ਡੈਸਕ- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਅਨੁਸ਼ਾਸ਼ਨੀ ਕਮੇਟੀ ਵੱਲੋਂ ਵੱਡੀ ਕਾਰਵਾਈ ਕੀਤੀ ਗਈ। ਅਕਾਲੀ ਦਲ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੂੰ ਅਨੁਸ਼ਾਸ਼ਨੀ ਕਮੇਟੀ ਦਾ ਚੈਅਰਮੈਨ ਨਿਯੁਕਤ ਕੀਤਾ ਗਿਆ ਸੀ। ਅਕਾਲੀ ਦਲ ਵੱਲੋਂ ਬੀਬੀ ਜਗੀਰ ਕੌਰ, ਪਰਮਿੰਦਰ ਸਿੰਘ ਢੀਂਡਸਾ, ਸੁਰਿੰਦਰ ਸਿੰਘ ਠੇਕੇਦਾਰ, ਪ੍ਰੇਮ ਸਿੰਘ ਚੰਦੂਮਾਜਰਾ, ਸਿੰਕਦਰ ਸਿੰਘ ਮਲੂਕਾ, ਗੁਰਪ੍ਰਤਾਪ ਸਿੰਘ ਵਡਾਲਾ, ਸੁਰਜੀਤ ਸਿੰਘ ਰੱਖੜਾ, ਚਰਨਜੀਤ ਸਿੰਘ ਬਰਾੜ ਨੂੰ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾਇਆ ਹੈ।
ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੀ ਅੱਜ ਚੰਡੀਗੜ੍ਹ ਵਿਖੇ ਹੰਗਾਮੀ ਮੀਟਿੰਗ ਚੇਅਰਮੈਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਹੋਈ। ਕਮੇਟੀ ਮੈਂਬਰ ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਗੁਲਜਾਰ ਸਿੰਘ ਰਣੀਕੇ ਨੇ ਟੈਲੀਫ਼ੋਨ ਰਾਹੀਂ ਸ਼ਮੂਲੀਅਤ ਕੀਤੀ। ਮੀਟਿੰਗ ਵਿੱਚ ਚੱਲ ਰਹੀਆਂ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਗੰਭੀਰ ਮੁੱਦੇ ਨੂੰ ਸੰਬੋਧਨ ਕੀਤਾ ਗਿਆ। ਇਨ੍ਹਾਂ ਆਗੂਆਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੱਢ ਦਿੱਤਾ ਗਿਆ ਹੈ। ਇਸ ਦੇ ਨਾਲ ਹੀ 7 ਵਿਧਾਨ ਸਭਾ ਹਲਕਿਆਂ ਦੇ ਮੌਜੂਦਾ ਇੰਚਾਰਜਾਂ ਨੂੰ ਵੀ ਹਟਾ ਦਿੱਤਾ ਹੈ।
ਅਕਾਲੀ ਦਲ ਦੇ ਬਾਗੀ ਆਗੂ ਚਰਨਜੀਤ ਸਿੰਘ ਬਰਾੜ ਨੇ ਕਿਹਾ ਹੈ ਇਸ ਤਰ੍ਹਾਂ ਪਾਰਟੀ ਤੋਂ ਬਾਹਰ ਕੱਢਣਾ ਬੇਹੱਦ ਨਿੰਦਨਯੋਗ ਹੈ। ਪਾਰਟੀ ਨੇ ਉਨ੍ਹਾਂ ਨੂੰ ਕੋਈ ਪੱਤਰ ਜਾਰੀ ਨਹੀਂ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਦਾ ਜੋ ਫੈਸਲਾ ਹੁੰਦਾ ਹੈ। ਉਸ ਨੂੰ ਹੀ ਕਬੂਲ ਕਰਨਾ ਪੈਦਾ ਹੈ। ਉੱਥੇ ਹੀ ਬੀਬੀ ਜਗੀਰ ਕੌਰ ਨੇ ਕਿਹਾ ਕਿ ਬਲਵਿੰਦਰ ਸਿੰਘ ਭੂੰਦੜ ਨੇ ਉਹ ਹੀ ਫੈਸਲਾ ਸੁਣਾਇਆ ਹੈ ਜੋ ਸੁਖਬੀਰ ਦਾ ਕਹਿਣ ਹੈ।
ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਲੰਮੇ ਵਿਚਾਰ-ਵਟਾਂਦਰੇ ਤੋਂ ਬਾਅਦ ਸਿੱਟਾ ਕੱਢਿਆ ਕਿ ਉਕਤ ਆਗੂ ਲਗਾਤਾਰ ਪਾਰਟੀ ਦੇ ਹਿੱਤਾਂ ਨੂੰ ਢਾਹ ਲਾਉਣ ਵਾਲੀਆਂ ਕਾਰਵਾਈਆਂ ਵਿੱਚ ਲੱਗੇ ਹੋਏ ਸਨ। ਕਮੇਟੀ ਮੈਂਬਰਾਂ ਨੇ ਮਹਿਸੂਸ ਕੀਤਾ ਕਿ 26 ਜੂਨ, 2024 ਨੂੰ ਵਰਕਿੰਗ ਕਮੇਟੀ ਦੀ ਮੀਟਿੰਗ ਦੌਰਾਨ ਇਨ੍ਹਾਂ ਸਾਰੇ ਆਗੂਆਂ ਨੂੰ ਪਾਰਟੀ ਫੋਰਮ ‘ਤੇ ਆਪਣੀਆਂ ਚਿੰਤਾਵਾਂ ਪ੍ਰਗਟ ਕਰਨ ਲਈ ਨਿਮਰਤਾ ਸਹਿਤ ਤਾਕੀਦ ਕੀਤੀ ਗਈ ਸੀ। ਕਿਉਂਕਿ ਉਨ੍ਹਾਂ ਨੇ ਮੀਡੀਆ ਰਾਹੀਂ ਪਾਰਟੀ ਵਿਰੁੱਧ ਝੂਠਾ ਪ੍ਰਚਾਰ ਕਰਨ ਦੀ ਥਾਂ ਚੁਣਿਆ, ਇਸ ਲਈ ਇਹ ਸਮਝਿਆ ਜਾਂਦਾ ਹੈ ਕਿ ਉਨ੍ਹਾਂ ਨੂੰ ਪਾਰਟੀ ਸੰਗਠਨ ਵਿੱਚ ਹੁਣ ਵਿਸ਼ਵਾਸ ਨਹੀਂ ਹੈ। ਅਜਿਹੀ ਅਨੁਸ਼ਾਸਨਹੀਣਤਾ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ।