ਡੈਸਕ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਹੁਣ ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਇੱਕ ਪੱਤਰ ਲਿਖਿਆ ਗਿਆ ਹੈ। ਜਿਸ ਵਿੱਚ ਉਹਨਾਂ ਨੇ ਜਲਦ ਫੈਸਲਾ ਲੈਕੇ ਤਨਖਾਹ (ਧਾਰਮਿਕ ਸਜ਼ਾ) ਲਗਾਉਣ ਦੀ ਅਪੀਲ ਕੀਤੀ ਹੈ। ਇਸ ਤੋਂ ਪਹਿਲਾਂ ਵੀ ਸੁਖਬੀਰ ਬਾਦਲ ਸ਼੍ਰੀ ਹਰਿਮੰਦਿਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ ਸਨ। ਉਸ ਵੇਲੇ ਉਹਨਾਂ ਵੱਲੋਂ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਇੱਕ ਬੇਨਤੀ ਪੱਤਰ ਦਿੱਤਾ ਸੀ। ਜਿਸ ਵਿੱਚ ਉਹਨਾਂ ਨੇ ਕਿਹਾ ਸੀ ਕਿ ਉਹਨਾਂ ਨੂੰ ਤਨਖਾਹੀਆ ਕਰਾਰ ਦਿੱਤੇ ਨੂੰ ਕਾਫੀ ਸਮਾਂ ਹੋ ਗਿਆ ਹੈ। ਜਿਸ ਕਰਕੇ ਹੁਣ ਉਹਨਾਂ ਦੀ ਤਨਖਾਹ ਤੇ ਕੋਈ ਫੈਸਲਾ ਲੈ ਲਿਆ ਜਾਵੇ।
ਅਸਤੀਫੇ ਦਾ ਜ਼ਿਕਰ
ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਲਿਖੀ ਗਈ ਦੂਜੀ ਚਿੱਠੀ ਵਿੱਚ ਸੁਖਬੀਰ ਸਿੰਘ ਬਾਦਲ ਨੇ ਆਪਣੇ ਅਸਤੀਫੇ ਦਾ ਜ਼ਿਕਰ ਕੀਤਾ ਹੈ। ਉਹਨਾਂ ਲਿਖਿਆ ਹੈ ਕਿ ਹੁਣ ਦਾਸ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇ ਤੋਂ ਵੀ ਅਸਤੀਫਾ ਦੇ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਮੈਂ ਨਿਮਾਣੇ ਸਿੱਖ ਵਾਂਗ ਸ਼੍ਰੀ ਅਕਾਲ ਤਖ਼ਤ ਸਾਹਿਬ ਤੇ ਨਤਮਸਤਕ ਹੋਣਾ ਚਾਹੁੰਦਾ ਹਾਂ।
ਅਕਾਲ ਤਖ਼ਤ ਸਾਹਿਬ ਤੇ ਨਹੀਂ ਜਾ ਸਕਦਾ ਤਨਖਾਹੀਆ
ਰਹਿਤ ਮਰਿਯਾਦਾ ਅਨੁਸਾਰ ਜਿਸ ਵਿਅਕਤੀ ਨੂੰ ਤਨਖਾਹੀਆ ਕਰਾਰ ਦਿੱਤਾ ਜਾਂਦਾ ਹੈ। ਉਹ ਜਦੋਂ ਤੱਕ ਆਪਣੀ ਤਨਖਾਹ (ਧਾਰਮਿਕ ਸਜ਼ਾ) ਪੂਰੀ ਨਹੀਂ ਕਰ ਲੈਂਦਾ। ਉਦੋਂ ਤੱਕ ਉਹ ਸ਼੍ਰੀ ਅਕਾਲ ਤਖ਼ਤ ਸਾਹਿਬ ਤੇ ਜਾਕੇ ਨਤਮਸਤਕ ਨਹੀਂ ਹੋ ਸਕਦਾ। ਸਜ਼ਾ ਪੂਰੀ ਕਰਨ ਤੋਂ ਬਾਅਦ ਸ਼੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਭੁੱਲ ਬਖ਼ਸਾਉਣ ਲਈ ਅਰਦਾਸ ਕੀਤੀ ਜਾਂਦੀ ਹੈ। ਇਸ ਤੋਂ ਬਾਅਦ ਉਹ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋ ਸਕਦਾ ਹੈ।
16 ਨਵੰਬਰ ਨੂੰ ਦਿੱਤਾ ਸੀ ਅਸਤੀਫਾ
ਸੁਖਬੀਰ ਸਿੰਘ ਬਾਦਲ ਨੇ 16 ਨਵੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਅਸਤੀਫਾ ਦੇ ਦਿੱਤਾ ਸੀ। ਜਿਸ ਤੋਂ ਬਾਅਦ 18 ਨਵੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਕਾਰਜਕਾਰਨੀ ਦੀ ਅਹਿਮ ਬੈਠਕ ਚੰਡੀਗੜ੍ਹ ਵਿੱਚ ਹੋਈ ਸੀ। ਜਿਸ ਤੋਂ ਬਾਅਦ ਕਿਹਾ ਗਿਆ ਸੀ ਕਿ 14 ਦਸੰਬਰ ਤੋਂ ਪਹਿਲਾਂ ਅਕਾਲੀ ਦਲ ਦਾ ਨਵਾਂ ਪ੍ਰਧਾਨ ਚੁਣ ਲਿਆ ਜਾਵੇਗਾ। ਸੁਖਬੀਰ ਬਾਦਲ ਦੇ ਪ੍ਰਚਾਰ ਨਾ ਕਰ ਸਕਣ ਕਾਰਨ ਅਕਾਲੀ ਦਲ ਨੇ ਜ਼ਿਮਨੀ ਚੋਣਾਂ ਲੜਣ ਤੋਂ ਇਨਕਾਰ ਕਰ ਦਿੱਤਾ ਸੀ।