇ ਮੱਦੇਨਜ਼ਰ ਲੋਕ ਚੌਕਸ ਰਹਿਣ ਅਤੇ ਮੌਸਮ ਦੀ ਭਵਿੱਖਬਾਣੀ ਦੇ ਮੁਤਾਬਕ ਆਪਣੀ ਯਾਤਰਾ ਦੀ ਯੋਜਨਾ ਬਣਾਉਣ। ਤੁਸੀਂ ਐਮਰਜੈਂਸੀ ਮਦਦ ਲਈ 112 ‘ਤੇ ਸੰਪਰਕ ਕਰ ਸਕਦੇ ਹੋ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ 6 ਮਹੀਨਿਆਂ ਤੱਕ ਬੰਦ ਰਹਿਣ ਤੋਂ ਬਾਅਦ, ਉੱਤਰਾਖੰਡ ਦੇ ਉੱਪਰੀ ਗੜ੍ਹਵਾਲ ਹਿਮਾਲੀਅਨ ਖੇਤਰ ਵਿੱਚ ਸਥਿਤ ਕੇਦਾਰਨਾਥ ਧਾਮ ਦੇ ਪੋਰਟਲ ਨੂੰ ਮੰਗਲਵਾਰ ਨੂੰ ਸ਼ਰਧਾਲੂਆਂ ਦੇ ਦਰਸ਼ਨਾਂ ਲਈ ਖੋਲ੍ਹ ਦਿੱਤਾ ਗਿਆ ਸੀ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂ ‘ਤੇ ਸਭ ਤੋਂ ਪਹਿਲਾਂ ਪੂਜਾ ਅਰਚਨਾ ਕੀਤੀ ਗਈ। ਬਦਰੀਨਾਥ-ਕੇਦਾਰਨਾਥ ਮੰਦਿਰ ਕਮੇਟੀ ਦੇ ਪ੍ਰਧਾਨ ਅਜੇਂਦਰ ਅਜੈ ਨੇ ਦੱਸਿਆ ਕਿ ਕੇਦਾਰਨਾਥ ਮੰਦਰ ਦੇ ਮੁੱਖ ਪੁਜਾਰੀ ਰਾਵਲ ਭੀਮਾਸ਼ੰਕਰ ਲਿੰਗ ਸਮੇਤ ਹੋਰ ਪੁਜਾਰੀਆਂ ਅਤੇ ਧਰਮਾਚਾਰੀਆਂ ਵੱਲੋਂ ਵੈਦਿਕ ਜਾਪ ਦੌਰਾਨ ਵਿਸ਼ੇਸ਼ ਪ੍ਰਾਰਥਨਾ ਕਰਨ ਤੋਂ ਬਾਅਦ ਸਵੇਰੇ 6:20 ਵਜੇ ਮੰਦਰ ਦੇ ਦਰਵਾਜ਼ੇ ਸ਼ਰਧਾਲੂਆਂ ਲਈ ਖੋਲ੍ਹੇ ਗਏ।
ਉਨ੍ਹਾਂ ਦੱਸਿਆ ਕਿ ਮੰਦਰ ਵਿੱਚ ਪਹਿਲੀ ਪੂਜਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਮ ’ਤੇ ਲੋਕ ਭਲਾਈ ਲਈ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦੀ ਹਾਜ਼ਰੀ ਵਿੱਚ ਕੀਤੀ ਗਈ। ਧਾਮੀ ਨੇ ਭਗਵਾਨ ਸ਼ਿਵ ਦੀ ਪੂਜਾ ਕੀਤੀ ਅਤੇ ਦੇਸ਼ ਅਤੇ ਸੂਬੇ ਦੀ ਖੁਸ਼ਹਾਲੀ ਦੀ ਕਾਮਨਾ ਕੀਤੀ। ਉਨ੍ਹਾਂ ਬਾਬਾ ਕੇਦਾਰ ਦੇ ਦਰਸ਼ਨਾਂ ਲਈ ਆਈਆਂ ਸੰਗਤਾਂ ਨੂੰ ਜੀ ਆਇਆਂ ਕਹਿੰਦਿਆਂ ਮੰਦਰ ਪਰਿਸਰ ਵਿੱਚ ਰੱਖੇ ਭੰਡਾਰੇ ਦੇ ਪ੍ਰੋਗਰਾਮ ਵਿੱਚ ਵੀ ਸ਼ਿਰਕਤ ਕੀਤੀ।