ਮਨਪ੍ਰੀਤ ਬਾਦਲ ਨੂੰ ਭਗੌੜਾ ਐਲਾਨਣ ਦੀ ਤਿਆਰੀ ‘ਚ ਵਿਜੀਲੈਂਸ, ਚਾਹਲ ਦਾ ਨਾਂ ਸ਼ਾਮਿਲ

ਡੈਸਕ- ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ ਦੀਆਂ ਆਉਣ ਵਾਲੇ ਸਮੇਂ ‘ਚ ਮੁਸ਼ਕਲਾਂ ਹੋਰ ਵੱਧ ਸਕਦੀਆਂ ਹਨ। ਪੰਜਾਬ ਵਿਜੀਲੈੈਂਸ ਇਹਨਾਂ ਖਿਲਾਫ਼ ਇੱਕ ਹੋਰ ਵੱਡੀ ਕਾਰਵਾਈ ਕਰਨ ਜਾਰ ਰਹੀ ਹੈ। ਕਾਫ਼ੀ ਭਾਲ ਕਰਨ ਤੋਂ ਬਾਅਦ ਹੁਣ ਦੋਵਾਂ ਨੂੰ ਭਗੌੜਾ ਕਰਾਰ ਦੇਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।

ਵਿਜੀਲੈਂਸ ਬਿਊਰੋ ਵੱਲੋਂ ਦੋਵਾਂ ਮੁਲਜ਼ਮਾਂ ਨੂੰ ਫੜਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਦੌਰਾਨ ਵਿਜੀਲੈਂਸ ਬਿਊਰੋ ਵੱਲੋਂ ਅਦਾਲਤ ਤੋਂ ਮੁਲਜ਼ਮਾਂ ਨੂੰ ਭਗੌੜਾ ਕਰਾਰ ਕਰਵਾਉਣ ਲਈ ਰਸਮੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਵਿਜੀਲੈਂਸ ਬਿਊਰੋ ਨੇ ਪਲਾਟ ਘੁਟਾਲੇ ਨਾਲ ਸਬੰਧਤ 65 ਲੱਖ ਰੁਪਏ ਦੇ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਮਨਪ੍ਰੀਤ ਬਾਦਲ ਨੂੰ ਘੇਰਨ ਲਈ ਨਵੀਂ ਰਣਨੀਤੀ ਘੜੀ ਹੈ। ਵਿਜੀਲੈਂਸ ਹੁਣ ਉਸ ਨੂੰ ਭਗੌੜਾ ਐਲਾਨਣ ਦੀ ਤਿਆਰੀ ਕਰ ਰਹੀ ਹੈ। ਵਿਜੀਲੈਂਸ ਜਲਦ ਹੀ ਅਦਾਲਤ ਦਾ ਰੁਖ ਕਰਨ ਜਾ ਰਹੀ ਹੈ।

ਹਾਲਾਂਕਿ ਮਨਪ੍ਰੀਤ ਬਾਦਲ ਦੀ ਅਗਾਊਂ ਜ਼ਮਾਨਤ ਪਟੀਸ਼ਨ ‘ਤੇ ਅੱਜ 4 ਅਕਤੂਬਰ ਨੂੰ ਸੁਣਵਾਈ ਹੋਵੇਗੀ। ਦੂਜੇ ਪਾਸੇ ਵਿਜੀਲੈਂਸ ਮਨਪ੍ਰੀਤ ਬਾਦਲ ਦੀ ਪਟੀਸ਼ਨ ਰੱਦ ਕਰਵਾਉਣ ਲਈ ਪੂਰੀ ਕੋਸ਼ਿਸ਼ ਕਰ ਰਹੀ ਹੈ। ਇਸ ਤੋਂ ਬਾਅਦ ਵਿਜੀਲੈਂਸ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਕੇ ਉਸ ਨੂੰ ਭਗੌੜਾ ਕਰਾਰ ਦੇਣ ਦੀ ਮੰਗ ਕਰੇਗੀ।ਮਨਪ੍ਰੀਤ ਸਿੰਘ ਬਾਦਲ ਪਿਛਲੇ ਇਕ ਹਫ਼ਤੇ ਤੋਂ ਫ਼ਰਾਰ ਚੱਲ ਰਹੇ ਹਨ।ਮਨਪ੍ਰੀਤ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਧੋਖਾਧੜੀ ਤੇ ਹੋਰਨਾਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਕੈਪਟਨ ਦੇ ਸਲਾਹਕਾਰ ਰਹਿ ਚੁੱਕੇ ਭਰਤ ਇੰਦਰ ਚਾਹਲ ਖ਼ਿਲਾਫ਼ ਬੀਤੇ ਅਗਸਤ ਮਹੀਨੇ ‘ਚ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਦਰਜ ਕੀਤਾ ਗਿਆ ਸੀ।

ਚਾਹਲ ਮਾਮਲਾ ਦਰਜ ਹੋਣ ਤੋਂ ਬਾਅਦ ਲਗਾਤਾਰ ਰੂਪੋਸ਼ ਚੱਲ ਰਹੇ ਹਨ। ਵਿਜੀਲੈਂਸ ਬਿਊਰੋ ਵੱਲੋਂ ਚਾਹਲ ਨੂੰ ਫੜਨ ਲਈ ਵੀ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਹਾਲਾਂਕਿ ਵਿਜੀਲੈਂਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਦੋਵੇਂ ਮੁਲਜ਼ਮ ਦੇਸ਼ ਵਿਚ ਹੀ ਹਨ। ਦੋਵਾਂ ਮੁਲਜ਼ਮਾਂ ਖ਼ਿਲਾਫ਼ ਲੁਕਆਊਟ ਨੋਟਿਸ ਜਾਰੀ ਕੀਤਾ ਗਿਆ ਹੈ।