ਸਰਵੇ: ਨਸ਼ੇੜੀਆਂ ਨਾਲ ਭਰੀਆਂ ਹਨ ਪੰਜਾਬ ਦੀਆਂ ਜੇਲ੍ਹਾਂ

ਪਟਿਆਲਾ- ਪੰਜਾਬ ਦੀਆਂ ਜੇਲ੍ਹਾਂ ’ਚ ਬੰਦ 46 ਫ਼ੀਸਦੀ ਕੈਦੀ ਨਸ਼ਿਆਂ ਦੇ ਆਦੀ ਹਨ। ਨਸ਼ਿਆਂ ਦੀ ਦਲਦਲ ’ਚ ਫਸਣ ਦੇ ਕਾਰਨ ਜਾਣਨ ਲਈ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਸਰਵੇ ਸ਼ੁਰੂ ਕੀਤਾ ਗਿਆ ਹੈ। ਜਿਸ ਤਹਿਤ ਮਨੋਵਿਗਿਆਨ ਵਿਭਾਗ ਦੇ 57 ਵਿਦਿਆਰਥੀਆਂ ਦੀਆਂ ਟੀਮਾਂ ਨੂੰ ਤਿਆਰ ਕੀਤਾ ਗਿਆ ਹੈ। ਇਨ੍ਹਾਂ ਟੀਮਾਂ ਵੱਲੋਂ ਸੂਬੇ ਦੀਆਂ ਵੱਖ-ਵੱਖ ਜੇਲ੍ਹਾਂ ’ਚ ਜਾ ਕੇ ਕੈਦੀਆਂ ਨਾਲ ਰਾਬਤਾ ਕੀਤਾ ਜਾ ਰਿਹਾ ਹੈ। ਜਿਸ ਦੀ ਰਿਪੋਰਟ ਦੇ ਆਧਾਰ ’ਤੇ ਪੰਜਾਬ ਸਰਕਾਰ ਵੱਲੋਂ ਨਸ਼ਿਆਂ ’ਤੇ ਠੱਲ੍ਹ ਪਾਉਣ ਲਈ ਬਣਦੀ ਕਾਰਵਾਈ ਕੀਤੀ ਜਾਵੇਗੀ।

ਜਾਣਕਾਰੀ ਅਨੁਸਾਰ ਸਰਕਾਰ ਵੱਲੋਂ ਪੰਜਾਬ ਦੀਆਂ ਜੇਲ੍ਹਾਂ ’ਚ ਬੰਦ 29 ਹਜ਼ਾਰ 916 ਕੈਦੀਆਂ ਦੀ ਜਾਂਚ ਕਰਵਾਈ ਗਈ, ਜਿਨ੍ਹਾਂ ’ਚੋਂ 14 ਹਜ਼ਾਰ 100 ਕੈਦੀ ਕਿਸੇ ਨਾ ਕਿਸੇ ਨਸ਼ੇ ਦੇ ਆਦੀ ਪਾਏ ਗਏ ਹਨ। ਨਸ਼ੇ ਦੇ ਆਦੀ ਕਿਉਂ ਬਣੇ ਤੇ ਇਸ ਤੋਂ ਛੁਟਕਾਰਾ ਦਿਵਾਉਣ ਲਈ ਸਰਕਾਰ ਵੱਲੋਂ ਅਗਲੇ ਪੜਾਅ ਵਿਚ ਕੰਮ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਗਿਆ। 9 ਸਤੰਬਰ ਨੂੰ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਡੀਜੀਪੀ ਐੱਚਐੱਸ ਸਿੱਧੂ ਦੀ ਅਗਵਾਈ ਹੇਠ ਪੰਜਾਬੀ ਯੂਨੀਵਰਸਿਟੀ ਵਿਖੇ ਮੀਟਿੰਗ ਹੋਈ। ਜਿਸ ਵਿਚ ਵਾਈਸ ਚਾਂਸਲਰ ਪ੍ਰੋ. ਅਰਵਿੰਦ ਤੇ ਮਨੋਵਿਗਿਆਨ ਵਿਭਾਗ ਦੇ ਮੁਖੀ ਸਮੇਤ ਹੋਰ ਮੈਂਬਰ ਹਾਜ਼ਰ ਹੋਏ। ਇਸ ਦੌਰਾਨ ਯੂਨੀਵਰਸਿਟੀ ਦੇ ਮਨੋਵਿਗਿਆਨ ਵਿਭਾਗ ਨੂੰ ਜੇਲ੍ਹ ਵਿਚ ਸਰਵੇ ਕਰਨ ਦੀ ਅਹਿਮ ਜ਼ਿੰਮੇਵਾਰੀ ਸੌਂਪੀ ਗਈ।

ਮਨੋਵਿਗਿਆਨ ਵਿਭਾਗ ਦੇ ਮੁਖੀ ਡਾ. ਮਮਤਾ ਸ਼ਰਮਾ, ਡਾ. ਮਨਦੀਪ ਕੌਰ, ਡਾ. ਕਮਲਪ੍ਰੀਤ ਕੌਰ ਦੀ ਅਗਵਾਈ ਵਿਚ 57 ਵਿਦਿਆਰਥੀਆਂ ਦੀ ਟੀਮ ਦਾ ਗਠਨ ਕੀਤਾ ਗਿਆ। ਜੇਲ੍ਹ ’ਚ ਕੈਦੀਆਂ ਨਾਲ ਗੱਲਬਾਤ ਕਰਨ ਤੇ ਸਰਵੇ ਕਰਨ ਸਬੰਧੀ ਸਭ ਨੂੰ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ (ਮਗਸੀਪਾ) ਵੱਲੋਂ ਸਿਖਲਾਈ ਦਿੱਤੀ ਗਈ ਹੈ। ਪੂਰੀ ਤਿਆਰੀ ਤੋਂ ਬਾਅਦ 12 ਸਤੰਬਰ ਨੂੰ ਵਿਦਿਆਰਥੀਆਂ ਦੀਆਂ ਟੀਮਾਂ ਵੱਲੋਂ ਪੰਜਾਬ ਦੀਆਂ ਵੱਖ-ਵੱਖ ਜੇਲ੍ਹਾਂ ’ਚ ਸਰਵੇਖਣ ਸ਼ੁਰੂ ਕਰ ਦਿੱਤਾ ਗਿਆ ਹੈ।