ਡੈਸਕ- ਸ਼੍ਰੋਮਣੀ ਅਕਾਲੀ ਦਲ ਦੇ 103ਵੇਂ ਸਥਾਪਨਾ ਦਿਵਸ ਮੌਕੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਸਰਕਾਰ ਵੇਲੇ 2015 ਵਿੱਚ ਹੋਈ ਬੇਅਦਬੀ ਦੀ ਘਟਨਾ ਅਤੇ ਘਟਨਾ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਅਸਫਲ ਰਹਿਣ ਲਈ ਸਿੱਖ ਪੰਥ ਕੋਲੋਂ ਮੁਆਫੀ ਮੰਗੀ ਹੈ।
ਉਧਰ, ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਕਾਲਕਾ ਨੇ ਆਖਿਆ ਹੈ ਕਿ ਅੱਜ 8 ਸਾਲ ਬਾਅਦ ਹੀ ਮੁਆਫੀ ਦਾ ਖਿਆਲ ਆਇਆ ਹੈ। ਐਡੇ ਵੱਡੇ ਗੁਨਾਹ ਦੀ ਮੁਆਫੀ, ਉਹ ਵੀ 8 ਸਾਲਾਂ ਬਾਅਦ, ਗਲਤੀ ਦੀ ਮੁਆਫੀ ਹੋ ਸਕਦੀ ਹੈ, ਗੁਨਾਹ ਦੀ ਨਹੀਂ। ਇੰਨੀ ਵੱਡੀ ਮੁਆਫੀ, ਉਹ ਵੀ 8 ਸਾਲਾਂ ਬਾਅਦ। ਉਨ੍ਹਾਂ ਆਖਿਆ ਕਿ ਜੋ ਵੀ ਬਾਦਲ ਪਰਿਵਾਰ ਤੋਂ ਬਾਹਰ ਹੋ ਜਾਂਦਾ ਹੈ ਤਾਂ ਉਹ ਬਾਹਰੀ ਤਾਕਤ ਹੋ ਜਾਂਦਾ ਹੈ। ਜੋ ਕੋਈ ਹੋਰ ਕਮੇਟੀ ਚਲਾਉਂਦਾ ਹੈ ਤਾਂ ਉਹ ਗੈਰ ਪੰਥਕ ਹੋ ਜਾਂਦਾ ਹੈ।
ਦੱਸ ਦਈਏ ਕਿ ਸੁਖਬੀਰ ਸਿੰਘ ਬਾਦਲ ਨੇ ਆਖਿਆ ਕਿ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਰਹੇ ਪ੍ਰਕਾਸ਼ ਸਿੰਘ ਬਾਦਲ ਨੂੰ ਆਖਰੀ ਸਮੇਂ ਤੱਕ ਇਸ ਗੱਲ ਦਾ ਦੁੱਖ ਰਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਵੇਲੇ ਹੋਈ ਬੇਅਦਬੀ ਦੇ ਦੋਸ਼ੀਆਂ ਨੂੰ ਉਹ ਗ੍ਰਿਫਤਾਰ ਨਹੀਂ ਕਰ ਸਕੇ।
ਪੰਥਕ ਸਰਕਾਰ ਦੇ ਵੇਲੇ ਵਾਪਰੀ ਇਹ ਘਟਨਾ ਅਤੀ ਦੁਖਦਾਈ ਸੀ। ਉਨ੍ਹਾਂ ਖੁਲਾਸਾ ਕੀਤਾ ਕਿ ਉਸ ਵੇਲੇ ਪਏ ਦਬਾਅ ਕਾਰਨ ਅਕਾਲੀ ਸਰਕਾਰ ਵੱਲੋਂ ਇਸ ਮਾਮਲੇ ਦੀ ਜਾਂਚ ਸੀਬੀਆਈ ਨੂੰ ਦੇ ਦਿੱਤੀ ਗਈ ਸੀ। ਉਸ ਤੋਂ ਬਾਅਦ ਆਈਆਂ ਹੁਣ ਤੱਕ ਦੀਆਂ ਸਰਕਾਰਾਂ ਵੀ ਬੇਅਦਬੀ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕਰ ਸਕੀਆਂ ਹਨ।
ਇਸ ਲਈ ਸਮੁੱਚੇ ਪੰਥ ਕੋਲੋਂ ਮੁਆਫੀ ਮੰਗਦਿਆਂ ਉਨ੍ਹਾਂ ਵਾਅਦਾ ਕੀਤਾ ਕਿ ਜੇ ਮੁੜ ਮੌਕਾ ਮਿਲਿਆ ਤਾਂ ਅਕਾਲੀ ਦਲ ਇਸ ਘਟਨਾ ਦੇ ਦੋਸ਼ੀਆਂ ਨੂੰ ਨਾ ਸਿਰਫ ਗ੍ਰਿਫਤਾਰ ਕਰੇਗਾ ਸਗੋਂ ਇਸ ਮੁੱਦੇ ’ਤੇ ਸਿਆਸਤ ਕਰਨ ਵਾਲਿਆਂ ਨੂੰ ਵੀ ਬੇਨਕਾਬ ਕਰੇਗਾ।