ਮੁੱਖ ਮੰਤਰੀ ਵੱਲੋਂ ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਖੇਤੀ ਕਾਨੂੰਨ ਤੁਰੰਤ ਰੱਦ ਕਰਨ ਦੀ ਅਪੀਲ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਅੱਜ ਕੇਂਦਰ ਸਰਕਾਰ ਨੂੰ ਤਿੰਨ ਕਾਲੇ ਖੇਤੀ ਕਾਨੂੰਨ ਤੁਰੰਤ ਰੱਦ ਕਰਨ ਦੀ ਅਪੀਲ ਕੀਤੀ ਹੈ ਅਤੇ ਅਜਿਹਾ ਨਾ ਕਰਨ ਦੀ ਸੂਰਤ ਵਿਚ ਉਨ੍ਹਾਂ ਦੀ ਸਰਕਾਰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾ ਕੇ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਮੁੱਢੋਂ ਰੱਦ ਕਰ ਦੇਵੇਗੀ ਤਾਂ ਕਿ ਕਿਸਾਨਾਂ ਅਤੇ ਖੇਤ ਕਾਮਿਆਂ ਦੇ ਹਿੱਤਾਂ ਦੀ ਰਾਖੀ ਕੀਤੀ ਜਾ ਸਕੇ ਜੋ ਪਹਿਲਾਂ ਹੀ ਡੂੰਘੇ ਆਰਥਿਕ ਸੰਕਟ ਵਿਚੋਂ ਗੁਜ਼ਰ ਰਹੇ ਹਨ।

ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸ. ਚੰਨੀ ਨੇ ਕਿਹਾ ਕਿ ਉਨ੍ਹਾਂ ਨੇ ਉਸ ਵੇਲੇ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਹ ਕਾਨੂੰਨ ਰੱਦ ਕਰਨ ਲਈ ਕਿਹਾ ਸੀ ਪਰ ਉਸ ਮੌਕੇ ਮੰਤਰੀ ਮੰਡਲ ਨੇ ਉਨ੍ਹਾਂ (ਕੈਪਟਨ ਅਮਰਿੰਦਰ ਸਿੰਘ) ਨੂੰ ਜਿਹੜਾ ਵੀ ਕਦਮ ਚਾਹੁਣ, ਉਹ ਚੁੱਕਣ ਲਈ ਅਧਿਕਾਰਤ ਕਰ ਦਿੱਤਾ ਸੀ।

ਹਾਲਾਂਕਿ, ਉਨ੍ਹਾਂ ਨੇ ਇਨ੍ਹਾਂ ਘਿਨਾਉਣੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਬਜਾਏ ਸੋਧੇ ਹੋਏ ਬਿੱਲ ਲਿਆਉਣ ਦਾ ਰਾਹ ਚੁਣਿਆ ਸੀ। ਕੇਂਦਰ ਸਰਕਾਰ ਨੂੰ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਲਈ ਲਾਮਿਸਾਲ ਕੁਰਬਾਨੀਆਂ ਲਈ ਸਰਹੱਦੀ ਸੂਬੇ ਨੂੰ ਮਾਨਤਾ ਦੇਣ ਦੀ ਅਪੀਲ ਕਰਦਿਆਂ ਸ. ਚੰਨੀ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਜੰਮੂ ਕਸ਼ਮੀਰ ਵਾਂਗ ਸੂਬੇ ਵਿਚ ਬੇਚੈਨੀ ਪੈਦਾ ਕਰਨ ਦੀ ਕੋਸ਼ਿਸ਼ ਨਹੀਂ ਕਰਨੀ ਚਾਹੀਦੀ ਸਗੋਂ ਮੁਲਕ ਦੇ ਵਡੇਰੇ ਹਿੱਤ ਵਿਚ ਕਿਸਾਨਾਂ ਦੇ ਚੱਲ ਰਹੇ ਸੰਘਰਸ਼ ਦਾ ਹੱਲ ਛੇਤੀ ਕੀਤਾ ਜਾਣਾ ਚਾਹੀਦਾ ਹੈ।

ਸੰਕਟ ਦੀ ਇਸ ਘੜੀ ਵਿਚ ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨਾਂ ਨਾਲ ਦ੍ਰਿੜ ਵਚਨਬੱਧਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਤੁਰੰਤ ਪ੍ਰਵਾਨ ਨਹੀਂ ਕਰਦੀ ਤਾਂ ਉਹ ਇਸ ਮੁੱਦੇ ਉਤੇ ਪੈਦਲ ਜਾਂ ਸਾਈਕਲ ਉਤੇ ਦਿੱਲੀ ਵੱਲ ਵਿਸ਼ਾਲ ਮਾਰਚ ਕੱਢਣ ਦੀ ਅਗਵਾਈ ਕਰਨਗੇ।ਇਨ੍ਹਾਂ ਖੇਤੀ ਕਾਨੂੰਨਾਂ ਦੇ ਖਿਲਾਫ਼ ਚੱਲ ਰਹੇ ਸੰਘਰਸ਼ ਵਿਚ ਕਿਸਾਨਾਂ ਅਤੇ ਖੇਤ ਕਾਮਿਆਂ ਨਾਲ ਇਕਜੁਟਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਉਹ ਕਿਸਾਨੀ ਸਰੋਕਾਰਾਂ ਦਾ ਸਮਰਥਨ ਕਰਦੇ ਰਹਿਣਗੇ।

ਉਨ੍ਹਾਂ ਨੇ ਅਫਸੋਸ ਜ਼ਾਹਰ ਕੀਤਾ ਕਿ ਇਹ ਕਾਨੂੰਨ ਸੂਬੇ ਦੀ ਕਿਸਾਨੀ ਨੂੰ ਪੂਰੀ ਤਰ੍ਹਾਂ ਤਬਾਹ ਕਰ ਦੇਣਗੇ ਕਿਉਂ ਜੋ ਸਾਡੇ ਕਿਸਾਨ ਪਹਿਲਾਂ ਹੀ ਇਕ ਲੱਖ ਕਰੋੜ ਰੁਪਏ ਦੇ ਬੋਝ ਹੇਠ ਦੱਬੇ ਹੋਏ ਹਨ ਜਿਸ ਕਰਕੇ ਕੇਂਦਰ ਸਰਕਾਰ ਨੂੰ ਇਸ ਵਿੱਤੀ ਸੰਕਟ ਵਿੱਚੋਂ ਬਾਹਰ ਕੱਢਣ ਲਈ ਅੱਗੇ ਆਉਣਾ ਚਾਹੀਦਾ ਹੈ। ਸ. ਚੰਨੀ ਨੇ ਕਿਹਾ ਕਿ ਇਹ ਹੈਰਾਨੀ ਦੀ ਗੱਲ ਹੈ ਕਿ ‘ਅੰਨਦਾਤੇ’ ਨੂੰ ਕੇਂਦਰ ਦੇ ਅੜੀਅਲ ਰਵੱਈਏ ਕਾਰਨ ‘ਭਿਖਾਰੀ’ ਬਣਨ ਲਈ ਮਜਬੂਰ ਹੋਣਾ ਪਿਆ ਹੈ।

ਉਨ੍ਹਾਂ ਅੱਗੇ ਕਿਹਾ, ‘‘ ਜੇਕਰ ਕੇਂਦਰ ਸਰਕਾਰ ਵੱਲੋਂ ਵੱਡੇ ਕਾਰਪੋਰੇਟ ਘਰਾਣਿਆਂ ਦੇ ਕਰਜ਼ੇ ਮੁਆਫ ਕੀਤੇ ਜਾ ਸਕਦੇ ਹਨ ਤਾਂ ਗਰੀਬ ਤੇ ਲੋੜਵੰਦ ਕਿਸਾਨਾਂ ਦੇ ਕਰਜ਼ੇ ’ਤੇ ਲਕੀਰ ਫੇਰਨ ਤੋਂ ਇਸ ਨੂੰ ਕੌਣ ਰੋਕਦਾ ਹੈ?’’ ਪਰ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਦੋ ਲੱਖ ਰੁਪਏ ਤੱਕ ਦੀ ਰਾਹਤ ਪ੍ਰਦਾਨ ਕੀਤੀ ਹੈ ਅਤੇ ਹੁਣ ਖੇਤੀ ਕਾਮਿਆਂ ਨੂੰ ਵੀ ਆਪਣੇ ਵਸੀਲਿਆਂ ਵਿਚੋਂ 25 ਹਜ਼ਾਰ ਰੁਪਏ ਤੱਕ ਦੀ ਰਾਹਤ ਦਿੱਤੀ ਜਾ ਰਹੀ ਹੈ।

ਕਾਲੇ ਖੇਤੀ ਕਾਨੂੰਨਾਂ ਖਿਲਾਫ ਅੰਦੋਲਨ ਵਿਚ ਆਪਣੀਆਂ ਜਾਨਾਂ ਗਵਾਉਣ ਵਾਲੇ ਕਿਸਾਨਾਂ ਦੇ ਪੀੜਿਤ ਪਰਿਵਾਰਾਂ ਦੇ ਜ਼ਖਮਾਂ ’ਤੇ ਮਲ੍ਹਮ ਲਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਨ੍ਹਾਂ ਪਰਿਵਾਰਿਕ ਮੈਂਬਰਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕਰਨ ਤੋਂ ਇਲਾਵਾ ਪ੍ਰਤੀ ਪਰਿਵਾਰ 5 ਲੱਖ ਰੁਪਏ ਵਿੱਤੀ ਸਹਾਇਤਾ ਵੀ ਮੁਹੱਈਆ ਕੀਤੀ ਹੈ।

ਭਾਵੁਕ ਹੁੰਦਿਆਂ ਮੁੱਖ ਮੰਤਰੀ ਨੇ ਜ਼ਿਕਰ ਕੀਤਾ ਕਿ ਉਨ੍ਹਾਂ ਨੇ ਨਿੱਜੀ ਤੌਰ ’ਤੇ ਅਜਿਹੇ ਪਰਿਵਾਰ ਨੂੰ ਨਿਯੁਕਤੀ ਪੱਤਰ ਸੌਂਪਿਆ ਸੀ ਜੋ ਬੇਹੱਦ ਗਰੀਬੀ ਭਰੇ ਹਾਲਾਤ ਵਿੱਚ ਰਹਿੰਦੇ ਹਨ ਅਤੇ ਜਿਨ੍ਹਾਂ ਦੇ ਘਰ ’ਤੇ ਛੱਤ ਵੀ ਨਹੀਂ ਹੈ। ਉਨ੍ਹਾਂ ਅੱਗੇ ਦੱਸਿਆ ਕਿ ਬਠਿੰਡਾ ਜ਼ਿਲ੍ਹੇ ਦੇ ਇਸ ਪੀੜਿਤ ਪਰਿਵਾਰ ਵੱਲੋਂ ਸਰਕਾਰ ਤੋਂ ਮਿਲੀ 5 ਲੱਖ ਰੁਪਏ ਦੀ ਵਿੱਤੀ ਮਦਦ ਨਾਲ ਆਪਣੇ ਘਰ ਦੀ ਉਸਾਰੀ ਕੀਤੀ ਜਾ ਰਹੀ ਸੀ।

ਬੇਘਰੇ ਲੋਕਾਂ ਨੂੰ ਰਹਿਣ ਲਈ ਘਰ ਮੁਹੱਈਆ ਕਰਵਾਉਣ ਨੂੰ ਆਪਣੀ ਸਰਕਾਰ ਦੀਆਂ ਤਰਜੀਹ ਕਰਾਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ 5-5 ਮਰਲੇ ਦੇ ਪਲਾਟਾਂ ਦੀ ਅਲਾਟਮੈਂਟ ਦੀ ਪ੍ਰਕਿਰਿਆ ਨੂੰ ਹੋਰ ਸੁਖਾਲਾ ਬਣਾਇਆ ਜਾ ਰਿਹਾ ਹੈ ਅਤੇ ਹੁਣ ਬੀ.ਡੀ.ਪੀ.ਓਜ਼. ਨੂੰ ਇਹ ਅਧਿਕਾਰ ਦਿੱਤੇ ਗਏ ਹਨ ਕਿ ਸਬੰਧਤ ਪਿੰਡ ਦੀ ਪੰਚਾਇਤ ਦੁਆਰਾ ਮਤਾ ਪਾਸ ਕੀਤੇ ਜਾਣ ਤੋਂ ਬਾਅਦ ਉਹ ਕੇਸਾਂ ਦਾ ਨਿਪਟਾਰਾ ਕਰ ਸਕਣ। ਪਲਾਟਾਂ ਦੀ ਯੋਗ ਲਾਭਪਾਤਰੀਆਂ ਨੂੰ ਅਲਾਟਮੈਂਟ ਸਬੰਧੀ ਪ੍ਰਕਿਰਿਆ ਦੀ ਪਛਾਣ ਕਰਕੇ ਇਸ ਨੂੰ ਇਕ ਮਹੀਨੇ ਵਿਚ ਅੰਤਿਮ ਰੂਪ ਦੇ ਦਿੱਤਾ ਜਾਵੇਗਾ।

ਟੀਵੀ ਪੰਜਾਬ ਬਿਊਰੋ