ਪੰਜਾਬ ਵਿੱਚ ਕੜਾਕੇ ਦੀ ਠੰਢ ਦਾ ਕਹਿਰ ਜਾਰੀ! 10 ਡਿਗਰੀ ਤੱਕ ਡਿੱਗਿਆ ਪਾਰਾ

ਡੈਸਕ- ਪੰਜਾਬ ਵਿੱਚ ਸੀਤ ਲਹਿਰ ਅਤੇ ਸੰਘਣੀ ਧੁੰਦ ਦਾ ਕਹਿਰ ਜਾਰੀ ਹੈ। ਕਈ ਦਿਨਾਂ ਤੋਂ ਧੁੱਪ ਨਾ ਨਿਕਲਣ ਕਾਰਨ ਸ਼ੁੱਕਰਵਾਰ ਨੂੰ ਅੰਮ੍ਰਿਤਸਰ, ਲੁਧਿਆਣਾ, ਪਟਿਆਲਾ ਅਤੇ ਬਠਿੰਡਾ ਵਿੱਚ ਦਿਨ ਦਾ ਤਾਪਮਾਨ ਆਮ ਨਾਲੋਂ 10.3 ਡਿਗਰੀ ਹੇਠਾਂ ਪਹੁੰਚ ਗਿਆ। ਸ਼ੁੱਕਰਵਾਰ ਨੂੰ ਗੁਰਦਾਸਪੁਰ ਪੰਜਾਬ ‘ਚ ਸਭ ਤੋਂ ਠੰਢਾ ਰਿਹਾ। ਇੱਥੇ ਘੱਟੋ-ਘੱਟ ਤਾਪਮਾਨ 4.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਦਿਨ ਵੇਲੇ ਬਠਿੰਡਾ ਦਾ ਤਾਪਮਾਨ ਸੂਬੇ ਵਿੱਚ ਸਭ ਤੋਂ ਘੱਟ ਰਿਹਾ। ਇੱਥੇ ਵੱਧ ਤੋਂ ਵੱਧ ਤਾਪਮਾਨ 10.6 ਡਿਗਰੀ ਰਿਹਾ, ਜੋ ਆਮ ਨਾਲੋਂ 10.3 ਡਿਗਰੀ ਘੱਟ ਸੀ, ਜਦੋਂ ਕਿ ਰਾਤ ਦਾ ਘੱਟੋ-ਘੱਟ ਤਾਪਮਾਨ 6.0 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਵਧਦੀ ਠੰਢ ਦੇ ਵਿਚਕਾਰ ਸਰਕਾਰ ਨੇ ਸੂਬੇ ਦੇ ਸਾਰੇ ਆਂਗਣਵਾੜੀ ਕੇਂਦਰਾਂ ਵਿੱਚ 14 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਆਂਗਣਵਾੜੀ ਵਰਕਰਾਂ ਨੂੰ ਛੁੱਟੀਆਂ ਦੌਰਾਨ ਤਿੰਨ ਤੋਂ ਛੇ ਸਾਲ ਦੇ ਬੱਚਿਆਂ ਦੇ ਘਰ ਰਾਸ਼ਨ ਪਹੁੰਚਾਉਣ ਦੇ ਹੁਕਮ ਦਿੱਤੇ ਗਏ ਹਨ। ਮੌਸਮ ਕੇਂਦਰ ਚੰਡੀਗੜ੍ਹ ਦੇ ਅਨੁਸਾਰ 10 ਜਨਵਰੀ ਤੱਕ ਖੇਤਰ ਵਿੱਚ ਧੁੱਪ ਨਾ ਨਿਕਲਣ ਦੀ ਸੰਭਾਵਨਾ ਹੈ, ਅਜਿਹੀ ਸਥਿਤੀ ਵਿੱਚ ਤਾਪਮਾਨ ਹੋਰ ਡਿੱਗ ਸਕਦਾ ਹੈ।

ਠੰਡ ਨੂੰ ਦੇਖਦੇ ਹੋਏ ਸਿਹਤ ਵਿਭਾਗ ਨੇ ਐਡਵਾਈਜ਼ਰੀ ਜਾਰੀ ਕੀਤੀ ਹੈ। ਇਸ ਦੇ ਅਨੁਸਾਰ, ਵਿਅਕਤੀ ਨੂੰ ਬਹੁਤ ਜ਼ਰੂਰੀ ਹੋਣ ‘ਤੇ ਹੀ ਘਰ ਤੋਂ ਬਾਹਰ ਜਾਣਾ ਚਾਹੀਦਾ ਹੈ। ਨਾਲ ਹੀ ਸੰਤੁਲਿਤ ਭੋਜਨ ਦਾ ਸੇਵਨ ਕਰੋ। ਠੰਢੀਆਂ ਲਹਿਰਾਂ ਤੋਂ ਬਚਣ ਲਈ ਤਿੰਨ ਲੇਅਰਾਂ ਵਿੱਚ ਗਰਮ ਕੱਪੜੇ ਪਾਓ। ਸਰੀਰ ‘ਚ ਪਾਣੀ ਦੀ ਕਮੀ ਨੂੰ ਦੂਰ ਕਰਨ ਲਈ ਸਮੇਂ-ਸਮੇਂ ‘ਤੇ ਕੋਸਾ ਪਾਣੀ ਪੀਂਦੇ ਰਹੋ। ਹਾਦਸਿਆਂ ਤੋਂ ਬਚਣ ਲਈ ਬੇਲੋੜੀ ਯਾਤਰਾ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ।