ਡੈਸਕ- ਉੱਤਰੀ ਭਾਰਤ ਵਿੱਚ ਮੌਸਮ ਨੇ ਇੱਕ ਵਾਰ ਫਿਰ ਕਰਵਟ ਲਈ ਹੈ। ਅੱਜ ਪੰਜਾਬ ਦੇ 17 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਮੋਗਾ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਬਰਨਾਲਾ, ਸੰਗਰੂਰ, ਰੂਪਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਦਕਿ ਬਾਕੀ 5 ਜ਼ਿਲਿਆਂ ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ ਅਤੇ ਮਾਨਸਾ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਤੇਜ਼ ਹਵਾਵਾਂ ਦੇ ਨਾਲ ਮੀਂਹ ਅਤੇ ਗੜੇ ਪੈਣ ਦੀ ਸੰਭਾਵਨਾ ਹੈ।
ਇਸ ਦੇ ਨਾਲ ਹੀ ਚੰਡੀਗੜ੍ਹ ਤੋਂ ਇਲਾਵਾ ਹਰਿਆਣਾ ਦੇ 10 ਜ਼ਿਲ੍ਹਿਆਂ ਅੰਬਾਲਾ, ਯਮੁਨਾਨਗਰ, ਕੁਰੂਕਸ਼ੇਤਰ, ਕੈਥਲ, ਕਰਨਾਲ, ਜੀਂਦ, ਪਾਣੀਪਤ, ਸੋਨੀਪਤ, ਰੋਹਤਕ ਅਤੇ ਝੱਜਰ ਵਿੱਚ ਆਰੇਂਜ ਅਲਰਟ ਅਤੇ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਦਿੱਤਾ ਗਿਆ ਹੈ। ਇੱਥੇ ਵੀ ਤੇਜ਼ ਹਵਾਵਾਂ ਅਤੇ ਮੀਂਹ ਦੇ ਨਾਲ ਗੜੇ ਪੈਣ ਦੀ ਸੰਭਾਵਨਾ ਹੈ।
ਹਿਮਾਚਲ ਪ੍ਰਦੇਸ਼ ਵਿੱਚ ਅੱਜ ਭਾਰੀ ਮੀਂਹ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ। ਅਨੁਮਾਨ ਹੈ ਕਿ ਇੱਕ ਦਿਨ ਵਿੱਚ 115.6 ਤੋਂ 204.4 ਮਿਲੀਮੀਟਰ ਮੀਂਹ ਜਾਂ ਬਰਫ਼ਬਾਰੀ ਹੋ ਸਕਦੀ ਹੈ। ਮੌਸਮ ਵਿਭਾਗ ਨੇ ਪਾਣੀ ਭਰੇ ਇਲਾਕਿਆਂ ਤੋਂ ਦੂਰ ਰਹਿਣ ਲਈ ਅਲਰਟ ਜਾਰੀ ਕੀਤਾ ਹੈ। ਇੰਨਾ ਹੀ ਨਹੀਂ ਲੋਕਾਂ ਨੂੰ ਕਮਜ਼ੋਰ ਪਹਾੜਾਂ ਤੋਂ ਦੂਰ ਰਹਿਣ ਲਈ ਵੀ ਕਿਹਾ ਗਿਆ ਹੈ। ਇਹ ਪੱਛਮੀ ਗੜਬੜ ਅਗਲੇ ਦੋ ਦਿਨ ਹੋਰ ਸਰਗਰਮ ਰਹਿਣ ਵਾਲੀ ਹੈ। ਇਨ੍ਹਾਂ ਦਿਨਾਂ ‘ਚ ਹਿਮਾਚਲ ‘ਚ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪੰਜਾਬ ਅਤੇ ਹਰਿਆਣਾ ਦੇ ਕੁਝ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।