ਪੰਜਾਬ ਦੀ ਖ਼ੁਦਮੁਖਤਿਆਰੀ ਦਾ ਰਾਗ ਆਖ਼ਰਕਾਰ ਬਣਿਆ ‘ਕੈਪਟਨ ਦਾ ਦਰਬਾਰੀ ਰਾਗ’

ਵਿਸ਼ੇਸ਼ ਰਿਪੋਰਟ ਜਸਬੀਰ ਵਾਟਾਂਵਾਲੀ

ਪੰਜਾਬ ਦੇ ਸਿਆਸੀ ਹਲਕਿਆਂ ਵਿੱਚ ਅੱਜ ਉਸ ਵੇਲੇ ਭੂਚਾਲ ਆ ਗਿਆ, ਜਦੋਂ ਸੁਖਪਾਲ ਸਿੰਘ ਖਹਿਰਾ ਆਪਣੇ ਦੋ ਸਾਥੀ ਵਿਧਾਇਕਾਂ ਸਣੇ ਪੰਜਾਬ ਕਾਂਗਰਸ ਵਿੱਚ ਸ਼ਾਮਲ ਹੋ ਗਏ…ਇਸ ਖ਼ਬਰ ਤੋਂ ਬਾਅਦ ਜਿੱਥੇ ਸੁਖਪਾਲ ਸਿੰਘ ਖਹਿਰਾ ਦੇ ਵਿਰੋਧੀਆਂ ਨੇ ਸੋਸ਼ਲ ਮੀਡੀਆ ਉੱਤੇ ਉਨ੍ਹਾਂ ਦੀ ਟਰੋਲਿੰਗ ਸ਼ੁਰੂ ਕਰ ਦਿੱਤੀ, ਉੱਥੇ ਹੀ ਹਲਕਾ ਭੁਲੱਥ ਵਿਚ ਖਹਿਰਾ ਦੇ ਸਮਰਥਕਾਂ ਨੇ ਲੱਡੂ ਵੀ ਵੰਡੇ । ਸੁਖਪਾਲ ਸਿੰਘ ਖਹਿਰਾ ਦੇ ਪੰਜਾਬ ਕਾਂਗਰਸ ਵਿੱਚ ਸ਼ਾਮਲ ਹੋਣ ਦੀ ਖ਼ਬਰ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਪੇਜ਼ ਤੇ ਸ਼ੇਅਰ ਕੀਤਾ ਅਤੇ ਉਨ੍ਹਾਂ ਨੂੰ ਜੀ ਆਇਆਂ ਦੇ ਸ਼ਬਦ ਨਾਲ ਨਿਵਾਜਿਆ ਅਤੇ ਕਿਹਾ ਕਿ ਮੈਂ ਆਸ ਕਰਦਾ ਹਾਂ ਕਿ ਸੁਖਪਾਲ ਸਿੰਘ ਖਹਿਰਾ ਦੇ ਆਉਣ ਨਾਲ ਪੰਜਾਬ ਕਾਂਗਰਸ ਨੂੰ ਮਜ਼ਬੂਤੀ ਮਿਲੇਗੀ।

ਇਸ ਤੋਂ ਬਾਅਦ ਸੁਖਪਾਲ ਸਿੰਘ ਖਹਿਰਾ ਨੇ ਕਾਂਗਰਸ ਵਿੱਚ ਸ਼ਾਮਲ ਹੋਣ ਦੇ ਆਪਣੇ ਫ਼ੈਸਲੇ ਨੂੰ ਸਹੀ ਸਿੱਧ ਕਰਨ ਲਈ ਕਈ ਸਪੱਸ਼ਟੀਕਰਨ ਦਿੱਤੇ ਅਤੇ ਕੈਪਟਨ ਅਮਰਿੰਦਰ ਸਿੰਘ ਦਾ ‘ਦਰਬਾਰੀ ਗੁਣਗਾਨ’ ਸ਼ੁਰੂ ਕਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਜਿੰਨੀਆਂ ਵੀ ਸਿਆਸੀ ਪਾਰਟੀਆਂ ਅਤੇ ਉਨ੍ਹਾਂ ਦੇ ਆਗੂ ਹਨ ਉਨ੍ਹਾਂ ਸਾਰਿਆਂ ਵਿੱਚੋਂ ਕੈਪਟਨ ਅਮਰਿੰਦਰ ਸਿੰਘ ਸੁਹਿਰਦ, ਸੂਝਵਾਨ, ਦੂਅੰਦੇਸ਼ੀ ਅਤੇ ਪੰਜਾਬ ਦੇ ਹੱਕਾਂ ਲਈ ਡਟਣ ਵਾਲੇ ਆਗੂ ਹਨ। ਖਹਿਰਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਹਿੱਤਾਂ ਦੇ ਲਈ ਹਮੇਸ਼ਾ ਹੀ ਡਟਵਾਂ ਸਟੈਂਡ ਲਿਆ ਹੈ। ਉਨ੍ਹਾਂ ਕਿਹਾ ਭਾਵੇਂ ਕਿ 1984 ਦਾ ਬਲੂ ਸਟਾਰ ਆਪ੍ਰੇਸ਼ਨ ਹੋਵੇ ਜਾਂ ਅਕਾਲੀ ਦਲ ਦੀ ਮੌਕੇ ਕਰਵਾਇਆ ਗਿਆ ਬਲੈਕ ਥੰਡਰ ਅਪਰੇਸ਼ਨ ਹੋਵੇ, ਕੈਪਟਨ ਅਮਰਿੰਦਰ ਸਿੰਘ ਨੇ ਹਮੇਸ਼ਾਂ ਹੀ ਸਿੱਖ ਕੌਮ ਅਤੇ ਪੰਜਾਬ ਦੇ ਹਿੱਤਾਂ ਲਈ ਸਟੈਂਡ ਲੈਂਦਿਆਂ ਸਿਆਸੀ ਅਹੁਦਿਆਂ ਤੋਂ ਅਸਤੀਫਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਕੈਪਟਨ ਅਮਰਿੰਦਰ ਸਿੰਘ ਨੇ ਪਾਣੀਆਂ ਦੇ ਮੁੱਦੇ ‘ਤੇ ਵੀ ਪੰਜਾਬ ਦੇ ਹੱਕ ਵਿੱਚ ਸਟੈਂਡ ਲੈਂਦਿਆਂ ਹੋਇਆ ਵਾਟਰ ਟਰਮੀਨੇਸ਼ਨ ਐਕਟ ਦਾ ਵਿਰੋਧ ਕਰਕੇ ਇਸ ਲੁੱਟ ਨੂੰ ਰੋਕਣ ਲਈ ਕਾਨੂੰਨ ਪਾਸ ਕੀਤਾ ਅਤੇ ਪੰਜਾਬ ਦੇ ਪਾਣੀ ਬਚਾਏ ਹਨ। ਇਸ ਤੋਂ ਬਾਅਦ ਖਹਿਰਾ ਨੇ ਕਾਲੇ ਖੇਤੀ ਕਾਨੂੰਨਾਂ ਦੇ ਮਾਮਲੇ ‘ਤੇ ਕੈਪਟਨ ਅਮਰਿੰਦਰ ਸਿੰਘ ਦੇ ਸਟੈਂਡ ਦੀ ਵੀ ਖੂਬ ਪ੍ਰਸੰਸਾ ਕੀਤੀ ਅਤੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿਧਾਨ ਸਭਾ ਵਿਚ ਕਾਲੇ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਮਤਾ ਪਾਸ ਕਰਕੇ ਕਿਸਾਨਾਂ ਦੇ ਹੱਕ ਵਿੱਚ ਖੜ੍ਹਨ ਦਾ ਸਬੂਤ ਦਿੱਤਾ ਹੈ।
ਇਸ ਤੋਂ ਬਾਅਦ ਬੇਅਦਬੀ ਮਾਮਲੇ ਦਾ ਜ਼ਿਕਰ ਕਰਦੇ ਹੋਏ ਖਹਿਰਾ ਨੇ ਕਿਹਾ ਕਿ ਬੇਅਦਬੀ ਮਾਮਲੇ ਵਿੱਚ ਦੋਸ਼ੀਆਂ ਨੂੰ ਜੇਕਰ ਕੋਈ ਸਜ਼ਾ ਦਿਵਾ ਸਕਦਾ ਹੈ ਤਾਂ ਉਹ ਸਿਰਫ਼ ਕੈਪਟਨ ਅਮਰਿੰਦਰ ਸਿੰਘ ਹੀ ਹਨ। ਖਹਿਰਾ ਨੇ ਕਿਹਾ ਕਿ ਮੈਨੂੰ ਪੂਰਾ ਯਕੀਨ ਹੈ ਕਿ ਕੈਪਟਨ ਅਮਰਿੰਦਰ ਸਿੰਘ ਆਪਣੀ ਇਸੇ ਟਨਿਓਰ ਦੇ ਦੌਰਾਨ ਹੀ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣਗੇ। ਇਸ ਤੋਂ ਬਾਅਦ ਸੁਖਪਾਲ ਸਿੰਘ ਖਹਿਰਾ ਨੇ ਵਿਰੋਧੀ ਪਾਰਟੀਆਂ ਅਕਾਲੀ ਦਲ ਅਤੇ ਬੀਜੇਪੀ ਆਪ ਨੂੰ ਵੀ ਲੰਮੇ ਹੱਥੀਂ ਲਿਆ।

ਇਸ ਸਭ ਦਰਮਿਆਨ ਸੁਖਪਾਲ ਸਿੰਘ ਖਹਿਰਾ ਜਦੋਂ ਕੈਪਟਨ ਅਮਰਿੰਦਰ ਸਿੰਘ ਦੀਆਂ ਤਾਰੀਫ਼ਾਂ ਦੇ ਪੁਲ ਬੰਨ੍ਹ ਰਹੇ ਸਨ ਤਾਂ ਸੁਣਨ ਵਾਲਿਆਂ ਦੇ ਕੰਨਾਂ ਨੂੰ ਯਕੀਨ ਨਹੀਂ ਹੋ ਰਿਹਾ ਸੀ ਕਿ ਇਹ ਉਹੀ ਸੁਖਪਾਲ ਸਿੰਘ ਖਹਿਰਾ ਹਨ ਜੋ ਬੇਅਦਬੀ ਮਾਮਲੇ ਉੱਤੇ ਕੈਪਟਨ ਅਮਰਿੰਦਰ ਸਿੰਘ ਦੀ ਬਾਦਲਾਂ ਨਾਲ ਮਿਲੀਭੁਗਤ ਪਾਜ ਉਧੇਡ਼ਦੇ ਨਹੀਂ ਸਨ ਥੱਕਦੇ। ਬੀਤੇ ਸਮੇਂ ਦੌਰਾਨ ਉਹ ਕੈਪਟਨ ਅਮਰਿੰਦਰ ਸਿੰਘ ਨੂੰ ਹਰ ਮਸਲੇ ਉੱਤੇ ਡਰਾਮੇਬਾਜ਼ ਕਹਿ ਕੇ ਭੰਡਦੇ ਸਨ। ਇੱਥੇ ਹੀ ਬੱਸ ਨਹੀਂ ਕੈਪਟਨ ਅਮਰਿੰਦਰ ਸਿੰਘ ਦੇ ਅਰੂਸਾ ਆਲਮ ਨਾਲ ਸੰਬੰਧਾਂ ਨੂੰ ਲੈ ਕੇ ਵੀ ਸੁਖਪਾਲ ਸਿੰਘ ਖਹਿਰਾ ਨੇ ਉਨ੍ਹਾਂ ਖ਼ਿਲਾਫ਼ ਮੋਰਚਾ ਖੋਲ੍ਹਿਆ ਅਤੇ ਸਰਕਾਰ ਕੋਲੋਂ ਮੰਗ ਕੀਤੀ ਸੀ ਕਿ ਇਸ ਗੱਲ ਦੀ ਜਾਂਚ ਕਰਵਾਈ ਜਾਣੀ ਚਾਹੀਦੀ ਹੈ ਕਿ ਪਾਕਿਸਤਾਨ ਦੀ ਜਾਸੂਸ ਅਰੂਸਾ ਆਲਮ ਕੈਪਟਨ ਅਮਰਿੰਦਰ ਸਿੰਘ ਦੇ ਘਰ ਕੀ ਕਰ ਰਹੀ ਹੈ। ਇਸੇ ਤਰ੍ਹਾਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਿਚ ਨਸ਼ੇ ਖਤਮ ਕਰਨ ਲਈ ਖਾਧੀ ਗਈ ਸਹੁੰ ਨੂੰ ਵੀ ਸੁਖਪਾਲ ਸਿੰਘ ਖਹਿਰਾ ਨੇ ਹਮੇਸ਼ਾਂ ਹੀ ਪੰਜਾਬ ਦੇ ਲੋਕਾਂ ਨਾਲ ਧੋਖਾ ਦੱਸਿਆ ਸੀ। ਇੱਥੇ ਹੀ ਬੱਸ ਨਹੀਂ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਦੇ ਹੋਰ ਵੱਡੇ ਆਗੂਆਂ ਦੇ ਮਾਈਨਿੰਗ ਮਾਫੀਆ ਨਾਲ ਰਿਸ਼ਤਿਆਂ ਬਾਰੇ ਵੀ ਸੁਖਪਾਲ ਸਿੰਘ ਖਹਿਰਾ ਨੇ ਪਿਛਲੇ ਸਮੇਂ ਦੌਰਾਨ ਵੱਡੇ ਖੁਲਾਸੇ ਕੀਤੇ ਸਨ…ਸੁਖਪਾਲ ਸਿੰਘ ਖਹਿਰਾ ਨੇ ਜਦੋਂ ਪਿਛਲੇ ਸਮੇਂ ਦੌਰਾਨ ਆਮ ਆਦਮੀ ਪਾਰਟੀ ਤੋਂ ਬਗ਼ਾਵਤ ਕੀਤੀ ਤਾਂ ਸਿੱਧੇ ਰੂਪ ਵਿੱਚ ਇਹ ਕਿਹਾ ਸੀ ਕਿ ਆਮ ਆਦਮੀ ਪਾਰਟੀ ਦਿੱਲੀ ਕੇਂਦਰਿਤ ਪਾਰਟੀ ਹੈ। ਇਸੇ ਤਰ੍ਹਾਂ ਕਾਂਗਰਸ ਅਤੇ ਅਕਾਲੀ ਪਾਰਟੀਆਂ ਨੂੰ ਵੀ ਉਨ੍ਹਾਂ ਨੇ ਦਿੱਲੀ ਕੇਂਦਰਿਤ ਪਾਰਟੀ ਕਹਿ ਕੇ ਖ਼ੂਬ ਭੰਡਿਆ ਸੀ।
ਇਸ ਸਭ ਦੇ ਉਲਟ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੁੰਦਿਆਂ ਹੀ ਸੁਖਪਾਲ ਸਿੰਘ ਖਹਿਰਾ ਦੀ ਸਮੁੱਚੀ ਸਿਆਸੀ ਵਿਚਾਰਧਾਰਾ ਹੀ ਬਦਲ ਗਈ ..ਜਿਸ ਕੈਪਟਨ ਅਮਰਿੰਦਰ ਸਿੰਘ ਦੇ ਕਿਰਦਾਰ ਵਿੱਚ ਸੁਖਪਾਲ ਸਿੰਘ ਖਹਿਰਾ ਨੂੰ ਕੋਈ ਸੱਚਾਈ ਨਜ਼ਰ ਨਹੀਂ ਆ ਰਹੀ ਸੀ ਉਸੇ ਕੈਪਟਨ ਅਮਰਿੰਦਰ ਸਿੰਘ ਦਾ ਇਸ ਤਰ੍ਹਾਂ ਗੁਣਗਾਨ ਆਮ ਲੋਕਾਂ ਲਈ ਹਜ਼ਮ ਕਰਨਾ ਕਾਫ਼ੀ ਔਖਾ ਹੈ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਲੋਕ ਸੁਖਪਾਲ ਸਿੰਘ ਖਹਿਰਾ ਵੱਲੋਂ ਲੈ ਗਏ ਇਸ ਸਟੈਂਡ ਨਾਲ ਸਹਿਮਤ ਹੁੰਦੇ ਹਨ ਜਾਂ ਨਹੀਂ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ ਪਰ ਸੁਖਪਾਲ ਸਿੰਘ ਖਹਿਰਾ ਨੂੰ ਕੈਪਟਨ ਅਮਰਿੰਦਰ ਸਿੰਘ ਦਾ ਇਸ ਗੁਣਗਾਨ ਕਰਦਿਆਂ ਸੁਣ ਬਹੁਤ ਸਾਰੇ ਲੋਕ ਉਦਾਸ ਅਤੇ ਨਿਰਾਸ਼ ਜ਼ਰੂਰ ਹੋ ਰਹੇ ਹਨ। ਉਹ ਸੋਚ ਰਹੇ ਹਨ ਕਿ ਪੰਜਾਬ ਦੀ ਖ਼ੁਦਮੁਖਤਿਆਰੀ ਦਾ ਰਾਗ ਗਾਉਣ ਵਾਲਾ ਸੁਖਪਾਲ ਸਿੰਘ ਖਹਿਰਾ ਆਖ਼ਿਰਕਾਰ ਕੈਪਟਨ ਅਮਰਿੰਦਰ ਸਿੰਘ ਦਾ ‘ਦਰਬਾਰੀ ਰਾਗ’ ਕਿਵੇਂ ਅਤੇ ਕਿਉਂ ਬਣ ਗਿਆ।

ਟੀਵੀ ਪੰਜਾਬ ਬਿਊਰੋ