ਮੁੱਖ ਮੰਤਰੀ ਵੱਲੋਂ ਕੇਂਦਰ ਨੂੰ ਖਰੀਦ ਯਕੀਨੀ ਬਣਾਉਣ ਵਿਚ ਸੂਬੇ ਦੀ ਮਦਦ ਕਰਨ ਦੀ ਅਪੀਲ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਸ਼ੁੱਕਰਵਾਰ ਨੂੰ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸਾਉਣੀ ਦੇ ਮਾਰਕੀਟਿੰਗ ਸੀਜ਼ਨ 2021-22 ਲਈ ਨਕਦ ਕਰਜ਼ਾ ਹੱਦ (ਕੈਸ਼ ਕ੍ਰੈਡਿਟ ਲਿਮਿਟ) ਸਬੰਧੀ ਸੂਬੇ ਨੂੰ ਭਾਰਤੀ ਰਿਜ਼ਰਵ ਬੈਂਕ ਤੋਂ ਤੇਜ਼ੀ ਨਾਲ ਇਜਾਜ਼ਤ ਦਿਵਾਉਣ ਵਿੱਚ ਮਦਦ ਕੀਤੀ ਜਾਵੇ।

ਸਾਉਣੀ ਦੇ ਆਉਂਦੇ ਸੀਜ਼ਨ ਨੂੰ ਮੁੱਖ ਮੰਤਰੀ ਨੇ ਆਪਣੇ ਦਫ਼ਤਰ ਵਿਖੇ ਕੇਂਦਰੀ ਖੁਰਾਕ ਤੇ ਜਨਤਕ ਵੰਡ ਸਕੱਤਰ ਸੁਧਾਂਸ਼ੂ ਪਾਂਡੇ ਨਾਲ ਡੇਢ ਘੰਟਾ ਵਿਸਥਾਰਿਤ ਗੱਲਬਾਤ ਕੀਤੀ। ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਦੀ ਹਾਜ਼ਰੀ ਵਿਚ ਮੁੱਖ ਮੰਤਰੀ ਨਾਲ ਹੋਈ ਇਸ ਮੁਲਾਕਾਤ ਦੌਰਾਨ ਕੇਂਦਰੀ ਸਕੱਤਰ ਨੇ ਪੰਜਾਬ ਵੱਲੋਂ ਕੌਮੀ ਖੁਰਾਕ ਭੰਡਾਰ ਵਿੱਚ ਕਣਕ ਅਤੇ ਝੋਨੇ ਦੇ ਪਾਏ ਜਾ ਰਹੇ ਯੋਗਦਾਨ ਲਈ ਸ਼ਲਾਘਾ ਵੀ ਕੀਤੀ।

ਝੋਨੇ ਦੀ ਮੌਜੂਦਾ ਖਰੀਦ ਨੂੰ ਪਿਛਲੇ ਨਿਯਮਾਂ ਅਨੁਸਾਰ ਨੇਪਰੇ ਚਾੜੇ ਜਾਣ ਦੀ ਮੁੱਖ ਮੰਤਰੀ ਵੱਲੋਂ ਕੀਤੀ ਬੇਨਤੀ ਨੂੰ ਮਨਜ਼ੂਰੀ ਦਿੰਦੇ ਹੋਏ ਸ੍ਰੀ ਪਾਂਡੇ ਨੇ ਉਨਾਂ ਨੂੰ ਦੱਸਿਆ ਕਿ ਭਾਰਤ ਸਰਕਾਰ ਵੱਲੋਂ 1 ਅਕਤੂਬਰ, 2021 ਨੂੰ ਸ਼ੁਰੂ ਹੋ ਰਹੇ ਝੋਨੇ ਦੇ ਮੌਜੂਦਾ ਸੀਜ਼ਨ ਦੌਰਾਨ ਸੂਬੇ ਵਿਚ ਮੌਜੂਦਾ ਨਿਯਮਾਂ ਅਨੁਸਾਰ ਝੋਨੇ ਦੀ ਖਰੀਦ ਦਾ ਫੈਸਲਾ ਪਹਿਲਾਂ ਹੀ ਕੀਤਾ ਜਾ ਚੁੱਕਿਆ ਹੈ।

ਮੁੱਖ ਮੰਤਰੀ ਨੇ ਕੇਂਦਰੀ ਸਕੱਤਰ ਨੂੰ ਜਾਣਕਾਰੀ ਦਿੱਤੀ ਕਿ ਭਵਿੱਖ ਵਿਚ ਵੀ ਸੋਧੇ ਗਏ ਨਿਯਮਾਂ ਨੂੰ ਅੰਤਿਮ ਰੂਪ ਦਿੱਤੇ ਜਾਣ ਤੋਂ ਪਹਿਲਾਂ ਸਾਰੀਆਂ ਸਬੰਧਤ ਧਿਰਾਂ ਜਿਵੇਂ ਕਿ ਪੰਜਾਬ ਸਰਕਾਰ, ਕਿਸਾਨ, ਆੜਤੀਏ ਅਤੇ ਮਿੱਲਾਂ ਦੀਆਂ ਜੱਥੇਬੰਦੀਆਂ ਨੂੰ ਵਿਸ਼ਵਾਸ਼ ਵਿਚ ਲਿਆ ਜਾਵੇ ਕਿਉਂ ਜੋ ਇੱਕਪਾਸੜ ਢੰਗ ਨਾਲ ਜ਼ਬਰਦਸਤੀ ਥੋਪੇ ਜਾਣ ਦਾ ਮਤਲਬ ਪੰਜਾਬ ਲਈ ਧੱਕਾ ਹੋਵੇਗਾ।

ਟੀਵੀ ਪੰਜਾਬ ਬਿਊਰੋ