Site icon TV Punjab | Punjabi News Channel

ਪੰਜਾਬ ਦੇ ਸਾਬਕਾ DGP ਸੁਮੇਧ ਸੈਣੀ ਨੂੰ SC ਤੋਂ ਝਟਕਾ, ਮੁਲਤਾਨੀ ਕਤਲ ਕੇਸ ‘ਚ FIR ਰੱਦ ਕਰਨ ਲਈ ਪਾਈ ਪਟੀਸ਼ਨ ਖਾਰਜ

ਡੈਸਕ- ਸੁਪਰੀਮ ਕੋਰਟ ਨੇ ਸਾਬਕਾ ਡੀਜੀਪੀ ਸੁਮੇਧ ਸੈਣੀ ਵੱਲੋਂ 1991 ਵਿੱਚ ਬਲਵੰਤ ਸਿੰਘ ਮੁਲਤਾਨੀ ਦੇ ਅਗਵਾ ਅਤੇ ਕਤਲ ਕੇਸ ਵਿੱਚ ਐਫਆਈਆਰ ਰੱਦ ਕਰਨ ਲਈ ਦਾਇਰ ਕੀਤੀ ਅਪੀਲ ਨੂੰ ਰੱਦ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਪੰਜਾਬ-ਹਰਿਆਣਾ ਹਾਈ ਕੋਰਟ ਨੇ ਵੀ ਅਜਿਹਾ ਕਰਨ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਸੁਮੇਧ ਸੈਣੀ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ।

ਸਾਬਕਾ ਡੀਜੀਪੀ ਸੈਣੀ ਸਭ ਤੋਂ ਘੱਟ ਉਮਰ ਦੇ DGP ਸਨ। ਬਲਵੰਤ ਸਿੰਘ ਮੁਲਤਾਨੀ ਨੂੰ 1991 ਵਿੱਚ ਅਗਵਾ ਕਰਨ ਦੇ ਦੋਸ਼ ਵਿੱਚ 6 ਮਈ 2020 ਨੂੰ ਮੋਹਾਲੀ ਦੇ ਮਟੌਰ ਥਾਣੇ ਵਿੱਚ 1982 ਬੈਚ ਦੇ IPS ਸੈਣੀ ਸਮੇਤ 6 ਹੋਰਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਇਸ ਤੋਂ ਬਾਅਦ ਸੈਣੀ ‘ਤੇ ਅਗਸਤ 2020 ਵਿਚ ਦੋ ਪੁਲਿਸ ਮੁਲਾਜ਼ਮਾਂ ਦੇ ਸਰਕਾਰੀ ਗਵਾਹ ਬਣਨ ਤੋਂ ਬਾਅਦ ਕਤਲ ਦਾ ਦੋਸ਼ ਲਗਾਇਆ ਗਿਆ ਸੀ।

ਮੁਲਤਾਨੀ ਨੇ ਚੰਡੀਗੜ੍ਹ ਦੇ ਉਦਯੋਗਿਕ ਅਤੇ ਸੈਰ-ਸਪਾਟਾ ਵਿਕਾਸ ਨਿਗਮ ਵਿੱਚ ਕੰਮ ਕੀਤਾ। ਸੈਣੀ ਉਸ ਸਮੇਂ ਚੰਡੀਗੜ੍ਹ ਦੇ SSP ਸਨ। 1991 ‘ਚ ਅੱਤਵਾਦੀ ਹਮਲਾ ਹੋਇਆ ਸੀ, ਜਿਸ ‘ਚ ਸੁਮੇਧ ਸੈਣੀ ਅਤੇ 3 ਪੁਲਿਸ ਕਰਮਚਾਰੀ ਜ਼ਖਮੀ ਹੋ ਗਏ ਸਨ। ਅੱਤਵਾਦੀ ਹਮਲੇ ਤੋਂ ਬਾਅਦ ਪੁਲਿਸ ਨੇ ਉਸ ਨੂੰ ਫੜ ਲਿਆ। ਸੈਣੀ ਉਸ ਸਮੇਂ ਦੇ ਡੀਜੀਪੀ ਕੇਪੀਐਸ ਗਿੱਲ ਦੀ ਟੀਮ ਦਾ ਹਿੱਸਾ ਸਨ।

ਸੈਣੀ ਨੇ 2020 ਵਿੱਚ ਹਾਈ ਕੋਰਟ ਵਿੱਚ 2 ਪਟੀਸ਼ਨਾਂ ਦਾਇਰ ਕੀਤੀਆਂ ਸਨ। ਇੱਕ ਇਸ ਮਾਮਲੇ ਵਿੱਚ ਜ਼ਮਾਨਤ ਬਾਰੇ ਸੀ ਅਤੇ ਦੂਜਾ ਐਫਆਈਆਰ ਰੱਦ ਕਰਨ ਬਾਰੇ ਸੀ। ਹਾਈ ਕੋਰਟ ਨੇ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ ਸੀ ਅਤੇ ਸੁਮੇਧ ਸੈਣੀ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ। ਸਾਬਕਾ ਡੀਜੀਪੀ ਸੈਣੀ ਨੇ ਦਾਅਵਾ ਕੀਤਾ ਸੀ ਕਿ ਪੰਜਾਬ ਵਿੱਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਉਨ੍ਹਾਂ ਖ਼ਿਲਾਫ਼ ਸਿਆਸੀ ਤੌਰ ’ਤੇ ਪ੍ਰੇਰਿਤ ਸਾਜ਼ਿਸ਼ ਰਚੀ ਗਈ ਸੀ। FIR ਦਰਜ ਹੋਣ ਤੋਂ ਬਾਅਦ ਹੇਠਲੀ ਅਦਾਲਤ ਨੇ ਉਸ ਨੂੰ ਜ਼ਮਾਨਤ ਦੇ ਦਿੱਤੀ। 2008 ਵਿੱਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਵੀ ਉਸ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਜਿਸ ਨੂੰ ਬਾਅਦ ਵਿੱਚ ਸੁਪਰੀਮ ਕੋਰਟ ਨੇ ਰੱਦ ਕਰ ਦਿੱਤਾ ਸੀ।

Exit mobile version