ਚੰਡੀਗੜ੍ਹ: ਪੰਜਾਬ ਦੇ ਸਿੱਖਿਆ ਅਤੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਪਰਗਟ ਸਿੰਘ ਨੇ ਸੀ.ਬੀ.ਐਸ.ਈ. ਵੱਲੋਂ ਦਸਵੀਂ ਤੇ ਬਾਰ੍ਹਵੀਂ ਦੀ ਜਾਰੀ ਡੇਟਸ਼ੀਟ ਵਿਚ ਪੰਜਾਬੀ ਵਿਸ਼ੇ ਨੂੰ ਮੁੱਖ ਵਿਸ਼ਿਆਂ ‘ਚੋਂ ਬਾਹਰ ਕੱਢਣ ਦੇ ਫ਼ੈਸਲੇ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਉਨ੍ਹਾਂ ਕੇਂਦਰੀ ਬੋਰਡ ਨੂੰ ਇਸ ਫ਼ੈਸਲੇ ਉਤੇ ਮੁੜ ਗ਼ੌਰ ਕਰਨ ਦੀ ਅਪੀਲ ਕੀਤੀ ਹੈ।
ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿਚ ਪਰਗਟ ਸਿੰਘ ਨੇ ਸੀ.ਬੀ.ਐਸ.ਈ. ਵੱਲੋਂ ਸਾਰੀਆਂ ਖੇਤਰੀ ਭਾਸ਼ਾਵਾਂ ਨੂੰ ਮਾਈਨਰ ਵਿਸ਼ਿਆਂ ਵਿਚ ਸ਼ਾਮਲ ਕਰਨ ਦੇ ਫ਼ੈਸਲੇ ਨੂੰ ਦੇਸ਼ ਭਰ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਨੂੰ ਆਪਣੀ ਮਾਤ ਭਾਸ਼ਾ ਤੋਂ ਦੂਰ ਕਰਨ ਦੀ ਸਾਜਿਸ਼ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਸਬੰਧਤ ਸੂਬਿਆਂ ਦੇ ਵਿਦਿਆਰਥੀਆਂ ਨਾਲ ਧੱਕਾ ਹੈ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਹ ਫੈਸਲਾ ਭਾਰਤੀ ਸੰਵਿਧਾਨ ਦੀ ਮੂਲ ਭਾਵਨਾ ਦੇ ਉਲਟ ਹੈ।ਪਰਗਟ ਸਿੰਘ ਨੇ ਅੱਗੇ ਕਿਹਾ ਕਿ ਘੱਟੋ-ਘੱਟ ਸਬੰਧਤ ਸੂਬੇ ਵਿਚ ਉੱਥੋਂ ਦੀ ਮਾਤ ਭਾਸ਼ਾ ਜਿਵੇਂ ਕਿ ਪੰਜਾਬ ਵਿਚ ਪੰਜਾਬੀ ਹੈ, ਨੂੰ ਮੁੱਖ ਵਿਸ਼ੇ ਵਿਚ ਰੱਖਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਹਰ ਸੂਬੇ ਵਿਚ ਉੱਥੋਂ ਦੀ ਮਾਤ ਭਾਸ਼ਾ ਮੁੱਖ ਵਿਸ਼ੇ ਵਿਚ ਸ਼ਾਮਲ ਹੋਵੇ। ਉਨ੍ਹਾਂ ਕਿਹਾ ਕਿ ਇਸ ਸੰਬੰਧੀ ਜੇ ਲੋੜ ਪਈ ਤਾਂ ਉਹ ਕੇਂਦਰੀ ਸਿੱਖਿਆ ਮੰਤਰੀ ਕੋਲ ਵੀ ਪਹੁੰਚ ਕਰ ਕੇ ਫੈਸਲਾ ਵਾਪਸ ਕਰਵਾਉਣ ਲਈ ਚਾਰਾਜੋਈ ਕਰਨਗੇ।
ਟੀਵੀ ਪੰਜਾਬ ਬਿਊਰੋ