ਮੁਹਾਲੀ : ਅੱਜ ਇੱਥੇ ਕੱਚੇ ਦਫ਼ਤਰੀ ਕਾਮਿਆਂ ਨੇ ਸਿੱਖਿਆ ਭਵਨ ਦੇ ਬਾਹਰ ਸੂਬਾ ਪੱਧਰੀ ਪ੍ਰਦਰਸ਼ਨ ਕਰਦਿਆਂ ਹੁਕਮਰਾਨਾਂ ਅਤੇ ਸਿੱਖਿਆ ਅਧਿਕਾਰੀਆਂ ਨੂੰ ਕੋਸਿਆ। ਬੁਲਾਰਿਆਂ ਨੇ ਕਿਹਾ ਕਿ ਪੰਜਾਬ ਵਿਚ ਸਿੱਖਿਆ ਵਿਭਾਗ ਨੂੰ ਦੇਸ਼ ਭਰ ’ਚੋਂ ਪਹਿਲੇ ਨੰਬਰ ’ਤੇ ਲਿਆਉਣ ਲਈ ਦਿਨ-ਰਾਤ ਸਖ਼ਤ ਮਿਹਨਤ ਕਰਨ ਵਾਲਾ ਦਫ਼ਤਰੀ ਸਟਾਫ਼ ਅੱਜ ਸਰਕਾਰ ਦੀ ਅਣਦੇਖੀ ਦਾ ਸ਼ਿਕਾਰ ਹੈ।
ਸਰਵ ਸਿੱਖਿਆ ਅਭਿਆਨ/ਮਿੱਡ-ਡੇਅ-ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਦੇ ਸੂਬਾਈ ਆਗੂ ਅਸੀਸ ਜੁਲਾਹਾ, ਰਜਿੰਦਰ ਸਿੰਘ ਸੰਧਾ, ਵਿਕਾਸ ਕੁਮਾਰ, ਪ੍ਰਵੀਨ ਸ਼ਰਮਾ, ਹਰਪ੍ਰੀਤ ਸਿੰਘ ਤੇ ਦਵਿੰਦਰਜੀਤ ਸਿੰਘ ਦੀ ਸਾਂਝੀ ਅਗਵਾਈ ਹੇਠ ਕੀਤੇ ਗਏ ਪ੍ਰਦਰਸ਼ਨ ‘ਚ ਕਾਂਗਰਸ ਸਰਕਾਰ ’ਤੇ ਵਾਅਦਾਖ਼ਿਲਾਫ਼ੀ ਦਾ ਦੋਸ਼ ਲਗਾਉਂਦਿਆਂ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਮੌਜੂਦਾ ਸਰਕਾਰ ਵੀ ਪਿਛਲੀ ਅਕਾਲੀ-ਭਾਜਪਾ ਸਰਕਾਰ ਵਾਂਗ ਲਾਰੇ ਲਗਾ ਕੇ ਡੰਗ ਟਪਾਉਂਦੀ ਆ ਰਹੀ ਹੈ।
ਉਨ੍ਹਾਂ ਕਿਹਾ ਕਿ ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਬਣਨ ’ਤੇ ਪਹਿਲੇ ਦਿਨ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਗੱਲ ਕਹੀ ਸੀ ਅਤੇ 9 ਨਵੰਬਰ ਨੂੰ ਮੁੱਖ ਮੰਤਰੀ ਨੇ 36 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਐਲਾਨ ਕੀਤਾ ਸੀ ਅਤੇ 11 ਨਵੰਬਰ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿਚ ਬਿੱਲ ਪਾਸ ਕਰਕੇ ਵਾਹ-ਵਾਹ ਲੁੱਟੀ ਸੀ ਪਰ ਹੁਣ ਤੱਕ ਅੱਗੇ ਕਾਰਵਾਈ ਨਹੀਂ ਤੁਰੀ ਅਤੇ ਨਾ ਹੀ ਨੋਟੀਫਾਈ ਕਰਕੇ ਵਿਭਾਗਾਂ ਨੂੰ ਭੇਜਿਆ ਗਿਆ ਹੈ।
ਇਸ ਦੇ ਰੋਸ ਵਜੋਂ ਅੱਜ ਦਫ਼ਤਰੀ ਸਟਾਫ਼ ਨੂੰ ਸੜਕਾਂ ’ਤੇ ਆਉਣ ਲਈ ਮਜਬੂਰ ਹੋਣਾ ਪਿਆ ਹੈ। ਕੱਚੇ ਮੁਲਾਜ਼ਮਾਂ ਨੇ ਸਿੱਖਿਆ ਭਵਨ ਦੇ ਬਾਹਰ ਪੱਕਾ ਧਰਨਾ ਸ਼ੁਰੂ ਕਰ ਦਿੱਤਾ ਅਤੇ ਇਸ ਦੌਰਾਨ ਕੱਚੇ ਮੁਲਾਜ਼ਮਾਂ ਨੇ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਸਰਕਾਰੀ ਕੋਠੀ ਵੱਲ ਮਾਰਚ ਕੀਤਾ ਗਿਆ ਪਰ ਮੁਹਾਲੀ ਪੁਲਿਸ ਨੇ ਵਾਈਪੀਐੱਸ ਚੌਕ ’ਤੇ ਬੈਰੀਕੇਡਿੰਗ ਕਰਕੇ ਪ੍ਰਦਰਸ਼ਨਕਾਰੀਆਂ ਨੂੰ ਰੋਕ ਲਿਆ,ਜਿਸ ਕਾਰਨ ਕੱਚੇ ਮੁਲਾਜ਼ਮ ਉੱਥੇ ਹੀ ਧਰਨਾ ਲਗਾ ਕੇ ਬੈਠ ਗਏ।
ਇਸ ਮੌਕੇ ਪ੍ਰਸ਼ਾਸਨ ਨੇ ਮੁਲਾਜ਼ਮਾਂ ਨੂੰ ਕੱਲ੍ਹ 24 ਨਵੰਬਰ ਨੂੰ ਬਾਅਦ ਦੁਪਹਿਰ ਸਾਢੇ 12 ਵਜੇ ਮੁੱਖ ਮੰਤਰੀ ਨਾਲ ਪੈਨਲ ਮੀਟਿੰਗ ਕਰਵਾਉਣ ਦਾ ਭਰੋਸਾ ਦੇ ਕੇ ਸ਼ਾਂਤ ਕੀਤਾ। ਇਸ ਮਗਰੋਂ ਕੱਚੇ ਮੁਲਾਜ਼ਮ ਮੁੜ ਸਿੱਖਿਆ ਭਵਨ ਦੇ ਬਾਹਰ ਧਰਨੇ ’ਤੇ ਬੈਠ ਗਏ। ਮੁਲਾਜ਼ਮ ਆਗੂਆਂ ਨੇ ਦੱਸਿਆ ਕਿ 25 ਨਵੰਬਰ ਨੂੰ ਮੁਹਾਲੀ ਧਰਨੇ ਵਿਚ ਦਫ਼ਤਰੀ ਸਟਾਫ਼ ਦੀਆਂ 11 ਕੁੜੀਆਂ ਵੱਲੋਂ 24 ਘੰਟੇ ਦੀ ਭੁੱਖ-ਹੜਤਾਲ ਸ਼ੁਰੂ ਕੀਤੀ ਜਾਵੇਗੀ।
ਟੀਵੀ ਪੰਜਾਬ ਬਿਊਰੋ