ਧਿਆਨ ਨਾਲ ਚਲਾਓ ਗੱਡੀਆਂ, ਪੰਜਾਬ ‘ਚ ਛਾਈ ਸੰਘਣੀ ਧੁੰਦ, ਇਨ੍ਹਾਂ 2 ਦਿਨਾਂ ਨੂੰ ਮੀਂਹ ਪੈਣ ਦੇ ਆਸਾਰ

ਡੈਸਕ- ਪੰਜਾਬ ਵਿੱਚ ਸੋਮਵਾਰ ਨੂੰ ਵੀ ਸੰਘਣੀ ਧੁੰਦ ਜਾ ਪ੍ਰਕੋਪ ਜਾਰੀ ਰਿਹਾ। ਇਹੀ ਕਾਰਨ ਸੀ ਕਿ ਅੰਮ੍ਰਿਤਸਰ, ਲੁਧਿਆਣਾ, ਪਟਿਆਲਾ ਅਤੇ ਫਰੀਦਕੋਟ ਵਿੱਚ ਵਿਜ਼ੀਬਿਲਟੀ 50 ਮੀਟਰ ਤੋਂ ਵੀ ਘੱਟ ਰਹੀ। ਮੌਸਮ ਵਿਭਾਗ ਨੇ ਮੰਗਲਵਾਰ ਅਤੇ ਬੁੱਧਵਾਰ ਲਈ ਆਰੇਂਜ ਅਲਰਟ ਵੀ ਜਾਰੀ ਕੀਤਾ ਹੈ। ਇਸ ਤਹਿਤ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਸੰਘਣੀ ਧੁੰਦ ਛਾਈ ਰਹੇਗੀ। ਵਿਭਾਗ ਨੇ ਲੋਕਾਂ ਨੂੰ ਡਰਾਈਵਿੰਗ ਕਰਦੇ ਸਮੇਂ ਜ਼ਿਆਦਾ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ।

ਸੋਮਵਾਰ ਨੂੰ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਵੀ 1.9 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਵਿਭਾਗ ਦੀ ਭਵਿੱਖਬਾਣੀ ਅਨੁਸਾਰ 30 ਅਤੇ 31 ਦਸੰਬਰ ਨੂੰ ਪੰਜਾਬ ਦੇ ਮਾਝਾ ਅਤੇ ਦੋਆਬਾ ਖੇਤਰ ਦੇ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਪੰਜਾਬ ਵਿੱਚ ਅੱਜ ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 23 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਅੰਮ੍ਰਿਤਸਰ ‘ਚ 21.7 ਡਿਗਰੀ, ਲੁਧਿਆਣਾ ‘ਚ 22.4, ਪਟਿਆਲਾ ‘ਚ 19.3, ਪਠਾਨਕੋਟ ‘ਚ 22.9, ਗੁਰਦਾਸਪੁਰ ‘ਚ 17.0, ਫਤਿਹਗੜ੍ਹ ਸਾਹਿਬ ‘ਚ 20.2 ਅਤੇ ਮੋਗਾ ‘ਚ 19.7 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।

ਦੂਜੇ ਪਾਸੇ ਪੰਜਾਬ ਦੇ ਘੱਟੋ-ਘੱਟ ਤਾਪਮਾਨ ਵਿੱਚ 0.3 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਗੁਰਦਾਸਪੁਰ ਵਿੱਚ ਸਭ ਤੋਂ ਘੱਟ ਤਾਪਮਾਨ 5.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜਦਕਿ ਅੰਮ੍ਰਿਤਸਰ ‘ਚ 7.2 ਡਿਗਰੀ, ਲੁਧਿਆਣਾ ‘ਚ 7.1, ਪਟਿਆਲਾ ‘ਚ 8.7, ਪਠਾਨਕੋਟ ‘ਚ 6.5, ਬਠਿੰਡਾ ‘ਚ 6.2, ਜਲੰਧਰ ‘ਚ 9.3 ਅਤੇ ਮੋਗਾ ‘ਚ 8.6 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।