Site icon TV Punjab | Punjabi News Channel

2 ਸਿੱਖ ਉਮੀਦਵਾਰਾਂ ਨੂੰ HC ਜੱਜਾਂ ਵਜੋਂ ਅਜੇ ਤੱਕ ਨਹੀਂ ਮਿਲੀ ਮਨਜ਼ੂਰੀ, ਸੁਪਰੀਮ ਕੋਰਟ ਨੇ ਕੇਂਦਰ ‘ਤੇ ਚੁੱਕੇ ਸਵਾਲ

ਡੈਸਕ- ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਵੱਲੋਂ ਦੋ ਸਿੱਖ ਵਕੀਲਾਂ ਦੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜਾਂ ਵਜੋਂ ਨਿਯੁਕਤੀ ਵਿੱਚ ਕੀਤੀ ਜਾ ਰਹੀ ਦੇਰੀ ’ਤੇ ਚਿੰਤਾ ਪ੍ਰਗਟਾਈ ਹੈ। ਦਰਅਸਲ, ਸੁਪਰੀਮ ਕੋਰਟ ਕੌਲਿਜੀਅਮ ਵੱਲੋਂ ਹਾਈ ਕੋਰਟ ਦੇ ਜੱਜਾਂ ਵਜੋਂ ਐਡਵੋਕੇਟ ਹਰਮੀਤ ਸਿੰਘ ਗਰੇਵਾਲ ਅਤੇ ਦੀਪਇੰਦਰ ਸਿੰਘ ਨਲਵਾ ਸਮੇਤ 5 ਨਾਂ ਭੇਜੇ ਗਏ ਸਨ, ਜਦਕਿ ਬਾਕੀ ਤਿੰਨ ਨੂੰ ਇਨ੍ਹਾਂ ਮਾਮਲਿਆਂ ‘ਚ ਮਨਜ਼ੂਰੀ ਦੇ ਦਿੱਤੀ ਗਈ ਹੈ।

ਸੁਪਰੀਮ ਕੋਰਟ ਕਾਲੇਜੀਅਮ ਨੇ 17 ਅਕਤੂਬਰ ਨੂੰ ਗਰੇਵਾਲ, ਨਲਵਾ ਅਤੇ ਤਿੰਨ ਹੋਰ ਵਕੀਲਾਂ ਸੁਮਿਤ ਗੋਇਲ, ਸੁਦੀਪਤੀ ਸ਼ਰਮਾ ਅਤੇ ਕੀਰਤੀ ਸਿੰਘ ਦੀ ਨਿਯੁਕਤੀ ਲਈ ਸਿਫ਼ਾਰਸ਼ ਕੀਤੀ ਸੀ। ਕੇਂਦਰ ਸਰਕਾਰ ਨੇ 2 ਨਵੰਬਰ ਨੂੰ ਇਸ ਲਿਸਟ ਵਿੱਚੋਂ ਸਿਰਫ਼ ਤਿੰਨ ਵਕੀਲਾਂ ਸੁਮਿਤ ਗੋਇਲ, ਸੁਦੀਪਤੀ ਸ਼ਰਮਾ ਅਤੇ ਕੀਰਤੀ ਸਿੰਘ ਦੀ ਨਿਯੁਕਤੀ ਨੂੰ ਮਨਜ਼ੂਰੀ ਦਿੱਤੀ ਸੀ, ਜਿਸ ਤੋਂ ਬਾਅਦ ਗਰੇਵਾਲ ਅਤੇ ਨਲਵਾ ਦੀ ਨਿਯੁਕਤੀ ਲਟਕਦੀ ਰਹੀ।

ਜਸਟਿਸ ਸੰਜੇ ਕਿਸ਼ਨ ਕੌਲ ਅਤੇ ਜਸਟਿਸ ਸੁਧਾਂਸ਼ੂ ਧੂਲੀਆ ਦੇ ਡਿਵੀਜ਼ਨ ਬੈਂਚ ਨੇ ਸਰਕਾਰ ਦੀ ਨਾਕਾਮੀ ‘ਤੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਦੋ ਉਮੀਦਵਾਰਾਂ ਨੂੰ ਮਨਜ਼ੂਰੀ ਨਹੀਂ ਦਿੱਤੀ ਗਈ, ਉਹ ਸਿੱਖ ਹਨ। ਅਜਿਹਾ ਕਿਉਂ ਹੋਇਆ? ਪਿਛਲੇ ਮੁੱਦਿਆਂ ਨੂੰ ਮੌਜੂਦਾ ਪੈਂਡਿੰਗ ਕੇਸਾਂ ਨੂੰ ਪ੍ਰਭਾਵਿਤ ਨਹੀਂ ਕਰਨਾ ਚਾਹੀਦਾ ਹੈ।

ਹਾਲ ਹੀ ਵਿੱਚ ਹੋਈ ਇੱਕ ਸੁਣਵਾਈ ਵਿੱਚ ਸੁਪਰੀਮ ਕੋਰਟ ਨੇ ਜੱਜਾਂ ਦੇ ਤਬਾਦਲੇ ਵਿੱਚ ਸਰਕਾਰ ਦੇ ‘ਪਿਕ ਐਂਡ ਚੂਜ਼’ ਦੇ ਤਰੀਕੇ ‘ਤੇ ਅਸੰਤੁਸ਼ਟੀ ਪ੍ਰਗਟਾਈ ਹੈ। ਅਦਾਲਤ ਨੇ ਵੱਖ-ਵੱਖ ਖੇਤਰਾਂ ਦੇ ਜੱਜਾਂ ਦੇ ਪੈਂਡਿੰਗ ਤਬਾਦਲੇ ਅਤੇ ਗੈਰ-ਤਬਾਦਲੇ ਦੀਆਂ ਖਾਸ ਮਿਸਾਲਾਂ ਦਾ ਹਵਾਲਾ ਦਿੰਦੇ ਹੋਏ ਅਟਾਰਨੀ ਜਨਰਲ ਆਰ ਵੈਂਕਟਾਰਮਨੀ ਨੂੰ ਇਹ ਚਿੰਤਾਵਾਂ ਦੱਸੀਆਂ। ਇਸ ਦੇ ਨਾਲ ਹੀ ਇਸ ਮਾਮਲੇ ਦੀ ਅਗਲੀ ਸੁਣਵਾਈ 5 ਦਸੰਬਰ ਤੱਕ ਟਾਲ ਦਿੱਤੀ ਗਈ ਹੈ।

Exit mobile version