ਫਰੀਦਕੋਟ : ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਵੱਲੋਂ 15 ਅਕਤੂਬਰ ਤਕ ਕੀਤੀ ਜਾਣ ਵਾਲੀ ਹੜਤਾਲ ਹੁਣ ਵਧਾ ਦਿੱਤੀ ਗਈ ਹੈ। ਇਹ ਹੜਤਾਲ 19 ਅਕਤੂਬਰ ਤਕ ਜਾਰੀ ਰਹੇਗੀ। ਇਸ ਕਾਰਨ ਆਗਾਮੀ ਹਫ਼ਤੇ ਸਰਕਾਰੀ ਦਫ਼ਤਰਾਂ ‘ਚ ਕੰਮਕਾਜ ਵੀ ਠੱਪ ਹੋ ਰਹੇਗਾ।
ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਤੇ ਜਨਰਲ ਸਕੱਤਰ ਬਲਬੀਰ ਸਿੰਘ ਨੇ ਦੱਸਿਆ ਕਿ ਸੂਬਾਈ ਕਮੇਟੀ ਵੱਲੋਂ ਲਏ ਫੈਸਲੇ ਅਨੁਸਾਰ 10 ਤੋਂ 15 ਅਕਤੂਬਰ ਤਕ ਕਲਮ ਛੋੜ ਹੜਤਾਲ ਕਰ ਕੇ ਸਰਕਾਰੀ ਦਫ਼ਤਰਾਂ ‘ਚ ਕੰਮਕਾਜ ਠੱਪ ਰੱਖਿਆ ਗਿਆ ਸੀ। ਪਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਮੰਨਣਾਂ ਤਾਂ ਦੂਰ ਸੂਬਾਈ ਕਮੇਟੀ ਨੂੰ ਮੀਟਿੰਗ ਦਾ ਸਮਾਂ ਵੀ ਨਹੀਂ ਦਿੱਤਾ ਤਾਂ ਯੂਨੀਅਨ ਦੀ ਚੱਲ ਰਹੀ ਹੜਤਾਲ ਨੂੰ ਹੋਰ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਯੂਨੀਅਨ ਵੱਲੋਂ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ, ਡੀਏ ਦੇ ਬਕਾਏ ਜਾਰੀ ਕਰਨ, ਪੇ-ਕਮਿਸ਼ਨ ਦੇ ਬਕਾਏ ਤੁਰੰਤ ਜਾਰੀ ਕਰਨ, ਸਟੈਨੋ ਕੇਡਰ ਦੀਆਂ ਤਰੱਕੀਆਂ ਸਮੇਤ ਹਰੇਕ ਕਾਡਰ ਦੀ ਤਰੱਕੀ, ਵਿਭਾਗ ‘ਚ ਖਾਲੀ ਪਈਆਂ ਅਸਾਮੀਆਂ ਦੀ ਭਰਤੀ ਕੀਤੇ ਜਾਣ ਸਮੇਤ ਹੋਰ ਮੰਗਾਂ ਨੂੰ ਲੈ ਕੇ ਵੀ ਹੜਤਾਲ ਕੀਤੀ ਜਾ ਰਹੀ ਹੈ।
ਇਸ ਹੜਤਾਲ ਕਾਰਨ 18 ਅਕਤੂਬਰ ਨੂੰ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦੀ ਕੋਠੀ ਦਾ ਵੀ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਚੇਅਰਮੈਨ ਤੇ ਮੁੱਖ ਬੁਲਾਰੇ ਗੁਰਨਾਮ ਸਿੰਘ ਵਿਰਕ, ਜ਼ਿਲ੍ਹਾ ਖ਼ਜ਼ਾਨਚੀ ਦੇਸ ਰਾਜ, ਸੀਨੀਅਰ ਮੀਤ ਪ੍ਰਧਾਨ ਸਰਬਜੀਤ ਸਿੰਘ ਤੇ ਹੋਰ ਅਧਿਕਾਰੀ ਹਾਜ਼ਰ ਸਨ |