ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਵੱਲੋਂ ਅੰਮ੍ਰਿਤਸਰ ਦਾ ਅਚਾਨਕ ਦੌਰਾ

ਅੰਮ੍ਰਿਤਸਰ : ਪੰਜਾਬ ਦੇ ਟਰਾਂਸਪੋਰਟ ਮੰਤਰੀ ਤੇ ਕਾਂਗਰਸ ਦੇ ਤੇਜ਼ ਤਰਾਰ ਨੇਤਾ ਅਮਰਿੰਦਰ ਸਿੰਘ ਰਾਜਾ ਵੜਿੰਗ ਜਦੋ ਤੋਂ ਮੰਤਰੀ ਮੰਡਲ ਵਿਚ ਸ਼ਾਮਿਲ ਹੋਏ ਹਨ ਲਗਾਤਾਰ ਸਰਗਰਮ ਦਿਖਾਈ ਦੇ ਰਹੇ ਹਨ। ਉਨ੍ਹਾਂ ਵੱਲੋਂ ਅੱਜ ਅੰਮ੍ਰਿਤਸਰ ਦਾ ਅਚਨਚੇਤ ਦੌਰਾ ਕਰਕੇ ਜਿੱਥੇ ਬੱਸ ਅੱਡੇ ਦੀ ਸਾਫ਼-ਸਫ਼ਾਈ ਦਾ ਜਾਇਜ਼ਾ ਲਿਆ ਗਿਆ ਉੱਥੇ ਹੀ ਨਜਾਇਜ਼ ਤੌਰ ‘ਤੇ ਚੱਲ ਰਹੀਆਂ ਨਿੱਜੀ ਬੱਸਾਂ ਨੂੰ ਤੁਰੰਤ ਜ਼ਬਤ ਕਰਨ ਦੇ ਹੁਕਮ ਜਾਰੀ ਕੀਤੇ ਗਏ।

ਜ਼ਿਕਰਯੋਗ ਹੈ ਕਿ ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਇਸ ਤੋਂ ਪਹਿਲਾਂ ਬੀਤੇ ਦਿਨੀਂ ਪਟਿਆਲਾ ਬੱਸ ਸਟੈਂਡ ‘ਤੇ ਪੁੱਜੇ ਸਨ ਅਤੇ ਉਨ੍ਹਾਂ ਨੇ ਇੱਥੇ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਭਰੋਸਾ ਦਿਵਾਇਆ ਕਿ ਜਲਦ ਹੀ ਉਨ੍ਹਾਂ ਦੀਆਂ ਦਿੱਕਤਾਂ ਨੂੰ ਦੂਰ ਕਰ ਦਿੱਤਾ ਜਾਵੇਗਾ।

ਉਨ੍ਹਾਂ ਕੱਚੇ ਮੁਲਾਜ਼ਮਾਂ ਸਬੰਧੀ ਗੱਲਬਾਤ ਕਰਦਿਆਂ ਉਨ੍ਹਾਂ ਦੀ ਤਨਖ਼ਾਹ ‘ਚ 30 ਫ਼ੀਸਦੀ ਵਾਧਾ ਕਰਨ ਦੀ ਗੱਲ ਵੀ ਕੀਤੀ ਸੀ। ਆਪਣੇ ਇਸ ਅਚਨਚੇਤੀ ਦੌਰੇ ਦੌਰਾਨ ਉਨ੍ਹਾਂ ਨੇ ਕਰਮਚਾਰੀਆਂ ਅਤੇ ਅਧਿਕਾਰੀਆਂ ਤੋਂ ਪੀਆਰਟੀਸੀ ਅਤੇ ਪੰਜਾਬ ਰੋਡਵੇਜ਼ ਜਿਹੇ ਜਨਤਕ ਅਦਾਰਿਆਂ ਨੂੰ ਕਾਮਯਾਬ ਕਰਨ ਵਿਚ ਉਨ੍ਹਾਂ ਦੇ ਭਰਪੂਰ ਸਹਿਯੋਗ ਦੀ ਮੰਗ ਕੀਤੀ ਸੀ।

ਟੀਵੀ ਪੰਜਾਬ ਬਿਊਰੋ