ਧਾਰੋਵਾਲੀ (ਗੁਰਦਾਸਪੁਰ) : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਐਲਾਨ ਕੀਤਾ ਹੈ ਕਿ ਕਰਤਾਰਪੁਰ ਲਾਂਘਾ ਮੁੜ ਖੁੱਲ੍ਹਣ ਤੋਂ ਬਾਅਦ ਪਹਿਲੇ ਵਫ਼ਦ ਦੇ ਤੌਰ ‘ਤੇ ਸਮੁੱਚੀ ਪੰਜਾਬ ਕੈਬਨਿਟ 18 ਨਵੰਬਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਵੇਗੀ।
ਅੱਜ ਇੱਥੇ ਪੰਜਾਬ ਦੇ ਸਾਬਕਾ ਮੰਤਰੀ ਅਤੇ ਕਾਂਗਰਸ ਦੇ ਉੱਘੇ ਆਗੂ ਸਰਦਾਰ ਸੰਤੋਖ ਸਿੰਘ ਰੰਧਾਵਾ ਦੀ ਬਰਸੀ ਮੌਕੇ ਹੋਏ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਪ੍ਰਧਾਨ ਮੰਤਰੀ ਅਤੇ ਕੇਂਦਰੀ ਗ੍ਰਹਿ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ।
ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਨ੍ਹਾਂ ਨੇ ਲਾਂਘੇ ਨੂੰ ਮੁੜ ਖੋਲ੍ਹਣ ਦਾ ਮੁੱਦਾ ਪ੍ਰਧਾਨ ਮੰਤਰੀ ਅਤੇ ਕੇਂਦਰੀ ਗ੍ਰਹਿ ਮੰਤਰੀ ਕੋਲ ਨਿੱਜੀ ਤੌਰ ‘ਤੇ ਉਠਾਇਆ ਸੀ। ਉਨ੍ਹਾਂ ਕਿਹਾ ਕਿ ਇਹ ਸਮੁੱਚੇ ਪੰਜਾਬੀ ਭਾਈਚਾਰੇ ਅਤੇ ਖਾਸ ਤੌਰ ‘ਤੇ ਸਿੱਖ ਭਰਾਵਾਂ ਲਈ ਖੁਸ਼ੀ ਦਾ ਮੌਕਾ ਹੈ ਅਤੇ 18 ਨਵੰਬਰ ਨੂੰ ਸਮੁੱਚੀ ਪੰਜਾਬ ਕੈਬਨਿਟ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਮੱਥਾ ਟੇਕਿਆ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਪ੍ਰਗਤੀ ਦੇ ਰਾਹ ‘ਤੇ ਹੈ ਅਤੇ ਸੂਬੇ ਵਿੱਚ ਜਵਾਬਦੇਹ ਅਤੇ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਕ੍ਰਾਂਤੀਕਾਰੀ ਬਦਲਾਅ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਲੋਕ ਪੱਖੀ ਅਤੇ ਵਿਕਾਸ ਪੱਖੀ ਨੀਤੀਆਂ ਬਣਾ ਕੇ ਲੋਕਾਂ ਦੀ ਭਲਾਈ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪਹਿਲਾਂ ਹੀ ਕਈ ਪਹਿਲਕਦਮੀਆਂ ਕੀਤੀਆਂ ਜਾ ਚੁੱਕੀਆਂ ਹਨ ਅਤੇ ਹੋਰ ਪ੍ਰਗਤੀ ਅਧੀਨ ਹਨ।
ਸਰਦਾਰ ਸੰਤੋਖ ਸਿੰਘ ਰੰਧਾਵਾ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਮਹਾਨ ਆਗੂ ਦਾ ਜੀਵਨ ਲੱਖਾਂ ਲੋਕਾਂ ਲਈ ਪ੍ਰੇਰਨਾ ਸਰੋਤ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਰਦਾਰ ਸੰਤੋਖ ਸਿੰਘ ਰੰਧਾਵਾ ਨੇ ਲੋਕਾਂ ਦੀ ਭਲਾਈ ਅਤੇ ਖੇਤਰ ਦੇ ਸਰਬਪੱਖੀ ਵਿਕਾਸ ਲਈ ਬੇਮਿਸਾਲ ਸੇਵਾਵਾਂ ਨਿਭਾਈਆਂ ਹਨ।
ਉਨ੍ਹਾਂ ਨੇ ਕੈਬਨਿਟ ਮੰਤਰੀ ਅਤੇ ਸੂਬਾ ਕਾਂਗਰਸ ਦੇ ਪ੍ਰਧਾਨ ਵਜੋਂ ਵੱਖ-ਵੱਖ ਅਹੁਦਿਆਂ ‘ਤੇ ਸੂਬੇ ਦੀ ਸੇਵਾ ਕੀਤੀ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸਰਦਾਰ ਸੰਤੋਖ ਸਿੰਘ ਰੰਧਾਵਾ ਆਪਣੇ-ਆਪ ਵਿਚ ਇਕ ਸੰਸਥਾ ਸਨ ਅਤੇ ਆਧੁਨਿਕ ਪੰਜਾਬ ਦੀ ਸਿਰਜਣਾ ਵਿਚ ਉਨ੍ਹਾਂ ਦੇ ਯੋਗਦਾਨ ਨੂੰ ਕਦੇ ਵੀ ਅੱਖੋਂ ਪਰੋਖੇ ਨਹੀਂ ਕੀਤਾ ਜਾ ਸਕਦਾ।
ਟੀਵੀ ਪੰਜਾਬ ਬਿਊਰੋ