ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਕਈ ਵੱਡੇ ਖੁਲਾਸੇ ਅਤੇ ਗ੍ਰਿਫਤਾਰੀਆਂ ਹੋ ਰਹੀਆਂ ਹਨ। ਇਸ ਦੇ ਨਾਲ ਹੀ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਮੂਸੇਵਾਲਾ ਕੇਸ ਵਿੱਚ ਤਿੰਨ ਮੁਲਜ਼ਮਾਂ ਪ੍ਰਿਅਵਰਤ ਫੌਜੀ, ਉਸ ਦੇ ਸਾਥੀ ਕਸ਼ਿਸ਼ ਅਤੇ ਕੇਸ਼ਵ ਨੂੰ ਦਿੱਲੀ ਦੀ ਅਦਾਲਤ ਵਿੱਚ ਪੇਸ਼ ਕੀਤਾ। ਜਿੱਥੇ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਹੋਰ ਰਿਮਾਂਡ ਨਹੀਂ ਮੰਗਿਆ ਅਤੇ ਅਦਾਲਤ ਨੇ ਤਿੰਨਾਂ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਜਿਸ ਤੋਂ ਬਾਅਦ ਹੁਣ ਮੰਨਿਆ ਜਾ ਰਿਹਾ ਹੈ ਕਿ ਪੰਜਾਬ ਪੁਲਿਸ ਕਿਸੇ ਵੀ ਸਮੇਂ ਇਨ੍ਹਾਂ ਤਿੰਨਾਂ ਨੂੰ ਪ੍ਰੋਡਕਸ਼ਨ ਵਾਰੰਟਾਂ ਰਾਹੀਂ ਆਪਣੀ ਹਿਰਾਸਤ ਵਿੱਚ ਲੈ ਸਕਦੀ ਹੈ। ਇਸ ਦੇ ਨਾਲ ਹੀ ਮਾਨਸਾ ਪੁਲਿਸ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਇਨ੍ਹਾਂ ਤਿੰਨਾਂ ਨੂੰ ਆਪਣੀ ਹਿਰਾਸਤ ਵਿੱਚ ਲੈਣ ਦੀ ਤਿਆਰੀ ਕਰ ਰਹੀ ਹੈ। ਪੁਲੀਸ ਦੀ ਟੀਮ ਦਿੱਲੀ ਵਿੱਚ ਕਾਨੂੰਨੀ ਪ੍ਰਕਿਰਿਆ ਪੂਰੀ ਕਰ ਰਹੀ ਹੈ ਅਤੇ ਉਮੀਦ ਹੈ ਕਿ ਕੱਲ੍ਹ ਦੁਪਹਿਰ ਤੱਕ ਤਿੰਨਾਂ ਮੁਲਜ਼ਮਾਂ ਨੂੰ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾ ਸਕਦਾ ਹੈ।