ਅੱਜ ਤੋਂ ਸ਼ੁਰੂ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ,ਅਹਿਮ ਮੁੱਦਿਆਂ ‘ਤੇ ਹੋਵੇਗੀ ਚਰਚਾ

ਡੈਸਕ- ਪੰਜਾਬ ਵਿਧਾਨ ਸਭਾ ਦਾ ਦੋ ਰੋਜ਼ਾ ਵਿਸ਼ੇਸ਼ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਅੱਜ ਹੋਣ ਵਾਲੀ ਕੈਬਨਿਟ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਅਤੇ ਹੋਰ ਮੰਤਰੀ ਵੀ ਵਿਧਾਨ ਸਭਾ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਪਹੁੰਚਣਗੇ। ਪਹਿਲੇ ਦਿਨ ਪੰਜਾਬ ਨਾਲ ਸਬੰਧਤ ਕਈ ਅਹਿਮ ਮੁੱਦਿਆਂ ‘ਤੇ ਚਰਚਾ ਹੋਵੇਗੀ। ਸੋਮਵਾਰ ਨੂੰ ਸਦਨ ‘ਚ ਮ੍ਰਿਤਕਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ।

ਮੁੱਖ ਮੰਤਰੀ ਭਗਵੰਤ ਮਾਨ ਸੈਸ਼ਨ ਦੌਰਾਨ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਹਿੱਸੇ ਵਿੱਚੋਂ ਰੋਕੇ ਗਏ ਹਜ਼ਾਰਾਂ ਕਰੋੜ ਰੁਪਏ ਪੇਂਡੂ ਵਿਕਾਸ ਫੰਡ (RDF) ਅਤੇ ਨੈਸ਼ਨਲ ਹੈਲਥ ਮਿਸ਼ਨ (NHM) ਬਾਰੇ ਵੀ ਚਰਚਾ ਕਰਨਗੇ। ਇਸ ਦੇ ਨਾਲ ਹੀ ਪੰਜਾਬ ਨਾਲ ਸਬੰਧਤ ਕਈ ਮੁੱਦਿਆਂ ‘ਤੇ ਸਮਝੌਤੇ ਕੀਤੇ ਜਾਣਗੇ। CM ਮਾਨ ਨੇ ਸਪੱਸ਼ਟ ਕੀਤਾ ਹੈ ਕਿ ਸੈਸ਼ਨ ਦੇ ਦੂਜੇ ਦਿਨ ਸਿੱਖ ਗੁਰਦੁਆਰਾ ਐਕਟ ਵਿੱਚ ਨਵੀਂ ਧਾਰਾ ਜੋੜਨ ਦਾ ਪ੍ਰਸਤਾਵ ਲਿਆ ਕੇ ਪਾਸ ਕੀਤਾ ਜਾਵੇਗਾ।

ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਕੇਂਦਰ ਖ਼ਿਲਾਫ਼ ਵੀ ਪ੍ਰਸਤਾਵ ਲਿਆਂਦਾ ਜਾ ਸਕਦਾ ਹੈ। ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਅਤੇ ‘ਆਪ’ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਦੇ ਕੇਸ ਵੀ ਸਦਨ ਦੇ ਅੰਦਰ ਅਤੇ ਵਿਧਾਨ ਸਭਾ ਕੰਪਲੈਕਸ ਵਿੱਚ ਉਠਾਏ ਜਾਣਗੇ। ਦੋਵੇਂ ਦਿਨ ਸਦਨ ਵਿੱਚ ਹੰਗਾਮਾ ਹੋਣ ਦੀ ਪੂਰੀ ਸੰਭਾਵਨਾ ਹੈ।