Site icon TV Punjab | Punjabi News Channel

ਸਾਬਕਾ CM ਚਰਨਜੀਤ ਸਿੰਘ ਚੰਨੀ ‘ਤੇ ਵਿਜੀਲੈਂਸ ਨੇ ਕੱਸਿਆ ਸ਼ਿਕੰਜਾ, ਜਾਂਚ ਲਈ ਕੀਤਾ ਤਲਬ

ਚੰਡੀਗੜ੍ਹ- ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਮੁਸ਼ਕਿਲਾਂ ਵੱਧਦੀਆਂ ਜਾਪ ਰਹੀਆਂ ਨੇ । ਚੰਨੀ ‘ਤੇ ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਸ਼ਿਕੰਜਾ ਕੱਸ ਲਿਆ ਹੈ। ਬਿਊਰੋ ਨੇ ਉਨ੍ਹਾਂ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ ਉਨ੍ਹਾਂ ਨੂੰ ਵੀ ਬੁੱਧਵਾਰ ਸਵੇਰੇ 10.30 ਵਜੇ ਤਲਬ ਕੀਤਾ ਹੈ। ਇਹ ਪਹਿਲੀ ਵਾਰ ਹੈ ਜਦੋਂ ਚੰਨੀ ਨੂੰ ਵਿਜੀਲੈਂਸ ਵੱਲੋਂ ਤਲਬ ਕੀਤਾ ਗਿਆ ਹੈ।

ਵਿਜੀਲੈਂਸ ਵੱਲੋਂ ਵੀ ਪੁੱਛਗਿੱਛ ਲਈ ਪੂਰੀ ਰਣਨੀਤੀ ਤਿਆਰ ਕਰ ਲਈ ਗਈ ਹੈ। ਉਨ੍ਹਾਂ ਦੀ ਜਾਇਦਾਦ ਦੇ ਵੇਰਵੇ ਵੀ ਇਕੱਠੇ ਕੀਤੇ ਗਏ ਹਨ, ਤਾਂ ਜੋ ਜਦੋਂ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾਵੇ ਤਾਂ ਵਿਜੀਲੈਂਸ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਨੂੰ ਆਪਣੀ ਜਾਇਦਾਦ ਦਾ ਵੇਰਵਾ ਦੇਣ ਲਈ ਵੀ ਕਿਹਾ ਗਿਆ ਹੈ। ਦੱਸ ਦੇਈਏ ਕਿ ਵਿਜੀਲੈਂਸ ਨੇ ਅਜੇ ਤੱਕ ਚੰਨੀ ਖਿਲਾਫ ਕੋਈ ਕੇਸ ਦਰਜ ਨਹੀਂ ਕੀਤਾ ਹੈ।

ਜਦੋਂ ਪਿਛਲੇ ਸਾਲ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਏ ਸਨ। ਉਸ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਵਿਦੇਸ਼ ਚਲੇ ਗਏ ਸਨ। ਇਸ ਤੋਂ ਬਾਅਦ ਚਰਚਾ ਸ਼ੁਰੂ ਹੋ ਗਈ ਸੀ ਕਿ ਚੰਨੀ ਵਿਦੇਸ਼ ਭੱਜ ਗਏ ਹਨ। ਹਾਲਾਂਕਿ ਚੰਨੀ ਨੇ ਉਸ ਸਮੇਂ ਕਿਹਾ ਸੀ ਕਿ ਉਨ੍ਹਾਂ ਦੀਆਂ ਅੱਖਾਂ ਦਾ ਇਲਾਜ ਚੱਲ ਰਿਹਾ ਹੈ, ਇਸੇ ਲਈ ਉਹ ਵਿਦੇਸ਼ ਆਏ ਸਨ, ਜਿਸ ਤੋਂ ਬਾਅਦ ਚੰਨੀ ਪਰਤ ਆਏ ਸਨ। ਆਪਣੇ ਹਲਕੇ ਵਿੱਚ ਵੀ ਸਰਗਰਮ ਹੋ ਗਏ। ਉਨ੍ਹਾਂ ਵਿਰੁੱਧ ਪਿਛਲੇ ਸਾਲ ਐਲ.ਓ.ਸੀ. ਜਾਰੀ ਕਰ ਦਿੱਤੀ ਗਈ ਸੀ।

ਉਥੇ ਹੀ ਹਾਲ ਹੀ ਵਿੱਚ ਚਰਚਾ ਚੱਲ ਰਹੀ ਸੀ ਕਿ ਚਰਨਜੀਤ ਸਿੰਘ ਚੰਨੀ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ। ਇਸ ਤੋਂ ਬਾਅਦ ਕਾਂਗਰਸ ਨੇਤਾ ਸ਼ਸ਼ੀ ਥਰੂਰ ਅਤੇ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਉਨ੍ਹਾਂ ਦੇ ਘਰ ਪਹੁੰਚੇ ਸਨ। ਹਾਲਾਂਕਿ ਉਨ੍ਹਾਂ ਦਾਅਵਾ ਕੀਤਾ ਕਿ ਅਜਿਹੀ ਕੋਈ ਗੱਲ ਨਹੀਂ ਹੈ।

Exit mobile version