ਨਵੀਂ ਦਿੱਲੀ : ਦਿੱਲੀ-ਐਨਸੀਆਰ ਵਿਚ ਹਵਾ ਪ੍ਰਦੂਸ਼ਣ ‘ਤੇ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਦਿੱਲੀ ਸਰਕਾਰ ਨੂੰ ਹਸਪਤਾਲਾਂ ਦੇ ਨਿਰਮਾਣ ਕਾਰਜ ਜਾਰੀ ਰੱਖਣ ਦੀ ਇਜਾਜ਼ਤ ਦਿੱਤੀ ਹੈ ਉੱਥੇ ਹੀ ਹੁਣ ਅਗਲੀ ਸੁਣਵਾਈ 10 ਦਸੰਬਰ ਨੂੰ ਹੋਵੇਗੀ।
ਜ਼ਿਕਰਯੋਗ ਹੈ ਕਿ ਦਿੱਲੀ ਸਰਕਾਰ ਨੇ ਸੁਪਰੀਮ ਕੋਰਟ ਵਿਚ ਇਕ ਹਲਫ਼ਨਾਮਾ ਦਾਇਰ ਕਰਕੇ ਸ਼ਹਿਰ ਵਿਚ ਹਸਪਤਾਲਾਂ ਦੇ ਨਿਰਮਾਣ ਕਾਰਜਾਂ ਦੀ ਆਗਿਆ ਦੇਣ ਦੀ ਅਪੀਲ ਕੀਤੀ ਸੀ।
ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਟਾਸਕ ਫੋਰਸ ਦਾ ਗਠਨ
ਸੁਪਰੀਮ ਕੋਰਟ ਦੀ ਚਿਤਾਵਨੀ ਤੋਂ ਬਾਅਦ ਕੇਂਦਰ ਸਰਕਾਰ ਨੇ ਦਿੱਲੀ ‘ਚ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਟਾਸਕ ਫੋਰਸ ਦਾ ਗਠਨ ਕੀਤਾ ਹੈ। ਇਸ ਸੰਬੰਧੀ ਸਰਕਾਰ ਵਲੋਂ ਸੁਪਰੀਮ ਕੋਰਟ ਵਿਚ ਹਲਫ਼ਨਾਮਾ ਦਾਇਰ ਕਰ ਦਿੱਤਾ ਗਿਆ ਹੈ।
ਕੋਵਿਡ-19 ਦੇ 9 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ
ਦੇਸ਼ ਵਿਚ ਪਿਛਲੇ 24 ਘੰਟਿਆਂ ਵਿਚ ਕੋਵਿਡ-19 ਦੇ 9216 ਨਵੇਂ ਕੇਸਾਂ ਦੇ ਸਾਹਮਣੇ ਆਉਣ ਨਾਲ ਕਰੋਨਾ ਕੇਸਾਂ ਕੁੱਲ ਗਿਣਤੀ 3,46,15,757 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸ਼ੁੱਕਰਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਕੇਰਲ ‘ਚ ਕਰੋਨਾ ਕਾਰਨ 320 ਲੋਕਾਂ ਸਮੇਤ 391 ਹੋਰ ਮਰੀਜ਼ਾਂ ਦੀ ਮੌਤ ਹੋਣ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 4,70,115 ਹੋ ਗਈ ਹੈ।
ਦੋ ਅੰਤਰਰਾਸ਼ਟਰੀ ਹਵਾਈ ਯਾਤਰੀਆਂ ਨੂੰ ਕੋਵਿਡ
ਚੇਨਈ : ਸਿੰਗਾਪੁਰ ਅਤੇ ਬਰਤਾਨੀਆ ਤੋਂ ਤਾਮਿਲਨਾਡੂ ਪਹੁੰਚੇ ਇਕ ਬੱਚੇ ਸਮੇਤ ਦੋ ਅੰਤਰਰਾਸ਼ਟਰੀ ਹਵਾਈ ਯਾਤਰੀਆਂ ਨੂੰ ਕੋਵਿਡ ਹੋਣ ਦੀ ਪੁਸ਼ਟੀ ਹੋਈ ਹੈ। ਸਰਕਾਰ ਨੇ ਉਨ੍ਹਾਂ ਰਿਪੋਰਟਾਂ ਨੂੰ ਖਾਰਜ ਕਰ ਦਿੱਤਾ ਹੈ ਕਿ ਉਨ੍ਹਾਂ ਨੂੰ ਓਮੀਕਰੋਨ ਹੈ। ਸਰਕਾਰ ਨੇ ਕਿਹਾ ਕਿ ਜਾਂਚ ਤੋਂ ਬਾਅਦ ਹੀ ਸਾਹਮਣੇ ਆਵੇਗਾ ਉਨ੍ਹਾਂ ਨੂੰ ਓਮੀਕਰੋਨ ਹੈ ਜਾਂ ਨਹੀਂ।
ਕਸ਼ਮੀਰ ‘ਚ ਕੜਾਕੇ ਦੀ ਠੰਢ
ਸ੍ਰੀਨਗਰ : ਕਸ਼ਮੀਰ ਵਿਚ ਕੜਾਕੇ ਦੀ ਠੰਢ ਪੈ ਰਹੀ ਹੈ ਅਤੇ ਘਾਟੀ ਵਿਚ ਘੱਟੋ-ਘੱਟ ਤਾਪਮਾਨ ਸਿਫ਼ਰ ਤੋਂ ਹੇਠਾਂ ਚਲਾ ਗਿਆ ਹੈ। ਸ੍ਰੀਨਗਰ ’ਚ ਵੀਰਵਾਰ ਰਾਤ ਨੂੰ ਘੱਟ ਤੋਂ ਘੱਟ ਤਾਪਮਾਨ ਮਨਫੀ 2.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਪਹਿਲਗਾਮ ’ਚ ਘੱਟ ਤੋਂ ਘੱਟ ਤਾਪਮਾਨ ਮਨਫੀ 4.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਉੱਤਰੀ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਗੁਲਮਰਗ ਵਿਚ ਵੀ ਤਾਪਮਾਨ ਮਨਫ਼ੀ ਇਕ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਟੀਵੀ ਪੰਜਾਬ ਬਿਊਰੋ