Site icon TV Punjab | Punjabi News Channel

ਪੰਜਾਬ ਤੇ ਹਰਿਆਣਾ ਦੇ ਇਲਾਕਿਆਂ ‘ਚ ਮੀਂਹ ਦੀ ਭਵਿੱਖਬਾਣੀ, ਸੁੱਕੀ ਠੰਢ ਤੋਂ ਮਿਲੇਗੀ ਰਾਹਤ

ਡੈਸਕ- ਕੜਾਕੇ ਦੀ ਠੰਢ ਦੇ ਵਿਚਕਾਰ ਦੋ ਨਵੀਆਂ ਪੱਛਮੀ ਗੜਬੜੀਆਂ ਦੀ ਸੰਭਾਵਨਾ ਦੇ ਕਾਰਨ ਮੌਸਮ ਵਿਗਿਆਨੀ ਮੀਂਹ ਅਤੇ ਬਰਫਬਾਰੀ ਦੀ ਭਵਿੱਖਬਾਣੀ ਕਰ ਰਹੇ ਹਨ। ਦੂਜੀ ਪੱਛਮੀ ਗੜਬੜ 31 ਜਨਵਰੀ ਤੋਂ ਪੱਛਮੀ ਹਿਮਾਲੀਅਨ ਖੇਤਰ ਅਤੇ ਉੱਤਰ ਪੱਛਮੀ ਭਾਰਤ ਦੇ ਨਾਲ ਲੱਗਦੇ ਮੈਦਾਨੀ ਇਲਾਕਿਆਂ ਨੂੰ ਪ੍ਰਭਾਵਿਤ ਕਰ ਸਕਦੀ ਹੈ।

ਇੱਧਰ, ਪੰਜਾਬ, ਹਰਿਆਣਾ ਸਣੇ ਉੱਤਰੀ ਭਾਰਤ ਦੇ ਲੋਕਾਂ ਨੂੰ ਕਈ ਦਿਨਾਂ ਤੋਂ ਪੈ ਰਹੀ ਸੁੱਕੀ ਠੰਢ ਤੋਂ ਰਾਹਤ ਮਿਲਣ ਵਾਲੀ ਹੈ। ਮੌਸਮ ਵਿਭਾਗ ਨੇ ਪੰਜਾਬ ਤੇ ਹਰਿਆਣਾ ਵਿਚ ਪਹਿਲੀ ਫਰਵਰੀ ਤੋਂ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਇਹ ਮੀਂਹ ਪਹਿਲੀ ਤੋਂ ਸ਼ੁਰੂ ਹੋ ਕੇ 4 ਫਰਵਰੀ ਤੱਕ ਪੈ ਸਕਦਾ ਹੈ। ਮੌਸਮ ਵਿਗਿਆਨੀਆਂ ਅਨੁਸਾਰ ਮੀਂਹ ਦੇ ਨਾਲ ਹੀ ਲੋਕਾਂ ਨੂੰ ਸੰਘਣੀ ਧੁੰਦ ਤੇ ਸੀਤ ਲਹਿਰ ਤੋਂ ਮਾਮੂਲੀ ਰਾਹਤ ਮਿਲ ਸਕਦੀ ਹੈ।

IMD ਨੇ ਆਪਣੇ ਪੂਰਵ ਅਨੁਮਾਨ ‘ਚ ਕਿਹਾ ਹੈ ਕਿ ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ, ਬਾਲਟਿਸਤਾਨ ਅਤੇ ਮੁਜ਼ੱਫਰਾਬਾਦ ਦੇ ਨਾਲ-ਨਾਲ ਹਿਮਾਚਲ ਪ੍ਰਦੇਸ਼ ਦੇ ਕੁਝ ਇਲਾਕਿਆਂ ‘ਚ ਬਰਫਬਾਰੀ ਦੀ ਸੰਭਾਵਨਾ ਹੈ। ਕੁਝ ਰਾਜਾਂ ਵਿੱਚ ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਇਸ ਦੌਰਾਨ ਆਈਐਮਡੀ ਨੇ ਕੜਾਕੇ ਦੀ ਠੰਢ ਤੋਂ ਰਾਹਤ ਦੇ ਸਬੰਧ ਵਿਚ ਆਪਣੇ ਨਵੇਂ ਅਪਡੇਟ ਵਿੱਚ ਕਿਹਾ ਹੈ ਕਿ ਦੇਸ਼ ਦੇ ਮੈਦਾਨੀ ਇਲਾਕਿਆਂ ਵਿੱਚ ਜਲਦੀ ਹੀ ਠੰਢ ਤੋਂ ਰਾਹਤ ਮਿਲ ਸਕਦੀ ਹੈ। ਘੱਟੋ-ਘੱਟ ਤਾਪਮਾਨ ਵਿੱਚ ਵਾਧਾ ਦਰਜ ਕੀਤਾ ਜਾ ਸਕਦਾ ਹੈ।

ਅਗਲੇ 3-5 ਦਿਨਾਂ ‘ਚ ਉੱਤਰ ਪੱਛਮੀ ਭਾਰਤ ਦੇ ਕਈ ਹਿੱਸਿਆਂ ‘ਚ ਘੱਟੋ-ਘੱਟ ਤਾਪਮਾਨ 2-3 ਡਿਗਰੀ ਸੈਲਸੀਅਸ ਵਧਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ ਅਤੇ ਪੂਰਬੀ ਉੱਤਰ ਪ੍ਰਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਸੀਤ ਲਹਿਰ ਦੀ ਸੰਭਾਵਨਾ ਪ੍ਰਗਟਾਈ ਹੈ।

ਅੱਜ ਦੇ ਮੌਸਮ ਦੀ ਗੱਲ ਕਰੀਏ ਤਾਂ ਸਕਾਈਮੇਟ ਵੈਦਰ ਦੀ ਰਿਪੋਰਟ ਦੇ ਅਨੁਸਾਰ ਗਿਲਗਿਤ ਬਾਲਟਿਸਤਾਨ, ਮੁਜ਼ੱਫਰਾਬਾਦ, ਲੱਦਾਖ ਅਤੇ ਜੰਮੂ ਕਸ਼ਮੀਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫਬਾਰੀ ਹੋ ਸਕਦੀ ਹੈ। ਹਿਮਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ ਅਤੇ ਉੱਤਰਾਖੰਡ ਦੇ ਉਪਰਲੇ ਖੇਤਰਾਂ ਵਿੱਚ ਹਲਕੀ ਬਾਰਿਸ਼ ਅਤੇ ਬਰਫਬਾਰੀ ਦੀ ਸੰਭਾਵਨਾ ਹੈ। ਤਾਮਿਲਨਾਡੂ, ਸਿੱਕਮ, ਅਸਾਮ ਅਤੇ ਅਰੁਣਾਚਲ ਪ੍ਰਦੇਸ਼ ਵਿੱਚ 1 ਜਾਂ 2 ਥਾਵਾਂ ‘ਤੇ ਹਲਕੀ ਤੋਂ ਬਹੁਤ ਹੀ ਹਲਕੀ ਬਾਰਿਸ਼ ਹੋ ਸਕਦੀ ਹੈ।

Exit mobile version