Site icon TV Punjab | Punjabi News Channel

ਐੱਸ.ਵਾਈ.ਐੱਲ ‘ਤੇ ਅੱਜ ਹੋਵੇਗੀ ਮਾਨ-ਖੱਟੜ ਦੀ ਬੈਠਕ, ਕੇਂਦਰ ਦੇ ਰਿਹੈ ਦਖਲ

ਚੰਡੀਗੜ੍ਹ- ਸਤਲੁਜ ਯਮੁਨਾ ਲਿੰਕ (ਐੱਸਵਾਈਐੱਲ) ਨਹਿਰ ਦੇ ਮਸਲੇ ਦੇ ਹੱਲ ਲਈ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਾਲੇ ਦੂਜੇ ਗੇੜ ਦੀ ਗੱਲਬਾਤ ਅੱਜ 4 ਜਨਵਰੀ ਨੂੰ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੀ ਅਗਵਾਈ ਹੇਠ ਹੋਵੇਗੀ। ਕੇਂਦਰੀ ਜਲ ਸ਼ਕਤੀ ਮੰਤਰੀ ਦੇ ਦਿੱਲੀ ਦਫ਼ਤਰ ’ਚ ਇਹ ਮੀਟਿੰਗ ਬਾਅਦ ਦੁਪਹਿਰ ਤਿੰਨ ਵਜੇ ਸ਼ੁਰੂ ਹੋਵੇਗੀ। ਇਸ ਮੀਟਿੰਗ ਵਿਚ ਸ਼ਾਮਲ ਹੋਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਪੁੱਜ ਗਏ ਹਨ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਦੀ ਹਦਾਇਤ ’ਤੇ ਪਾਣੀਆਂ ਦੇ ਮਸਲੇ ਦੇ ਹੱਲ ਲਈ ਮੀਟਿੰਗ ਚੰਡੀਗੜ੍ਹ ’ਚ 14 ਅਕਤੂਬਰ ਵਿੱਚ ਹੋਈ ਸੀ।

ਇਹ ਮੀਟਿੰਗ ਕੇਂਦਰ ਦੇ ਦਖਲ ਤੋਂ ਬਾਅਦ ਬੁਲਾਈ ਗਈ ਹੈ। ਹਾਲਾਂਕਿ ਇਸ ਤੋਂ ਪਹਿਲਾਂ ਚੰਡੀਗੜ੍ਹ ਵਿੱਚ ਦੋਵਾਂ ਮੁੱਖ ਮੰਤਰੀਆਂ ਦੀ ਮੀਟਿੰਗ ਬੇਸਿੱਟਾ ਰਹੀ ਸੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੂੰ SYL ਦਾ ਪਾਣੀ ਦੇਣ ਤੋਂ ਹੱਥ ਜੋੜ ਕੇ ਇਨਕਾਰ ਕਰ ਦਿੱਤਾ ਹੈ।

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਸੁਪਰੀਮ ਕੋਰਟ ਦੇ ਹੁਕਮਾਂ ਦਾ ਹਵਾਲਾ ਦਿੰਦੇ ਹੋਏ ਐਸਵਾਈਐਲ ਦੇ ਨਿਰਮਾਣ ਲਈ ਸਮਾਂ ਸੀਮਾ ਤੈਅ ਕਰਨ ਲਈ ਕਿਹਾ ਸੀ। ਇਸ ਦੇ ਜਵਾਬ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੇ ਰਾਜ ਵਿੱਚ ਪਾਣੀ ਨਹੀਂ ਹੈ, ਇਸ ਲਈ ਨਹਿਰ ਬਣਾਉਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਜੇਕਰ ਹਰਿਆਣਾ ‘ਚ ਪਾਣੀ ਦੀ ਕਮੀ ਹੈ ਤਾਂ ਤੁਸੀਂ ਪ੍ਰਧਾਨ ਮੰਤਰੀ ਨਾਲ ਸੰਪਰਕ ਕਰਕੇ ਯਮੁਨਾ ਅਤੇ ਗੰਗਾ ਦੇ ਪਾਣੀ ਦੀ ਵਿਵਸਥਾ ਕਰਨ ਦੀ ਬੇਨਤੀ ਕਰ ਸਕਦੇ ਹੋ। ਨਵੰਬਰ ਮਹੀਨੇ ਵਿੱਚ ਦੋ ਘੰਟੇ ਚੱਲੀ ਮੈਰਾਥਨ ਮੀਟਿੰਗ ਵਿੱਚ ਜਦੋਂ ਕੋਈ ਨਤੀਜਾ ਨਾ ਨਿਕਲਿਆ ਤਾਂ ਮਾਨ ਨੇ ਇਹ ਕਹਿ ਕੇ ਗੱਲ ਖ਼ਤਮ ਕਰ ਦਿੱਤੀ ਕਿ ਪ੍ਰਧਾਨ ਮੰਤਰੀ ਹੀ ਮੀਟਿੰਗ ਕਰਕੇ ਇਸ ਮਸਲੇ ਦਾ ਹੱਲ ਕੱਢ ਸਕਦੇ ਹਨ।

ਦੇਖਣਾ ਹੋਵੇਗਾ ਕਿ ਅੱਜ ਇਸ ਮਾਮਲੇ ਦਾ ਕੀ ਹੱਲ ਨਿਕਲਦਾ ਹੈ ਕਿਉਂਕਿ ਹੁਣ ਤੱਕ ਸਾਰੀਆਂ ਮੀਟਿੰਗਾਂ ਵਿੱਚ ਐਸਵਾਈਐਲ ਦੇ ਪਾਣੀ ਦਾ ਕੋਈ ਹੱਲ ਨਹੀਂ ਨਿਕਲਿਆ ਹੈ। ਹਰਿਆਣਾ ਵਿੱਚ ਭਾਜਪਾ ਦੀ ਸਰਕਾਰ ਬਣਨ ਦੇ ਨਾਲ ਹੀ ਚੰਡੀਗੜ੍ਹ ਦੇ ਤਾਜ ਹੋਟਲ ਵਿੱਚ ਤਤਕਾਲੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਦੇ ਸਾਹਮਣੇ ਮੀਟਿੰਗ ਵੀ ਕੀਤੀ ਗਈ ਸੀ। ਪਰ ਕੋਈ ਨਤੀਜਾ ਨਹੀਂ ਨਿਕਲਿਆ।

Exit mobile version