ਚੰਡੀਗੜ੍ਹ: ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਵੱਲੋਂ ਪਾਰਲੀਮੈਂਟ ਸੈਸ਼ਨ ਦੇ ਸਮਾਨੰਤਰ ਹੋ ਰਹੀ ਕਿਸਾਨ ਸੰਸਦ ਵਿਚ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਦੇ ਨੁਮਾਇੰਦੇ 5 ਅਗਸਤ ਨੂੰ ਸ਼ਾਮਲ ਹੋਣਗੇ।
ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਸਿਰਸਾ ਦੀ ਅਗਵਾਈ ਹੇਠ ਪੰਜਾਬੀ ਲੇਖਕਾਂ ਦਾ ਇਕ ਜਥਾ ਜੰਤਰ-ਮੰਤਰ ਨਵੀਂ ਦਿੱਲੀ ਵਿਖੇ ਵਿਚਾਰ ਚਰਚਾ ਵਿਚ ਸ਼ਾਮਲ ਹੋਵੇਗਾ।
ਸੁਖਦੇਵ ਸਿੰਘ ਸਿਰਸਾ ਨੇ ਕਿਹਾ ਕਿ ਪ੍ਰੋ. ਜੋਗਾ ਸਿੰਘ, ਮੱਖਣ ਕੋਹਾੜ, ਅਰਵਿੰਦਰ ਕੌਰ ਕਾਕੜਾ ਅਤੇ ਜਸਪਾਲ ਮਾਨਖੇੜਾ ਸੰਯੁਕਤ ਕਿਸਾਨ ਮੋਰਚਾ ਦੇ ਜੱਥੇ ਨਾਲ ਜੰਤਰ-ਮੰਤਰ ਵਿਖੇ ਕਿਸਾਨ ਪ੍ਰਦਰਸ਼ਨ ਅਤੇ ਕਿਸਾਨ ਸੰਸਦ ਵਿਚ ਕੇਂਦਰੀ ਪੰਜਾਬੀ ਲੇਖਕ ਸਭਾ ਦੀ ਨੁਮਾਇੰਦਗੀ ਕਰਨਗੇ।
ਉਨ੍ਹਾਂ ਕਿਹਾ ਕਿ ਕੇਂਦਰੀ ਪੰਜਾਬੀ ਲੇਖਕ ਸਭਾ ਕਿਸਾਨ ਸੰਘਰਸ਼ ਦੇ ਆਰੰਭ ਤੋਂ ਹੀ ਕਿਸਾਨਾਂ ਦੀਆਂ ਹੱਕੀ ਮੰਗਾਂ ਦਾ ਸਮਰਥਨ ਕਰਦੀ ਆ ਰਹੀ ਹੈ ਅਤੇ ਭਵਿੱਖ ਵਿਚ ਵੀ ਉਹ ਕਿਸਾਨਾਂ ਅਤੇ ਮਜ਼ਦੂਰਾਂ ਦੇ ਸੰਘਰਸ਼ ਦਾ ਡਟ ਕੇ ਸਮਰਥਨ ਕਰਨਗੇ।
ਟੀਵੀ ਪੰਜਾਬ ਬਿਊਰੋ