ਵਿਸਾਖੀ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਪਹੁੰਚੀ ਸੰਗਤ

ਡੈਸਕ- ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਦੇ ਪਾਵਨ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੌਣਕਾਂ ਦੇਖਣ ਨੂੰ ਮਿਲ ਰਹੀਆਂ ਹਨ। ਸੰਗਤਾਂ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਚ ਦਰਸ਼ਨਾਂ ਲਈ ਪਹੁੰਚ ਰਹੀ ਹੈ। ਵਿਸਾਖੀ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਸੰਗਤਾਂ ਦੇ ਉਤਸ਼ਾਹ ਦਾ ਅੰਦਾਜਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਸੰਗਤਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ 4-5 ਘੰਟੇ ਲਈ ਲਾਈਨਾਂ ਵਿੱਚ ਖੜ੍ਹੇ ਹੋਣਾ ਪੈ ਰਿਹਾ ਹੈ। ਪਰ ਇਸ ਪਾਵਨ ਅਵਸਰ ਮੌਕੇ ਸੰਗਤਾਂ ਅੰਦਰ ਵੱਖਰਾ ਹੀ ਜੋਸ਼ ਵੇਖਿਆ ਗਿਆ।

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੰਭਾਵਿਤ ਲੋਕ ਸਭਾ ਹਲਕਾ ਉਮੀਦਵਾਰ ਅਨਿਲ ਜੋਸ਼ੀ ਵੀ ਗੁਰੂ ਘਰ ਵਿੱਚ ਮੱਥਾ ਟੇਕਣ ਦੇ ਲਈ ਪੁੱਜੇ। ਦਰਸ਼ਨਾਂ ਤੋਂ ਬਾਅਦ ਅਨਿਲ ਜੋਸ਼ੀ ਨੇ ਕਿਹਾ ਕਿ ਪੰਜਾਬ ਹਮੇਸ਼ਾ ਚੜ੍ਹਦੀ ਕਲਾ ਵਿੱਚ ਰਹੇ ਅਸੀਂ ਇਹੀ ਅਰਦਾਸ ਕਰਨ ਗੁਰੂ ਪਾਤਸ਼ਾਹ ਦੇ ਚਰਨਾਂ ਵਿੱਚ ਆਏ ਹਾਂ। ਉਹਨਾਂ ਕਿਹਾ ਕਿ ਅਗਾਮੀ ਲੋਕ ਸਭਾ ਚੋਣਾਂ ਲਈ ਗੁਰੂ ਪਾਤਸ਼ਾਹ ਦਾ ਅਸੀਰਵਾਦ ਲੈਣ ਆਏ ਹਾਂ ਤਾਂ ਜੋ ਅਸੀਂ ਗੁਰੂ ਦੀ ਪਵਿੱਤਰ ਨਗਰੀ ਦੀ ਫਿਰ ਦੁਬਾਰਾ ਸੇਵਾ ਕਰ ਸਕੀਏ।

ਇਸ ਮੌਕੇ ਜਲ੍ਹਿਆਂਵਾਲਾ ਬਾਗ ਵਿੱਚ ਵੀ ਵੱਡੀ ਗਿਣਤੀ ਵਿੱਚ ਲੋਕ ਪਹੁੰਚ ਰਹੇ ਹਨ ਅਤੇ ਸ਼ਹੀਦਾਂ ਨੂੰ ਸ਼ਰਧਾਂਜ਼ਲੀਆਂ ਭੇਂਟ ਕਰ ਰਹੇ ਹਨ। ਇਸੇ ਦਿਨ ਅੰਗਰੇਜ਼ੀ ਹਕੂਮਤ ਨੇ ਨਿਹੱਥੇ ਲੋਕਾਂ ਤੇ ਗੋਲੀਆਂ ਚਲਵਾ ਦਿੱਤੀਆਂ। ਜਿਸ ਕਾਰਨ ਸੈਂਕੜੇ ਲੋਕਾਂ ਨੂੰ ਆਪਣੀ ਜਾਨ ਗੁਆਉਣੀ ਪਈ ਸੀ।

ਉੱਥੇ ਹੀ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਮਨਜੀਤ ਸਿੰਘ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਦਿਹਾੜੇ ਨੂੰ ਦੇਸ਼ ਅਤੇ ਵਿਦੇਸ਼ ਵਿੱਚ ਵਸਦੀ ਸਿੱਖ ਨਾਮ ਲੇਵਾ ਸੰਗਤ ਇਹ ਦਿਹਾੜਾ ਮਨਾ ਰਹੀ ਹੈ। ਸੱਚਖੰਡ ਵਿਖੇ ਆਉਣ ਵਾਲੀ ਸੰਗਤ ਲਈ ਸ਼੍ਰੋਮਣੀ ਕਮੇਟੀ ਵੱਲੋਂ ਲੰਗਰ ਅਤੇ ਛਬੀਲ ਦਾ ਬਹੁਤ ਵਧੀਆ ਪ੍ਰਬੰਧ ਕੀਤਾ ਗਿਆ ਹੈ। ਖਾਲਸੇ ਦੇ ਸਾਜਨਾ ਦਿਵਸ ਦੇ ਸਬੰਧ ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵਿਸ਼ੇਸ਼ ਸਮਾਗਮਾਂ ਦਾ ਅਯੋਜਿਨ ਕੀਤਾ ਗਿਆ ਹੈ। ਦੇਸ਼ ਵਿਦੇਸ਼ਾਂ ਆਈਆਂ ਸੰਗਤਾਂ ਵਡਭਾਗੀ ਹਨ ਉਨ੍ਹਾਂ ਨੂੰ ਅੱਜ ਦੇ ਪਾਵਨ ਦਿਹਾੜੇ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਦਾ ਸੁਭਾਗ ਪ੍ਰਾਪਤ ਹੋਇਆ ਹੈ।